
ਚੰਡੀਗੜ੍ਹ, 3 ਜੂਨ (ਸਾਰਾ ਯਹਾ / ਬਲਜੀਤ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਮਾਰਕਫੈਡ ਅਤੇ ਸਹਿਕਾਰੀ ਮਾਰਕਟਿੰਗ ਸੁਸਾਇਟੀਆਂ ਦੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਸਹਿਕਾਰਤਾ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ 11 ਮੈਂਬਰੀ ਬੋਰਡ ਦਾ ਗਠਨ ਕੀਤਾ ਗਿਆ ਹੈ। ਇਸ ਬੋਰਡ ਵਿੱਚ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਦੇ ਉਚ ਅਧਿਕਾਰੀ ਸ਼ਾਮਲ ਕੀਤੇ ਗਏ ਹਨ।
ਸਹਿਕਾਰਤਾ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਬੋਰਡ ਦੇ ਗਠਨ ਸਬੰਧੀ ਵਧੀਕ ਮੁੱਖ ਸਕੱਤਰ ਸਹਿਕਾਰਤਾ ਸ੍ਰੀਮਤੀ ਕਲਪਨਾ ਮਿੱਤਲ ਬਰੂਹਾ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ 11 ਮੈਂਬਰੀ ਬੋਰਡ ਦੇ ਚੇਅਰਮੈਨ ਸਹਿਕਾਰਤਾ ਮੰਤਰੀ ਹੋਣਗੇ ਅਤੇ ਵਧੀਕ ਮੁੱਖ ਸਕੱਤਰ ਸਹਿਕਾਰਤਾ, ਪ੍ਰਮੁੱਖ ਸਕੱਤਰ ਜੇਲ੍ਹਾਂ, ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ, ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਪ੍ਰਮੁੱਖ ਸਕੱਤਰ/ਸਕੱਤਰ ਸਕੂਲ ਸਿੱਖਿਆ, ਮਾਰਕਫੈਡ ਦੇ ਐਮ.ਡੀ. ਅਤੇ ਸੂਬੇ ਦੀਆਂ ਸਹਿਕਾਰੀ ਸੁਸਾਇਟੀਆਂ ਦੇ ਦੋ ਨੁਮਾਇੰਦੇ ਇਸ ਬੋਰਡ ਦੇ ਮੈਂਬਰ ਹੋਣਗੇ। ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਬੋਰਡ ਦੇ ਕਨਵੀਨਰ ਮੈਂਬਰ ਹੋਣਗੇ।
