02,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼): ਇਸ ਸਾਲ ਦੇ ਪਹਿਲੇ ਦੋ ਮਹੀਨਿਆਂ ਦੌਰਾਨ ਕਈ ਸੂਬਿਆਂ ਵਿੱਚ ਰਿਕਾਰਡ ਤੋੜ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ ਮਾਰਚ ਦੇ ਪਹਿਲੇ ਹਫ਼ਤੇ ‘ਚ ਹੀ ਕਈ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਅੱਜ ਅਤੇ ਕੱਲ੍ਹ ਦਿੱਲੀ , ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਰਾਜਸਥਾਨ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਅਤੇ ਕੱਲ੍ਹ ਪੱਛਮੀ ਰਾਜਸਥਾਨ ਵਿੱਚ ਅਤੇ ਪੂਰਬੀ ਰਾਜਸਥਾਨ ਵਿੱਚ ਮੀਂਹ ਪਵੇਗਾ।
ਭਾਰਤੀ ਮੌਸਮ ਵਿਭਾਗ ਮੁਤਾਬਕ ਇਹ ਬਦਲਾਅ ਨਵੇਂ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ‘ਚ ਹੋ ਰਿਹਾ ਹੈ। ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ‘ਚ ਅੱਜ ਅਤੇ ਕੱਲ੍ਹ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਭਲਕੇ ਉੱਤਰਾਖੰਡ ‘ਚ ਮੀਂਹ ਪੈ ਸਕਦਾ ਹੈ।
ਇਸ ਦੌਰਾਨ ਇਨ੍ਹਾਂ ਸੂਬਿਆਂ ਵਿੱਚ ਹਵਾ ਦੀ ਰਫ਼ਤਾਰ 25 ਤੋਂ 35 ਕਿਲੋਮੀਟਰ ਪ੍ਰਤੀ ਘੰਟੇ ਤੱਕ ਪਹੁੰਚਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਤਾਮਿਲਨਾਡੂ-ਪੁਡੂਚੇਰੀ-ਕਰਾਈਕਲ ਵਿੱਚ 3 ਅਤੇ 4 ਮਾਰਚ ਨੂੰ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ।
4 ਮਾਰਚ ਨੂੰ ਰਾਇਲਸੀਮਾ ‘ਚ ਭਾਰੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ, ਮਹਾਰਾਸ਼ਟਰ ਅਤੇ ਗੁਜਰਾਤ ‘ਚ ਮੌਸਮ ਖੁਸ਼ਕ ਰਹੇਗਾ।
5 ਮਾਰਚ ਨੂੰ ਸਰਗਰਮ ਹੋਵੇਗੀ ਇੱਕ ਹੋਰ ਪੱਛਮੀ ਗੜਬੜੀ
ਇਸ ਦੌਰਾਨ ਦੱਖਣ-ਪੂਰਬੀ ਬੰਗਾਲ ਦੀ ਖਾੜੀ ਅਤੇ ਦੱਖਣੀ ਅੰਡੇਮਾਨ ਸਾਗਰ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣ ਗਿਆ ਹੈ, ਜਿਸ ਕਾਰਨ ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਦੱਖਣੀ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲ ਸਕਦੀ ਹੈ। ਇਸ ਦੇ ਨਾਲ ਹੀ ਇੱਕ ਹੋਰ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ 5 ਤੋਂ 8 ਮਾਰਚ ਦੌਰਾਨ ਉੱਤਰੀ ਭਾਰਤ ‘ਚ ਬਾਰਿਸ਼ ਹੋਵੇਗੀ।