-ਫਸਲ ਦੀ ਨਾੜ ਨੂੰ ਅੱਗ ਲਗਾਉਣ ‘ਤੇ ਜ਼ਿਲ੍ਹੇ ਅੰਦਰ 89 ਪੁਲਿਸ ਕੇਸ ਦਰਜ : ਡਿਪਟੀ ਕਮਿਸ਼ਨਰ

0
50

ਮਾਨਸਾ, 20 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਜ਼ਿਲ੍ਹਾ ਮਾਨਸਾ ਵਿਖੇ ਕਿਸਾਨਾਂ ਵੱਲੋਂ ਕਣਕ ਦੀ ਫਸਲ ਕੱਟਣ ਤੋਂ ਬਾਅਦ ਰਹਿ ਜਾਂਦੀ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿਰੁੱਧ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੇ ਹੁਕਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਮਾਨਸਾ ਵਿਖੇ ਉਪਰੋਕਤ ਦੀ ਉਲੰਘਣਾ ਵਿੱਚ ਕੁੱਲ 89 ਪੁਲਿਸ ਕੇਸ ਦਰਜ ਕੀਤੇ ਗਏ ਹਨ, ਜਿਸ ਤਹਿਤ ਤਹਿਸੀਲ ਮਾਨਸਾ ਵਿਖੇ 50, ਬੁਢਲਾਡਾ ਵਿਖੇ 21 ਅਤੇ ਸਰਦੂਲਗੜ੍ਹ ਵਿਖੇ 18 ਪੁਲਿਸ ਕੇਸ ਦਰਜ ਕੀਤੇ ਗਏ ਹਨ।
ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਗਠਿਤ ਕੀਤੀਆਂ ਗਈਆਂ ਟੀਮਾਂ ਨੂੰ ਅੱਗ ਲਗਾਉਣ ਦੇ ਕੇਸਾਂ ਦੀ ਮੋਨੀਟਰਿੰਗ ਕਰ ਰਹੀਆਂ ਹਨ, ਜਿਨ੍ਹਾਂ ਨੂੰ ਕਿ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸੈਟੇਲਾਈਟ ਤੋਂ ਪ੍ਰਾਪਤ ਕਣਕ ਦੇ ਨਾੜ ਨੂੰ ਅੱਗ ਲੱਗਣ ਦੀਆਂ ਰੋਜ਼ਾਨਾ ਦੀਆਂ ਘਟਨਾਵਾਂ ਦੀ ਸੂਚੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਗਠਿਤ ਕੀਤੀਆਂ ਗਈਆਂ ਟੀਮਾਂ ਵੱਲੋਂ ਪੜਤਾਲ ਉਪਰੰਤ ਨਾੜ ਸਾੜਨ ਦੇ 48 ਕੇਸਾਂ ਵਿੱਚ ਕਿਸਾਨਾਂ ਨੂੰ 1 ਲੱਖ 20 ਹਜ਼ਾਰ ਰੁਪਏ ਦਾ ਜ਼ੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਿਨ੍ਹਾਂ ਇਨ੍ਹਾਂ ਉਲੰਘਣਾ ਕਰਨ ਵਾਲੇ ਕਿਸਾਨਾਂ ਦੇ ਖੇਤ ਦੀ ਜਮ੍ਹਾਬੰਦੀ ‘ਚ ਰੈੱਡ ਐਂਟਰੀ ਵੀ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਸੂਝਵਾਨ ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਰੁਝਾਨ ਵਿੱਚ ਕਮੀ ਆਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਜਿਹੇ ਕਿਸਾਨਾਂ ਦੀ ਪ੍ਰਸ਼ੰਸਾ ਕਰਦਾ ਹੈ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਇਸ ਰੁਝਾਨ ਨੂੰ ਠੱਲ ਪਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਕਿਸਾਨ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਤਾਂ ਜੋ ਵਾਤਾਵਰਣ ਨੂੰ ਦੁਸ਼ਿਤ ਹੋਣ ਅਤੇ ਮਿੱਟੀ ਵਿਚਲੇ ਖੁਰਾਕੀ ਤੱਤਾਂ ਨੂੰ ਖ਼ਤਮ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਤੋਂ ਬਿਨ੍ਹਾਂ ਇਸ ਵਾਰ ਕੋਰੋਨਾ ਦੀ ਬਿਮਾਰੀ ਹੋਣ ਕਾਰਨ, ਜੋ ਕਿ ਮੁੱਖ ਰੂਪ ਵਿੱਚ ਸਾਹ ਪ੍ਰਣਾਲੀ ਅਤੇ ਫੇਫੜਿਆਂ ਨੂੰ ਪ੍ਰਭਾਵਿਤ ਕਰਦੀ ਹੈ, ਜ਼ਰੂਰੀ ਹੋ ਜਾਂਦਾ ਹੈ ਕਿ ਮਨੁੱਖਤਾ ਦੇ ਭਲੇ ਲਈ ਕਿਸਾਨਾਂ ਨੂੰ ਨਾੜ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨਾ ਚਾਹੀਦਾ ਹੈ।  

NO COMMENTS