ਚੰਡੀਗੜ੍ਹ, 15 ਫਰਵਰੀ:(ਸਾਰਾ ਯਹਾਂ/ਬਿਊਰੋ ਨਿਊਜ਼)
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ” ਨੂੰ ਸਥਾਪਤ ਕਰਨ ਲਈ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਤੁਰੰਤ ਰੂਪ ਰੇਖਾ ਉਲੀਕਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਅਧਿਐਨ ਸੈਂਟਰ ਦੀ ਉਸਾਰੀ ਲਈ ਵਚਨਬੱਧ ਹੈ। ਸੂਬਾ ਸਰਕਾਰ ਵੱਲੋਂ 25 ਕਰੋੜ ਰੁਪਏ ਦੀ ਰਾਸ਼ੀ ਨਾਲ ਇਹ ਸੈਂਟਰ ਸਥਾਪਤ ਕੀਤਾ ਜਾ ਰਿਹਾ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਅੱਜ ਇੱਥੇ ਪੰਜਾਬ ਭਵਨ ਵਿਖੇ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ” ਨੂੰ ਸਥਾਪਤ ਕਰਨ ਸਬੰਧੀ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੀ ਹਾਜ਼ਰੀ ਵਿੱਚ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਅਤੇ ਡੇਰੇ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ।
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਜੇਕਰ ਇਸ ਕਾਰਜ ਲਈ ਹੋਰ ਫੰਡਾਂ ਦੀ ਜ਼ਰੂਰਤ ਪਵੇਗੀ ਤਾਂ ਉਹ ਵੀ ਸੂਬਾ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਕਿ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ” ਦੇ ਕੰਮ ਨੂੰ ਵਿਸ਼ੇਸ਼ ਤਰਜੀਹ ਦਿੰਦੇ ਹੋਏ ਲੋੜੀਂਦੀ ਜਗ੍ਹਾਂ ਦੀ ਭਾਲ ਕੀਤੀ ਜਾਵੇ ਅਤੇ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਮੁਕੰਮਲ ਰੂਪ ਰੇਖਾ ਜਲਦੀ ਤੋਂ ਜਲਦੀ ਤਿਆਰ ਕਰ ਲਈ ਜਾਵੇ।
ਉਨ੍ਹਾਂ ਕਿਹਾ ਕਿ ਇਸ ਕੰਮ ਦੀ ਪ੍ਰਗਤੀ ਸਬੰਧੀ ਜਲਦ ਹੀ ਅਗਲੀ ਮੀਟਿੰਗ ਬੁਲਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੇ ਕੰਮ ਕਾਜ ਵਿੱਚ ਕਿਸੇ ਤਰ੍ਹਾਂ ਦੀ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਸੈਂਟਰ ਦੀ ਉਸਾਰੀ ਲਈ ਤਤੱਪਰ ਹੈ।
ਇਸ ਮੀਟਿੰਗ ਵਿੱਚ ਪੰਜਾਬ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਦੇ ਪ੍ਰਬੰਧਕੀ ਸਕੱਤਰ ਅਮਿਤ ਢਾਕਾ, ਪੰਜਾਬ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਦੇ ਡਾਇਰੈਕਟਰ ਨੀਰੂ ਕਤਿਆਲ, ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ ਜਲੰਧਰ ਵਿਸ਼ੇਸ ਸਾਰੰਗਲ, ਵਿੱਤ ਵਿਭਾਗ ਦੇ ਡਿਪਟੀ ਸਕੱਤਰ,ਜਸਵਿੰਦਰ ਸਿੰਘ ਅਤੇ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਡੇਰਾ ਸਚਖੰਡ ਬੱਲਾਂ ਦੇ ਜਨਰਲ ਸਕੱਤਰ ਸ੍ਰੀ ਸਤ ਪਾਲ ਹੀਰ, ਸੰਯੁਕਤ ਸਕੱਤਰ ਸ੍ਰੀ ਜੋਗਿੰਦਰ ਪਾਲ, ਆਈ.ਆਰ.ਐਸ.(ਰਿਟਾ.) ਟਰੱਸਟੀ ਸ੍ਰੀ ਹਰਦੇਵ ਰਾਮ ਅਤੇ ਸ੍ਰੀ ਪਰਵਿੰਦਰ ਕੁਮਾਰ ਅਤੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।