ਮਾਨਸਾ, 22 ਜੁਲਾਈ:(ਸਾਰਾ ਯਹਾਂ/ਮੁੱਖ ਸੰਪਾਦਕ)
ਬਰਸਾਤ ਦੇ ਮੌਸਮ ਦੌਰਾਨ ਡੇਂਗੂ ਮਲੇਰੀਆ ਤੋਂ ਬਚਾਅ ਸਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਡੇਂਗੂ ਮਲੇਰੀਆ ਦੀ ਰੋਕਥਾਮ ਸਬੰਧੀ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਦੇ ਮੱਦੇਨਜ਼ਰ ਡੇਂਗੂ ਮਲੇਰੀਆ ਚਿਕਨਗੁਨੀਆ ਟਾਈਫਾਇਡ ਦਸਤ ਅਤੇ ਉਲਟੀਆਂ ਆਦਿ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿੰਡ ਪੱਧਰ ’ਤੇ ਮੂਸਤੈਦੀ ਨਾਲ ਕੰਮ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਗੁਰੂ ਘਰਾਂ ਤੋਂ ਅਨਾਊਂਸਮੈਂਟ ਕਰਵਾ ਕੇ ਲੋਕਾਂ ਨੂੰ ਡੇਂਗੂ ਮਲੇਰੀਆ ਤੋਂ ਬਚਾਅ ਸਬੰਧੀ ਜ਼ਰੂਰੀ ਅਹਿਤਿਆਤ ਵਰਤਣ ਸਬੰਧੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੱਛਰ ਦੀ ਪੈਦਾਵਾਰ ਨੂੰ ਰੋਕਣ ਲਈ ਨਿਰੰਤਰ ਫੌਗਿੰਗ ਕਰਵਾਈ ਜਾਵੇ।
ਇਸ ਮੌਕੇ ਸਿਵਲ ਸਰਜਨ ਡਾ. ਹਰਦੇਵ ਸਿੰਘ ਐਮ.ਐਸ.ਆਰਥੋ ਨੇ ਫੀਲਡ ਦੇ ਸਮੂਹ ਸਿਹਤ ਕਰਮਚਾਰੀਆਂ ਨੂੰ ਹੈਜਾ, ਟਾਇਫਾਇਡ, ਉਲਟੀਆਂ, ਡੇਂਗੂ, ਮਲੇਰੀਏ ਅਤੇ ਦਸਤ ਰੋਗ ਨਾਲ ਸਬੰਧਤ ਮਰੀਜ਼ਾਂ ਦੀ ਪਹਿਚਾਣ ਕਰਨ ਅਤੇ ਸਿਹਤ ਵਰਕਰ ਨੂੰ ਆਪਣੇ ਆਪਣੇ ਏਰੀਏ ਵਿੱਚ ਡਿਊਟੀ ਦੌਰਾਨ ਹਰ ਸਮੇਂ ਫੀਲਡ ’ਚ ਹੀ ਰਹਿਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਿਸ ਏਰੀਏ ਵਿੱਚ ਕੋਈ ਕੇਸ ਸ਼ੱਕੀ ਕੇਸ ਨਜ਼ਰ ਆਉਂਦਾ ਹੈ ਤਾਂ ਉਨ੍ਹਾਂ ਇਲਾਕਿਆਂ ਵਿੱਚ ਮੁਸਤੈਦੀ ਨਾਲ ਕੰਮ ਕੀਤਾ ਜਾਵੇ। ਸਿਹਤ ਸੁਪਰਵਾਈਜ਼ਰਾਂ ਅਤੇ ਮਲਟੀ ਪਰਪਜ਼ ਹੈਲਥ ਵਰਕਰਜ਼ ਨੂੰ ਆਪਣੇ ਆਪਣੇ ਏਰੀਏ ਵਿੱਚ ਸਮੇਂ-ਸਮੇਂ ’ਤੇ ਪਾਣੀ ਦੀਆਂ ਟੈਂਕੀਆਂ ਦੀ ਸਾਫ ਸਫਾਈ ਅਤੇ ਪਾਣੀ ਨੂੰ ਕਲੋਰੀਨੇਟ ਕਰਨਾ ਯਕੀਨੀ ਬਣਾਉਣ ਲਈ ਕਿਹਾ ਗਿਆ ਤਾਂ ਜੋ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਜਾਗਰੂਕ ਕੀਤਾ ਜਾਵੇ ਕਿ ਪੀਣ ਲਈ ਸਾਫ਼ ਪਾਣੀ ਦੀ ਹੀ ਵਰਤੋਂ ਕੀਤੀ ਜਾਵੇ ਅਤੇ ਆਲੇ-ਦੁਆਲੇ ਦੀ ਸਾਫ਼ ਸਫਾਈ ’ਤੇ ਜ਼ੋਰ ਦਿੱਤਾ ਜਾਵੇ , ਜਿਲ੍ਹੇ ਦੇ ਸਾਰੇ ਸਕੂਲਾਂ ਦੀਆਂ ਟੈਂਕੀਆਂ ਨੂੰ ਸਮੇਂ-ਸਮੇਂ ’ਤੇ ਸਾਫ ਤੇ ਕਲੋਰੀਨੇਟ ਕਰਾਇਆ ਜਾਵੇ ਅਤੇ ਕਿਸੇ ਦੇ ਵੀ ਬਿਮਾਰ ਹੋਣ ਦੀ ਸੂਰਤ ਵਿੱਚ ਤੁਰੰਤ ਨੇੜੇ ਦੇ ਆਮ ਆਦਮੀ ਕਲੀਨਿਕ ਜਾਂ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਮਲਿਕਾ, ਪ੍ਰਧਾਨ ਆਈ.ਐਮ.ਏ. ਡਾ. ਜਨਕ ਰਾਜ, ਮਾਸ ਮੀਡੀਆ ਅਫ਼ਸਰ ਵਿਜੈ ਕੁਮਾਰ ਜੈਨ, ਦਰਸ਼ਨ ਸਿੰਘ ਉਪ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।