*ਫਗਵਾੜਾ ਦੀ ਨਵੀਂ ਅਨਾਜ ਮੰਡੀ ‘ਚ ਝੋਨੇ ਦੀ ਖਰੀਦ ਦਾ ਕੰਮ ਹੋਇਆ ਸ਼ੁਰੂ*

0
7

ਫਗਵਾੜਾ 9 ਅਕਤੂਬਰ (ਸਾਰਾ ਯਹਾਂ/ਸ਼ਿਵ ਕੋੜਾ) ਬੀਤੇ ਦਿਨ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਦੀ ਹਾਜਰੀ ‘ਚ ਸਰਕਾਰ ਅਤੇ ਆੜ੍ਹਤੀਆਂ ਵਿਚ ਹੋਏ ਆਪਸੀ ਸਮਝੌਤੇ ਤੋਂ ਬਾਅਦ ਅੱਜ ਫਗਵਾੜਾ ਦੀ ਹੁਸ਼ਿਆਰਪੁਰ ਰੋਡ ਸਥਿਤ ਮੁੱਖ ਅਨਾਜ ਮੰਡੀ ’ਚ ਝੋਨੇ ਦੀ ਖਰੀਦ ਦਾ ਕੰਮ ਐਸ.ਡੀ.ਐਮ. ਫਗਵਾੜਾ ਜਸ਼ਨਜੀਤ ਸਿੰਘ ਵਲੋਂ ਸ਼ੁਰੂ ਕਰਵਾਇਆ ਗਿਆ। ਇਸ ਦੌਰਾਨ ਮਾਰਕੀਟ ਕਮੇਟੀ ਫਗਵਾੜਾ ਦੇ ਚੇਅਰਮੈਨ ਤਵਿੰਦਰ ਰਾਮ ਵਿਸ਼ੇਸ਼ ਤੌਰ ਤੇ ਮੋਜੂਦ ਰਹੇ। ਉਹਨਾਂ ਨੇ ਐਸ.ਡੀ.ਐਮ. ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਤੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਫਸਲ ਦੀ ਖਰੀਦ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਲੋੜ ਅਨੁਸਾਰ ਬਾਰਦਾਨੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਕਿਸਾਨਾਂ ਅਤੇ ਮੰਡੀ ਮਜ਼ਦੂਰਾਂ ਦੀ ਸਹੂਲਤ ਲਈ ਵੀ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਇਹ ਭਰੋਸਾ ਵੀ ਦਿੱਤਾ ਕਿ ਫਸਲ ਦੀ ਕੀਮਤ ਸਮੇਂ ਸਿਰ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਹੋਣਾ ਯਕੀਨੀ ਬਣਾਇਆ ਜਾਵੇਗਾ। ਉਹਨਾਂ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਸਰਕਾਰੀ ਮਿਆਰ ਤੋਂ ਵੱਧ ਨਮੀ ਵਾਲੀ ਫ਼ਸਲ ਨੂੰ ਮੰਡੀ ਵਿੱਚ ਨਾ ਲਿਆਂਦਾ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੀ ਖੱਜਲ ਖੁਆਰੀ ਤੋਂ ਬਚਿਆ ਜਾ ਸਕੇ। ਉਹਨਾਂ ਝੋਨੇ ਦੇ ਇੱਕ-ਇੱਕ ਦਾਨੇ ਦੀ ਖਰੀਦ ਯਕੀਨੀ ਬਨਾਉਣ ਦਾ ਭਰੋਸਾ ਵੀ ਦਿੱਤਾ। ਇਸ ਦੇ ਨਾਲ ਹੀ ਕਿਹਾ ਕਿ ਜੇਕਰ ਕਿਸੇ ਕਿਸਾਨ ਜਾਂ ਵਪਾਰੀ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਨਿੱਜੀ ਤੌਰ ’ਤੇ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ ਤਾਂ ਜੋ ਹਰ ਸਮੱਸਿਆ ਨੂੰ ਸਮੇਂ ਸਿਰ ਹੱਲ ਕੀਤਾ ਜਾ ਸਕੇ। ਇਸ ਮੌਕੇ ਮਾਰਕਿਟ ਕਮੇਟੀ ਸਕੱਤਰ ਗੁਰਮੀਤ ਸਿੰਘ, ਪਰਮ ਪ੍ਰਕਾਸ਼ ਇੰਸਪੈਕਟਰ, ਗੁਰਵਿੰਦਰ ਸਿੰਘ ਅਕਾਉਂਟੈਂਟ, ਭੁਪਿੰਦਰ ਸਿੰਘ, ਇੰਸਪੈਕਟਰ ਸ਼ਿਵਜੀਤ, ਹਰਮਨਦੀਪ ਸਿੰਘ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।

NO COMMENTS