
(ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਉਪ ਚੋਣ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਚੰਨੀ ਨੇ ਇਨ੍ਹਾਂ ਸਾਰੀਆਂ ਅਫਵਾਹਾਂ ਨੂੰ ਫਰਜ਼ੀ ਖਬਰਾਂ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਸਪੱਸ਼ਟ ਕੀਤਾ ਹੈ ਕਿ ਉਹ ਕਾਂਗਰਸ ਦੇ ਸਮਰਥਨ ‘ਚ ਹੀ ਰਹਿਣਗੇ। ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਚਰਨਜੀਤ ਚੰਨੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਇਹ ਵੀ ਚਰਚਾ ਹੈ ਕਿ ਉਹ ਪੰਜਾਬ ਵਿੱਚ ਭਾਜਪਾ ਦੇ ਕੁਝ ਨੇਤਾਵਾਂ ਨੂੰ ਮਿਲੇ ਵੀ ਹਨ ਪਰ ਹੁਣ ਉਨ੍ਹਾਂ ਨੇ ਇਨ੍ਹਾਂ ਅਟਕਲਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ। ਚੰਨੀ ਨੇ ਇਨ੍ਹਾਂ ਅਫਵਾਹਾਂ ਨੂੰ ‘ਫੇਕ ਨਿਊਜ਼’ ਕਰਾਰ ਦਿੱਤਾ ਹੈ।
ਦਰਅਸਲ ਕਿਆਸ ਲਗਾਏ ਜਾ ਰਹੇ ਸਨ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਸਕਦੇ ਹਨ। ਕੁਝ ਮੀਡੀਆ ਰਿਪੋਰਟਾਂ ਵਿੱਚ ਕਿਹਾ ਜਾ ਰਿਹਾ ਹੈ ਸੀ ਕਿ ਉਹ ਪੰਜਾਬ ਵਿੱਚ ਭਾਜਪਾ ਦੇ ਕੁਝ ਨੇਤਾਵਾਂ ਨੂੰ ਮਿਲੇ ਹਨ।
ਹਾਲਾਂਕਿ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਨ੍ਹਾਂ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਸੀ। ਪ੍ਰਤਾਪ ਬਾਜਵਾ ਨੇ ਭਾਜਪਾ ‘ਤੇ ਝੂਠੀਆਂ ਖਬਰਾਂ ਫੈਲਾਉਣ ਦਾ ਦੋਸ਼ ਵੀ ਲਗਾਇਆ ਸੀ। ਇਨ੍ਹਾਂ ਅਟਕਲਾਂ ਨੂੰ ਜਲੰਧਰ ਲੋਕ ਸਭਾ ਸੀਟ ਦੀ ਉਪ ਚੋਣ ਤੇ ਕਾਂਗਰਸੀ ਆਗੂ ਨਵਜੋਤ ਸਿੱਧੂ ਦੀ ਪਟਿਆਲਾ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਹਵਾ ਮਿਲੀ ਸੀ।
