ਬਲਬੀਰ ਸਿੰਘ ਸਿੱਧੂ ਨੇ ਮਸਤਾਨ ਸਿੰਘ ਦੀ ਸਿਹਤ ਬਾਰੇ ਜਾਣਿਆ, ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ

0
27

ਚੰਡੀਗੜ, 16 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ) :ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਿਹਤ ਕਰਮਚਾਰੀ ਮਸਤਾਨ ਸਿੰਘ ਨੂੰ ਭਰੋਸਾ ਦਿਵਾਇਆ ਕਿ ਕੋਵਿਡ-19 ਦੀ ਡਿਊਟੀ ਦੌਰਾਨ ਉਸ ਨਾਲ ਕੁੱਟਮਾਰ ਕਰਨ ਵਾਲੇ ਸਾਰੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਬਿਮਾਰੀ ਦੇ ਫੈਲਾਅ ਅਤੇ ਮੌਤਾਂ ਦੀ ਗਿਣਤੀ ਵਧਣ ਦਾ ਇਕ ਮੁੱਖ ਕਾਰਨ ਇਹ ਹੈ ਕਿ ਕੋਵਿਡ ਦੇ ਲੱਛਣ ਪਾਏ ਜਾਣ ਵਾਲੇ ਲੋਕ ਸਿਹਤ ਸੰਸਥਾਵਾਂ ਨੂੰ ਕਾਫ਼ੀ ਦੇਰੀ ਨਾਲ ਸੂਚਿਤ ਕਰਦੇ ਹਨ ਜਿਸ ਨਾਲ ਉਨਾਂ ਦੀ ਕੋਵਿਡ-19 ਸਬੰਧੀ ਜਾਂਚ ਵਿੱਚ ਦੇਰੀ ਹੁੰਦੀ ਹੈ। ਇਸ ਲਈ ਹਰ ਲੱਛਣ ਪਾਏ ਜਾਣ ਵਾਲੇ ਹਰੇਕ ਸ਼ੱਕੀ ਵਿਅਕਤੀ ਦਾ ਪਤਾ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਆਦੇਸ਼ ’ਤੇ ਕਮਿਉਨਿਟੀ ਹੈਲਥ ਸੈਂਟਰ ਮਲੌਦ ਵਿਖੇ ਤਾਇਨਾਤ ਸ੍ਰੀ ਮਸਤਾਨ ਸਿੰਘ ਸਕਰੀਨਿੰਗ ਲਈ ਪਿੰਡ ਖਾਨਪੁਰ ਵਿਖੇ ਪ੍ਰਭੂ ਕਾ ਡੇਰਾ ਨਾਮਕ ਥਾਂ ’ਤੇ ਗਏ। ਜਦੋਂ ਉਹ ਲੱਛਣ ਪਾਏ ਜਾਣ ਵਾਲੇ ਸ਼ੱਕੀ ਮਰੀਜ਼ਾਂ ਬਾਰੇ ਜਾਣਕਾਰੀ ਲੈਣ ਲਈ ਪਹੁੰਚੇ ਤਾਂ ਸਾਧੂਆਂ ਅਤੇ ਉਨਾਂ ਦੇ ਕੁਝ ਸਾਥੀਆਂ ਵੱਲੋਂ ਮਸਤਾਨ ਸਿੰਘ ਦੀ  ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਜਿੱਥੇ ਇਕ ਮੋਬਾਈਲ ਫੋਨ ’ਤੇ ਸਾਰੀ ਘਟਨਾ ਦੀ ਵੀਡੀਓ ਬਣਾਈ ਗਈ।ਸ. ਸਿੱਧੂ ਨੇ ਦੱਸਿਆ ਕਿ ਐਸ.ਐਮ.ਓ ਡਾ. ਗੋਬਿੰਦ ਰਾਮ ਮਲੌਦ ਅਤੇ ਐਸ.ਐਮ.ਓ ਡਾ. ਸੰਤੋਸ਼ ਕੌਰ, ਡੇਹਲੋਂ ਨੇ ਤੁਰੰਤ ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੂੰ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ। ਪਾ੍ਰਪਤ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਡਾ. ਬੱਗਾ ਨੇ ਇਹ ਮਾਮਲਾ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ, ਲੁਧਿਆਣਾ ਰਾਕੇਸ਼ ਅਗਰਵਾਲ ਦੇ ਧਿਆਨ ਵਿੱਚ ਲਿਆਂਦਾ। ਉਨਾਂ ਦੱਸਿਆ ਕਿ ਡਾ. ਬੱਗਾ ਨੇ ਹਸਪਤਾਲ ਵਿਖੇ ਦਾਖ਼ਲ ਉਕਤ ਕਰਮਚਾਰੀ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨੇ ਮਸਤਾਨ ਸਿੰਘ ਨਾਲ ਫੋਨ ’ਤੇ ਗੱਲਬਾਤ ਵੀ ਕੀਤੀ ਅਤੇ ਉਸਦੀ ਸਿਹਤ ਬਾਰੇ ਜਾਣਿਆ।ਸਿਹਤ ਮੰਤਰੀ ਨੇ ਦੱਸਿਆ ਕਿ ਦੋਸ਼ੀਆਂ ਖਿਲਾਫ਼ ਆਈਪੀਸੀ ਦੀ ਧਾਰਾ 307, 365, 353,186, 188, 295-ਏ ਅਤੇ ਐਪੀਡੈਮਿਕ ਐਕਟ 1987 ਦੀ ਧਾਰਾ 3 ਦੇ ਤਹਿਤ ਥਾਣਾ ਡੇਹਲੋਂ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ।ਇਸ ਘਟਨਾ ਦੀ ਨਿੰਦਾ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਪੰਜਾਬ ਦੇ ਸਿਹਤ ਕਰਮਚਾਰੀ ਇਸ ਮਾਰੂ ਬਿਮਾਰੀ ਤੋਂ ਲੋਕਾਂ ਦੀ ਸੁਰੱਖਿਆ ਲਈ ਦਿਨ ਰਾਤ ਕੰਮ ਕਰ ਰਹੇ ਹਨ। ਉਨਾਂ ਕਿਹਾ ਕਿ ਕਿਸੇ ਵੀ ਸਿਹਤ ਕਰਮਚਾਰੀ ’ਤੇ ਕਿਸੇ ਵੀ ਤਰਾਂ ਦਾ ਹਮਲਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਪੁਲਿਸ ਕਮਿਸ਼ਨਰ, ਲੁਧਿਆਣਾ ਨੂੰ ਹਦਾਇਤ ਕੀਤੀ ਕਿ ਉਹ ਸਿਹਤ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਕਿਉਂਕਿ ਲੁਧਿਆਣਾ ਵਿੱਚ ਕੋਵੀਡ -19 ਦੇ ਜ਼ਿਆਦਾਤਰ ਮਾਮਲੇ ਦਰਜ ਕੀਤੇ ਗਏ ਹਨ। ਉਨਾਂ ਇਹ ਵੀ ਹਦਾਇਤ ਕੀਤੀ ਕਿ ਦੋਸ਼ੀ ਵਿਅਕਤੀਆਂ ਨੂੰ ਜਲਦ ਤੋਂ ਜਲਦ ਗਿ੍ਰਫ਼ਤਾਰ ਕਰਕੇ ਸਜ਼ਾ ਦਿੱਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰੇ।ਸ. ਸਿੱਧੂ ਨੇ ਕਿਹਾ ਕਿ ਉਹ ਹਰ ਸਮੇਂ ਆਪਣੇ ਕਰਮਚਾਰੀਆਂ ਦੇ ਨਾਲ ਖੜੇ ਹਨ ਅਤੇ ਕਿਸੇ ਵੀ ਹਾਲਾਤ ਵਿੱਚ ਉਨਾਂ ਦੇ ਮਨੋਬਲ ਨੂੰ ਡਿੱਗਣ ਨਹੀਂ ਦੇਣਗੇ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੰਕਟ ਦੀ ਇਸ ਘੜੀ ਵਿੱਚ ਹਾਲਾਤਾਂ ’ਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਸਨਮਾਨ ਕਰਨ। ——————-

LEAVE A REPLY

Please enter your comment!
Please enter your name here