
ਚੰਡੀਗੜ੍ਹ, 29 ਅਪਰੈਲ (ਸਾਰਾ ਯਹਾਂ/ ਮੁੱਖ ਸੰਪਾਦਕ) : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਪੀ.ਐਸ.ਪੀ.ਸੀ.ਐਲ. ਦੇ ਕੰਪਲੇਂਟ ਹੈਂਡਲਿੰਗ ਬਾਈਕ (ਸੀ.ਐੱਚ.ਬੀ.) ਕਰਮਚਾਰੀ ਵਿਕਾਸ ਵਰਮਾ ਦੇ ਪਰਿਵਾਰ ਨੂੰ 5 ਲੱਖ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੇ।
ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਮ੍ਰਿਤਕ ਵਿਕਾਸ ਵਰਮਾ ਦੀ ਪਤਨੀ ਰੇਨੂ ਵਰਮਾ ਤੇ ਪਰਿਵਾਰਕ ਮੈਂਬਰਾਂ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਣ ਮਗਰੋਂ ਕਿਹਾ ਕਿ ਠੇਕਾ ਅਧਾਰਿਤ ਕਰਮਚਾਰੀ ਕੇਂਦਰੀ ਜ਼ੋਨ ਲੁਧਿਆਣਾ ਵਿਖੇ ਕਾਰਜਸ਼ੀਲ ਸੀ ਅਤੇ ਉਸਨੇ ਸਾਲ 2018 ਵਿੱਚ ਡਿਊਟੀ ਦੌਰਾਨ ਕਰੰਟ ਲੱਗਣ ਨਾਲ ਆਪਣੀ ਜਾਨ ਗਵਾ ਲਈ ਸੀ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਦੇ ਮ੍ਰਿਤਕ ਕਰਮਚਾਰੀ ਦੇ ਪਰਿਵਾਰ ਨਾਲ ਹਮਦਰਦੀ ਭਰਿਆ ਵਤੀਰਾ ਅਪਣਾਉਂਦੇ ਹੋਏ ਇਹ ਸਹਾਇਤਾ ਰਾਸ਼ੀ ਦਿੱਤੀ ਗਈ ਹੈ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਭਲਾਈ ਲਈ ਵਚਨਬੱਧ ਹੈ।
