ਮਾਨਸਾ, 02 ਦਸੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਝੋਨੇ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ/ਨਾੜ੍ਹ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿਚ ਕਿਹਾ ਗਿਆ ਕਿ ਆਮ ਤੌਰ ’ਤੇ ਵੇਖਣ ਵਿੱਚ ਆਇਆ ਹੈ ਕਿ ਕਿਸਾਨਾਂ ਵੱਲੋਂ ਝੋਨੇ ਕੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਅਤੇ ਨਾੜ੍ਹ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਵਿੱਚ ਕਿਹਾ ਕਿ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ। ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ, ਜਿਸ ਨਾਲ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ ਅਤੇ ਜਾਨੀ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਹੁੰਦਾ ਹੈ। ਸੜਕ ਦੁਆਲੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਣ ਦੇ ਨਾਲ-ਨਾਲ ਹਾਦਸਾ ਹੋਣ ਦੀ ਵੀ ਸੰਭਾਵਨਾ ਬਣੀ ਰਹਿੰਦੀ ਹੈ, ਜਿਸ ਨਾਲ ਕਿਸੇ ਸਮੇਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਵੀ ਔਖਾ ਹੋ ਸਕਦਾ ਹੈ।
ਇਹ ਹੁਕਮ 15 ਦਸੰਬਰ 2024 ਤੱਕ ਲਾਗੂ ਰਹੇਗਾ।