
ਚੰਡੀਗੜ੍ਹ, 7 ਜੂਨ (ਸਾਰਾ ਯਹਾਂ/ਮੁੱਖ ਸੰਪਾਦਕ) :ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਅੱਜ 16 ਮੈਡੀਕਲ ਅਫਸਰਾਂ (ਮਾਹਰ) ਨੂੰ ਨਿਯੁਕਤੀ ਪੱਤਰ ਸੌਂਪੇ ।
ਇਸ ਮੌਕੇ ਸ. ਸਿੱਧੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਸਿਹਤ ਵਿਭਾਗ, ਪੰਜਾਬ ਨੇ ਸਾਲ 2017 ਤੋਂ 2021 ਵਿਚ 11200 ਤੋਂ ਵੱਧ ਅਸਾਮੀਆਂ ਲਈ ਭਰਤੀ ਕੀਤੀ ਹੈ, ਡਾਇਰੈਕਟਰ ਹੈਲਥ ਸਰਵਿਸਿਜ਼ ਨੇ 1041 ਮੈਡੀਕਲ ਅਫ਼ਸਰ (ਜਨਰਲ), 601 ਮੈਡੀਕਲ ਅਫ਼ਸਰ (ਸਪੈਸ਼ਲਿਸਟ), 34 ਮੈਡੀਕਲ ਅਫ਼ਸਰ (ਡੈਂਟਲ), 324 ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ, 1336 ਮਲਟੀਪਰਪਜ਼ ਹੈਲਥ ਵਰਕਰ, 418 ਫਾਰਮਾਸਿਸਟ, 1313 ਸਟਾਫ ਨਰਸਾਂ,

161 ਰੇਡੀਓਗ੍ਰਾਫ਼ਰ, 08 ਈਸੀਜੀ ਟੈਕਨੀਸ਼ੀਅਨ, 55 ਆਪ੍ਰੇਸ਼ਨ ਥੀਏਟਰ ਸਹਾਇਕ ਅਤੇ 60 ਸਟੈਨੋ ਟਾਈਪਿਸਟ ਆਦਿ ਦੀ ਭਰਤੀ ਕੀਤੀ। ਉਹਨਾਂ ਕਿਹਾ ਕਿ ਡੀਐਚਐਸ ਵਿਚ ਜਲਦ ਹੀ ਹੋਰ ਭਰਤੀ ਕੀਤੀ ਜਾਵੇਗੀ ਜਦੋਂ ਕਿ ਸਰਕਾਰ ਵਿਚ ਮਾਹਿਰਾਂ ਦੀ ਘਾਟ ਨੂੰ ਦੂਰ ਕਰਨ ਲਈ 242 ਮਾਹਰ ਡਾਕਟਰਾਂ ਦੀ ਇੰਟਰਵਿਊ ਪ੍ਰਗਤੀ ਅਧੀਨ ਹੈ।
ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਨਿਯੁਕਤੀਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਯੋਗਤਾ ਦੇ ਅਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ।
ਨੈਸ਼ਨਲ ਹੈਲਥ ਮਿਸ਼ਨ ਵਿਚ ਹੋਈ ਭਰਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 4 ਸਾਲਾਂ ਦੌਰਾਨ 5212 ਮੈਡੀਕਲ ਅਤੇ ਪੈਰਾ ਮੈਡੀਕਲ ਭਰਤੀ ਕੀਤੇ ਗਏ। ਹਾਲਾਂਕਿ ਲਗਭਗ 1200 ਹੋਰ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਵਿਚੋਂ ਵਿਭਾਗ ਨੇ 287 ਹੋਰ ਸਪੈਸ਼ਲਿਸਟ ਡਾਕਟਰਾਂ ਨੂੰ ਭਰਤੀ ਸੰਬੰਧੀ ਵਾਕ-ਇਨ ਇੰਟਰਵਿਊ ਲਈ ਵੀ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ।

ਇਸ ਭਰਤੀ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਨੇ ਭਰਤੀ ਮੁਹਿੰਮ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਹੈ।
ਸ. ਸਿੱਧੂ ਨੇ ਸਿਹਤ ਵਿਭਾਗ ਵਿੱਚ ਨਵ-ਨਿਯੁਕਤਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸੂਬੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਉਤਸ਼ਾਹਤ ਕੀਤਾ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਦਾ ਅਮਲਾ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਅ ਰਿਹਾ ਹੈ ਅਤੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ।
ਸਿਹਤ ਮੰਤਰੀ ਨੇ ਨਵੇਂ ਨਿਯੁਕਤ ਡਾਕਟਰਾਂ ਨੂੰ ਇਸ ਮਹਾਂਮਾਰੀ ਦੇ ਯੁੱਗ ਵਿੱਚ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਕੋਲ ਪੰਜਾਬ ਦੀਆਂ ਜਨਤਕ ਸਿਹਤ ਸੰਸਥਾਵਾਂ ਵਿੱਚ ਆਪਣੇ ਫਰਜ਼ਾਂ ਨੂੰ ਕੁਸ਼ਲਤਾ ਨਾਲ ਨਿਭਾਉਣ ਅਤੇ ਇਸ ਮਹਾਂਮਾਰੀ ਨੂੰ ਖਤਮ ਕਰਨ ਵਿੱਚ ਯੋਗਦਾਨ ਪਾ ਕੇ ਦੇਸ਼ ਦੀ ਸੇਵਾ ਕਰਨ ਦਾ ਮੌਕਾ ਹੈ।——————-
