*ਬਗੈਰ ਕਿਸੇ ਬਹਿਸ ਖੇਤੀ ਕਾਨੂੰਨ ਰੱਦ ਕਰਨ ਵਾਲਾ ਬਿੱਲ ਪਾਸ, ਵਿਰੋਧੀ ਧਿਰਾਂ ਚਰਚਾ ਲਈ ਅੜੀਆਂ*

0
42

ਨਵੀਂ ਦਿੱਲੀ 29,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਬੜੇ ਗੁੱਪਚੁੱਪ ਤਰੀਕੇ ਨਾਲ ਵਾਪਸ ਲੈ ਰਹੀ ਹੈ। ਇਸ ਲਈ ਅੱਜ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੁੰਦੇ ਹੀ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਪੇਸ਼ ਕੀਤਾ ਤੇ ਉਸ ਨੂੰ ਬਿਨਾਂ ਬਹਿਸ ਦੇ ਪਾਸ ਕਰ ਦਿੱਤਾ। ਇਸ ਮਗਰੋਂ ਵਿਰੋਧੀ ਧਿਰਾਂ ਨੇ ਹੰਗਾਮਾ ਕੀਤਾ ਜਿਸ ਕਾਰਨ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤਕ ਮੁਅੱਤਲ ਕਰ ਦਿੱਤੀ ਗਈ।

ਖੇਤੀ ਮੰਤਰੀ ਨਰਿੰਦਰ ਤੋਮਰ ਨੇ ਸੈਸ਼ਨ ਸ਼ੁਰੂ ਹੁੰਦੇ ਹਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਪੇਸ਼ ਕੀਤਾ। ਉਸ ਨੂੰ ਬਿਨਾਂ ਬਹਿਸ ਦੇ ਪਾਸ ਕਰ ਦਿੱਤਾ ਗਿਆ ਜਿਸ ਕਾਰਨ ਕਾਂਗਰਸ ਸਣੇ ਹੋਰ ਵਿਰੋਧੀ ਧਿਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸਪੀਕਰ ਓਮ ਬਿਰਲਾ ਨੇ ਕਿਹਾ ਕਿ ਉਹ ਬਿੱਲ ’ਤੇ ਚਰਚਾ ਕਰਵਾਉਣ ਲਈ ਤਿਆਰ ਹਨ।

ਇਸ ਤੋਂ ਪਹਿਲਾਂ ਇਸ ਬਿੱਲ ਦਾ ਖਰੜਾ ਲੋਕ ਸਭਾ ਮੈਂਬਰਾਂ ਨੂੰ ਭੇਜਿਆ ਗਿਆ ਸੀ ਪਰ ਇਸ ਦੀ ਸ਼ਬਦਾਵਲੀ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਇਤਰਾਜ਼ ਜਤਾਇਆ। ਕਾਂਗਰਸ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਹੋਰਾਂ ਨੇ ਸੰਸਦ ਭਵਨ ਵਿਚ ਧਰਨਾ ਦਿੱਤਾ। ਇਸ ਕਾਰਨ ਲੋਕ ਸਭਾ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਵੀ ਮੁਅੱਤਲ ਕੀਤੀ ਗਈ।

ਸੰਸਦ ਦੇ ਅੱਜ ਸ਼ੁਰੂ ਹੋਏ ਸਰਦ ਰੁੱਤ ਸੈਸ਼ਨ ਵਿੱਚ ਵਿਰੋਧੀ ਧਿਰਾਂ ਨੇ ਖੇਤੀ ਕਾਨੂੰਨਾਂ ਨੂੰ ਇਕਦਮ ਰੱਦ ਕਰਨ ਦੀ ਥਾਂ ਇਸ ਮੁੱਦੇ ’ਤੇ ਬਹਿਸ ਕਰਵਾਉਣ ਦੀ ਮੰਗ ਕੀਤੀ। ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਕਿਹਾ ਕਿ ਮੋਦੀ ਸਰਕਾਰ ਬਿਨਾਂ ਕਿਸੇ ਬਹਿਸ ਦੇ ਸੰਸਦ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਨੂੰ ਅੱਗੇ ਵਧਾਉਣਾ ਚਾਹੁੰਦੀ ਹੈ ਜਦਕਿ 16 ਮਹੀਨੇ ਪਹਿਲਾਂ ਪਾਸ ਕੀਤਾ ਗਿਆ ਕਾਨੂੰਨ ਗੈਰ-ਜਮਹੂਰੀ ਸੀ ਤੇ ਇਸ ਨੂੰ ਰੱਦ ਕਰਨ ਦਾ ਤਰੀਕਾ ਹੋਰ ਵੀ ਜ਼ਿਆਦਾ ਗੈਰ-ਜਮਹੂਰੀ ਹੈ। ਇਸ ਕਰਕੇ ਵਿਰੋਧੀ ਧਿਰ ਇਸ ਕਾਨੂੰਨ ਨੂੰ ਰੱਦ ਕਰਨ ਤੋਂ ਪਹਿਲਾਂ ਇਸ ’ਤੇ ਉਸਾਰੂ ਚਰਚਾ ਕਰਨ ਦੀ ਮੰਗ ਕਰਦੀ ਹੈ।

NO COMMENTS