ਮਾਨਸਾ, 1 ਦਸੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਪੰਜਾਬ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੀ ਹਿਤੈਸ਼ੀ ਰਹੀ ਹੈ ਅਤੇ ਖੇਤੀਬਾੜੀ ਨੂੰ ਪ੍ਰਫੂਲਿਤ ਕਰਨ ਲਈ ਹਰ ਸੰਭਵ ਉਪਰਾਲੇ ਕਰਨ ਲਈ ਪੱਬਾਂ ਭਾਰ ਅਤੇ ਵਚਨਬੱਧ ਹੈ। ਇਸੇ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖੇਤੀਬਾੜੀ ਕਿੱਤੇ ਨੂੰ ਪ੍ਰਫੂਲਿਤ ਕਰਨ ਹਿੱਤ ਲੋੜੀਂਦਾ ਨਹਿਰੀ ਪਾਣੀ ਹਰੇਕ ਖੇਤ ਵਿੱਚ ਪਹੁੰਚਦਾ ਕਰਨ ਲਈ ਜ਼ਮੀਨਦੋਜ਼ ਪਾਈਪਾਂ ਪਾਈਆਂ ਗਈਆਂ ਹਨ।
ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖਣਨ ਤੇ ਭੂ-ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਕਿਸ਼ਨਗੜ੍ਹ ਵਿਖੇ ਜ਼ਮੀਨਦੋਜ਼ ਪਾਈਪਲਾਈਨ ਦੇ ਕੰਮਾਂ ਦਾ ਉਦਘਾਟਨ ਕਰਦਿਆਂ ਕੀਤਾ।
ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਅੱਜ ਕਰੀਬ 1.54 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਪ੍ਰਾਜੈਕਟ ਮਾਨਸਾ ਅਧੀਨ ਕਿਸ਼ਨਗੜ੍ਹ ਦੇ ਪੁਰਾਣੇ ਖ਼ਸਤਾ ਹਾਲ ਹੋ ਚੁੱਕੇ ਖਾਲ ਅਤੇ ਕੱਚੇ ਖਾਲਾਂ ਨੂੰ ਮੁੜ ਪੱਕਾ ਕਰਨ ਲਈ ਜ਼ਮੀਨਦੋਜ਼ ਪਾਈਪਲਾਈਨ ਨਾਲ ਲਾਈਨਿੰਗ ਦਾ ਕੰਮ ਕੀਤਾ ਗਿਆ ਹੈ। ਇਨ੍ਹਾਂ ਕੰਮਾਂ ਨਾਲ 2200 ਤੋਂ ਵਧ ਏਕੜ ਰਕਬੇ ਨੂੰ ਸਿੰਚਾਈ ਸਹੂਲਤਾਂ ਮਿਲਣਗੀਆਂ।
ਉਨ੍ਹਾਂ ਦੱਸਿਆ ਕਿ ਨਹਿਰੀ ਪਾਣੀ ਪ੍ਰਾਪਤ ਹੋਣ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ ਅਤੇ ਇਸ ਨਾਲ ਹੀ ਬਿਜਲੀ ਦੀ ਬੱਚਤ ਹੋਵੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਦੇ ਨਾਲ ਹੀ ਨਹਿਰੀ ਪਾਣੀ ਮਿਲਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਫ਼ਸਲਾਂ ਦੇ ਉਤਪਾਦਨ ਵਿੱਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ।
ਇਸ ਮੌਕੇ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਨੇ ਦੱਸਿਆ ਕਿ ਅੱਜ ਦੇ ਉਦਘਾਟਨ ਤਹਿਤ ਕਿਸ਼ਨਗੜ੍ਹ ਦੇ 6 ਮੋਘਿਆਂ ਦਾ ਕੰਮ ਕਰਵਾਇਆ ਗਿਆ ਜਿਸ ਨਾਲ ਕਿਸਾਨਾਂ ਦੀ ਜ਼ਮੀਨ ਨੂੰ ਨਹਿਰੀ ਪਾਣੀ ਸਹੀ ਮਾਤਰਾ ਵਿੱਚ ਮਿਲਣ ਨਾਲ ਕਾਫ਼ੀ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਪਿੰਡਾਂ ਵਿੱਚ ਸਿੰਚਾਈ ਲਈ ਨਹਿਰੀ ਪਾਣੀ ਪਹਿਲਾਂ ਖਾਲਾਂ ਰਾਹੀਂ ਸਪਲਾਈ ਹੁੰਦਾ ਸੀ ਅਤੇ ਖਾਲ ਟੁੱਟਣ ਕਾਰਨ ਪਾਣੀ ਵਿਅਰਥ ਚਲਾ ਜਾਂਦਾ ਸੀ। ਇਸ ਪਾਣੀ ਨੂੰ ਵਰਤੋਂਯੋਗ ਬਣਾਉਣ ਲਈ ਹੀ ਪੰਜਾਬ ਸਰਕਾਰ ਵੱਲੋਂ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਐਸ.ਡੀ.ਐਮ. ਸ਼੍ਰੀ ਕਾਲਾ ਰਾਮ ਕਾਂਸਲ ਅਤੇ ਐਕਸੀਅਨ ਸ਼੍ਰੀ ਗੁਣਦੀਪ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਕਰਮਚਾਰੀ ਅਤੇ ਮੋਹਤਬਰ ਸਖ਼ਸ਼ੀਅਤਾਂ ਮੌਜੂਦ ਸਨ।