
ਚੰਡੀਗੜ੍ਹ: ਕਾਂਗਰਸ ਨੂੰ ਅਲਵਿਦਾ ਕਹਿ ਬੀਜੇਪੀ ‘ਚ ਜਾਣ ਮਗਰੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸੀਐਮ ਭਗਵੰਤ ਮਾਨ ਦਾ ਸ਼ੁਕਰੀਆ ਕੀਤਾ ਹੈ। ਸੁਨੀਲ ਜਾਖੜ ਨੇ ਜਿੱਥੇ ਮੂੰਗੀ ਦੀ ਖਰੀਦ ਐਮਐਸਪੀ ‘ਤੇ ਕਰਨ ਦੇ ਮਾਮਲੇ ‘ਤੇ ਸੀਐਮ ਭਗਵੰਤ ਮਾਨ ਦਾ ਧੰਨਵਾਦ ਕੀਤਾ, ਉੱਥੇ ਹੀ ਪੈਟਰੋਲ ਤੇ ਡੀਜ਼ਲ ‘ਤੇ ਵੈਟ ਘਟਾਉਣ ਦੀ ਬੇਨਤੀ ਕੀਤੀ ਹੈ।
ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ‘ਤੇ ਮੂੰਗੀ ਦੀ ਖਰੀਦ ਲਈ ਕੇਂਦਰ ਸਰਕਾਰ ਦੀ ਵਚਨਬੱਧਤਾ ਨੂੰ ਸਵੀਕਾਰ ਕਰਨ ਲਈ ਭਗਵੰਤ ਮਾਨ ਜੀ ਦਾ ਧੰਨਵਾਦ। ਇੱਥੋਂ ਤੱਕ ਕਿ ਪੈਟਰੋਲ ਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵੀ ਕਾਫੀ ਘਟਾ ਦਿੱਤੀ ਗਈ ਹੈ। ਹੁਣ ਤੁਹਾਨੂੰ ਪੰਜਾਬ ਵਿੱਚ ਵੀ ਵੈਟ ਘਟਾਉਣ ਦੀ ਬੇਨਤੀ ਕਰਦੇ ਹਾਂ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਫਸਲ ਘੱਟੋ ਘੱਟ ਸਮਰਥਨ ਮੁੱਲ ’ਤੇ ਖਰੀਦਣ ਦੇ ਫੈਸਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਵੀ ਸੂਬੇ ਦੀਆਂ ਮੰਡੀਆਂ ਵਿੱਚੋਂ ਮੂੰਗੀ ਦੀ ਫਸਲ ਦੀ ਖ਼ਰੀਦ ਐਮਐਸਪੀ ’ਤੇ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਪੰਜਾਬ ਦਾ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ ਕਿਉਂਕਿ ਇਸ ਮੂੰਗੀ ਦੀ ਕਾਸ਼ਤ ਦੁੱਗਣੀ ਹੋਈ ਹੈ।
ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਇਸ ਨੋਟੀਫਿਕੇਸ਼ਨ ਰਾਹੀਂ ਕਿਹਾ ਹੈ ਕਿ ‘ਪ੍ਰਾਈਸ ਸਪੋਰਟ ਸਕੀਮ’ (ਪੀਐਸਐਸ) ਗਾਈਡਲਾਈਨਜ਼ 2018 ਅਨੁਸਾਰ ਹਾੜ੍ਹੀ ਸੀਜ਼ਨ 2021-22 ਲਈ ਪੰਜਾਬ ਤੋਂ 4585 ਮੀਟਰਿਕ ਟਨ ਮੂੰਗੀ ਪੀਐਸਐਸ ਉਤੇ ਖਰੀਦੀ ਜਾਵੇਗੀ। ਕੇਂਦਰੀ ਖੇਤੀਬਾੜੀ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਖਰੀਦ ਦੀ ਮਿਤੀ ਦਾ ਫੈਸਲਾ ਸੂਬਾ ਸਰਕਾਰ ਵੱਲੋਂ ਕੀਤਾ ਜਾਵੇਗਾ ਅਤੇ ਖਰੀਦ ਦਾ ਕੰਮ 90 ਦਿਨਾਂ ਤੱਕ ਚੱਲੇਗਾ।
