(ਸਾਰਾ ਯਹਾਂ/ਬਿਊਰੋ ਨਿਊਜ਼ ) ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਟਾਲਾ ਵਿਖੇ ਵਿਰਾਸਤੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਤਕਰੀਬਨ 1.21 ਕਰੋੜ ਰੁਪਏ ਖਰਚਣ ਦਾ ਫ਼ੈਸਲਾ ਕੀਤਾ ਗਿਆ ਹੈ। ਕੈਬਨਿਟ ਮੰਤਰੀ ਡਾ. ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਾਰਜ਼ ਕੀਤੇ ਜਾ ਰਹੇ ਹਨ।
ਮੰਤਰੀ ਨੇ ਕਿਹਾ ਕਿ ਵਿਰਾਸਤੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਨਾਲ ਸੂਬੇ ਨੂੰ ਕੂੜਾ ਮੁਕਤ ਬਣਾਉਣ ਵਿੱਚ ਸਹਾਇਤਾ ਮਿਲੇਗੀ। ਇਸ ਦੇ ਨਾਲ ਹੀ ਕੂੜੇ ਨਾਲ ਫੈਲਣ ਵਾਲੀਆਂ ਗੰਭੀਰ ਬੀਮਾਰੀਆਂ ਤੋਂ ਵੀ ਲੋਕਾਂ ਨੂੰ ਨਿਜਾਤ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਸਰਕਾਰ ਦੀ ਵੈੱਬਸਾਈਟ www. epro.punjab.gov.in ‘ਤੇ ਟੈਂਡਰ ਅਪਲੋਡ ਕਰ ਦਿੱਤਾ ਗਿਆ ਹੈ। ਜੇਕਰ ਇਸ ਟੈਂਡਰ ਵਿੱਚ ਕਿਸੇ ਕਿਸਮ ਦੀ ਸੋਧ ਲੋੜੀਂਦੀ ਹੋਵੇਗੀ ਤਾਂ ਇਸਦੀ ਸਾਰੀ ਜਾਣਕਾਰੀ ਇਸੇ ਹੀ ਵੈਬਸਾਈਟ ‘ਤੇ ਉਪਲਬਧ ਕਰਵਾਈ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਯਕੀਨੀ ਬਣਾਈ ਜਾਵੇ।