ਬਾਰ੍ਹਵੀਂ ਜਮਾਤ ਵਿੱਚੋਂ ਜ਼ਿਲ੍ਹੇ ਅੰਦਰ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨ

0
82

ਮਾਨਸਾ, 22 ਜੁਲਾਈ   (ਸਾਰਾ ਯਹਾ, ਜੋਨੀ ਜਿੰਦਲ) : ਬਾਰ੍ਹਵੀਂ ਜਮਾਤ ਵਿੱਚ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਅਤੇ ਚੰਗੇ ਅੰਕ ਪ੍ਰਾਪਤ ਕਰਨ ਕਰਕੇ ਸੂਬੇ ਅੰਦਰ ਨਾਮਣਾ ਖੱਟਣ ਵਾਲੀਆਂ ਮਾਨਸਾ ਜ਼ਿਲ੍ਹੇ ਦੀਆਂ ਵਿਦਿਆਰਥਣਾਂ ਬਾਜੇਵਾਲਾ ਸਕੂਲ ਦੀ ਜਸਪ੍ਰੀਤ ਕੌਰ ਅਤੇ ਰਿਉਂਦ ਕਲਾਂ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਦਾ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਨੇ ਆਪਣੇ ਦਫ਼ਤਰ ਵਿਖੇ ਸਨਮਾਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ ਕਦੇ ਵੀ ਵਿਅਰਥ ਨਹੀਂ ਜਾਂਦੀ, ਜਿਸ ਦੀ ਉਦਾਹਰਣ ਇਨ੍ਹਾਂ ਦੋਵਾਂ ਵਿਦਿਆਰਥਣਾਂ ਨੇ 450 ਵਿੱਚੋਂ 448 ਨੰਬਰ ਪ੍ਰਾਪਕ ਕਰ ਕੇ ਕੀਤੀ ਹੈ। ਉਨ੍ਹਾਂ ਦੋਵਾਂ ਵਿਦਿਆਰਥਣਾਂ ਨੂੰ ਉਚੇਰੀ ਸਿੱਖਿਆ ਪ੍ਰਾਪਤ ਕਰਨ ਲਈ ਵੀ ਪ੍ਰੇਰਿਤ ਕੀਤਾ। ਵਿਦਿਆਰਥਣ ਜਸਪ੍ਰੀਤ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਉਹ ਅੰਗਰੇਜ਼ੀ ਦੀ ਅਧਿਆਪਕ ਬਣਨਾ ਚਾਹੁੰਦੀ ਹੈ ਜਦਕਿ ਗੁਰਪ੍ਰੀਤ

ਨੇ ਕਿਹਾ ਕਿ ਉਹ ਆਈ.ਏ.ਐਸ. ਬਣਨਾ ਚਾਹੁੰਦੀ ਹੈ। ਡਿਪਟੀ ਕਮਿਸ਼ਨਰ ਨੇ ਦੋਵਾਂ ਵਿਦਿਆਰਥਣਾਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀ ਹਰ ਸੰਭਵ ਮਦਦ ਕਰੇਗਾ। ਜ਼ਿਲ੍ਹੇ ਅੰਦਰ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਆਉਣ ਕਾਰਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਜ਼ਿਨ੍ਹਾਂ ਸਕੂਲਾਂ ਦਾ ਨਤੀਜਾ 100 ਫੀਸਦੀ ਰਿਹਾ ਹੈ, ਉਨ੍ਹਾਂ ਸਕੂਲਾਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਜੀਤ ਸਿੰਘ ਸਿੱਧੂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਰੂਪ ਭਾਰਤੀ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਸ਼੍ਰੀ ਨਰਿੰਦਰ ਮੋਹਲ ਮੌਜੂਦ ਸਨ।

NO COMMENTS