ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਵੱਡੀ ਰਾਹਤ, ਇਨ੍ਹਾਂ ਅਹਿਮ ਫੈਸਲਿਆਂ ‘ਤੇ ਮੋਹਰ

0
94

ਚੰਡੀਗੜ੍ਹ 18 ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਪੰਜਾਬ ਸਰਕਾਰ ਨੇ ਠੇਕਾ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ। ਵੀਰਾਵਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਕੈਪਟਨ ਸਰਕਾਰ ਨੇ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਵੱਖ-ਵੱਖ ਸ਼੍ਰੇਣੀਆਂ ਦੇ ਮੁਲਾਜ਼ਮਾਂ ਨੂੰ ਸਿੱਧੀ ਭਰਤੀ ਦੀਆਂ ਅਸਾਮੀਆਂ ਵਿਰੁੱਧ ਅਪਲਾਈ ਕਰਨ ਲਈ ਉਪਰਲੀ ਉਮਰ ਹੱਦ ਵਿੱਚ ਛੋਟ ਦੇ ਦਿੱਤੀ ਹੈ। ਪੰਜਾਬ ਸਿਵਲ ਸੇਵਾਵਾਂ (ਆਮ ਤੇ ਸਾਂਝੀਆਂ ਸੇਵਾ ਸ਼ਰਤਾਂ) ਨਿਯਮ-1994 ਦੇ ਨਿਯਮ 19 ਤਹਿਤ ਇਨ੍ਹਾਂ ਦੇ ਨਿਯਮ 5 ਤੇ 5-ਏ ਵਿੱਚ ਛੋਟ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

ਕੈਬਨਿਟ ਮੀਟਿੰਗ ’ਚ ਅੰਮ੍ਰਿਤਸਰ ਤੇ ਪਟਿਆਲਾ ਦੇ ਸਰਕਾਰੀ ਮੈਡੀਕਲ, ਡੈਂਟਲ ਤੇ ਨਰਸਿੰਗ ਕਾਲਜਾਂ ਦੇ ਕੰਮਕਾਜ ਨੂੰ ਹੋਰ ਵਧੇਰੇ ਕੁਸ਼ਲ ਬਣਾਉਣ ਲਈ ਮੌਜੂਦਾ ਸੇਵਾ ਨਿਯਮਾਂ ਵਿੱਚ ਸੋਧ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਪੰਜਾਬ ਮੈਡੀਕਲ ਸਿੱਖਿਆ (ਗਰੁੱਪ-ਏ) ਸੇਵਾ ਨਿਯਮ-2016 ਵਿੱਚ ਪੰਜਾਬ ਮੈਡੀਕਲ ਸਿੱਖਿਆ (ਗਰੁੱਪ-ਏ) ਸੇਵਾ (ਦੂਜੀ ਸੋਧ) ਨਿਯਮ-2020, ਪੰਜਾਬ ਡੈਂਟਲ ਸਿੱਖਿਆ (ਗਰੁੱਪ-ਏ) ਸੇਵਾ ਨਿਯਮ-2016 ਵਿੱਚ ਪੰਜਾਬ ਡੈਂਟਲ ਸਿੱਖਿਆ (ਗਰੁੱਪ-ਏ) ਸੇਵਾ (ਦੂਜੀ ਸੋਧ) ਨਿਯਮ-2020, ਪੰਜਾਬ ਨਰਸਿੰਗ ਸਿੱਖਿਆ (ਗਰੁੱਪ-ਏ) ਸੇਵਾ ਨਿਯਮ-2016 ਵਿੱਚ ਪੰਜਾਬ ਨਰਸਿੰਗ ਸਿੱਖਿਆ (ਗਰੁੱਪ-ਏ) ਸੇਵਾ (ਪਹਿਲੀ ਸੋਧ) ਨਿਯਮ-2020 ਵਿੱਚ ਸੋਧ ਲਈ ਹਰੀ ਝੰਡੀ ਦੇ ਦਿੱਤੀ ਹੈ।

ਮੰਤਰੀ ਮੰਡਲ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਇੰਜਨੀਅਰਿੰਗ ਵਿੰਗ ਵਿੱਚ ਜੂਨੀਅਰ ਇੰਜਨੀਅਰਾਂ ਦੀਆਂ 81 ਅਸਾਮੀਆਂ ਦੀ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਤੋਂ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਸੇ ਤਰ੍ਹਾਂ ਪੰਚਾਇਤ ਸਮਿਤੀਆਂ ਵਿੱਚ ਕੰਮ ਕਰ ਰਹੇ ਟੈਕਸ ਕੁਲੈਕਟਰਾਂ ਦੇ ਤਨਖਾਹ ਸਕੇਲ ਸੋਧਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਮੰਤਰੀ ਮੰਡਲ ਨੇ ਜੀਐਸਡੀਪੀ ਦਾ ਦੋ ਫੀਸਦੀ ਵਾਧੂ ਉਧਾਰ ਲੈਣ ਲਈ ਕੇਂਦਰ ਸਰਕਾਰ ਵੱਲੋਂ ਲਾਈਆਂ ਸ਼ਰਤਾਂ ਵਿੱਚੋਂ ਇਕ ਸ਼ਰਤ ਨੂੰ ਪੂਰਾ ਕਰਨ ਲਈ ਪੰਜਾਬ ਕੰਟਰੈਕਟ ਲੇਬਰ (ਰੈਗੂਲੇਸ਼ਨ ਐਂਡ ਅਬੌਲਿਸ਼ਨ) ਰੂਲਜ਼, 1973 ਦੇ ਨਿਯਮ 29 ਵਿੱਚ ਸੋਧ ਕਰਨ ਤੇ ਨਵਾਂ ਨਿਯਮ 78-ਏ ਸ਼ਾਮਲ ਕਰਨ ਦੀ ਮਨਜ਼ੂਰੀ ਦੇ ਦਿੱਤੀ।

NO COMMENTS