-ਬੁਢਲਾਡਾ ਦੇ 11 ਪਾਜ਼ਿਟੀਵ ਵਿਅਕਤੀਆਂ ਦੇ ਸੰਪਰਕ ਵਿੱਚ ਆਏ ਵਿਅਕਤੀ ਖੁਦ ਪ੍ਰਸ਼ਾਸਨ ਨਾਲ ਸੰਪਰਕ ਕਰਨ : ਡਿਪਟੀ ਕਮਿਸ਼ਨਰ

0
67

ਬੁਢਲਾਡਾ/ਮਾਨਸਾ, 10 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਮਾਨਸਾ ਜ਼ਿਲ੍ਹੇ ਦੀ ਸਬ-ਡਵੀਜ਼ਨ ਬੁਢਲਾਡਾ ਵਿਖੇ 11 ਵਿਅਕਤੀਆਂ ਦੇ ਕੋਰੋਨਾ ਪਾਜ਼ਿਟੀਵ ਆਉਣ ਤੋਂ ਬਾਅਦ ਬੁਢਲਾਡਾ ਵਿਖੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਐਸ.ਡੀ.ਐਮ. ਮਾਨਸਾ ਸ਼੍ਰੀ ਆਦਿਤਯ ਡੇਚਲਵਾਲ ਅਤੇ ਡੀ.ਐਸ.ਪੀ. ਮਾਨਸਾ ਸ਼੍ਰੀ ਜਸਪਿੰਦਰ ਸਿੰਘ ਗਿੱਲ ਨਾਲ ਮੀਟਿੰਗ ਕੀਤੀ।
ਇਸ ਮੌਕੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੁਢਲਾਡਾ ਵਿਖੇ ਪਹਿਲਾਂ 5 ਵਿਅਕਤੀ ਕੋਰੋਨਾ ਪਾਜ਼ਿਟੀਵ ਪਾਏ ਗਏ ਸਨ ਅਤੇ ਹੁਣ 6 ਹੋਰ ਕੋਰੋਨਾ ਪਾਜ਼ਿਟੀਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ 11 ਵਿਅਕਤੀਆਂ ਦਾ ਸਿਵਲ ਹਸਪਤਾਲ ਮਾਨਸਾ ਵਿਖੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਇਲਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਅਤੇ ਇਸ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਬੁਢਲਾਡਾ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਜਿਹੜੇ ਵਿਅਕਤੀ ਇਨ੍ਹਾਂ ਪੋਜ਼ਿਟੀਵ ਵਿਅਕਤੀਆਂ ਦੇ ਸੰਪਰਕ ਵਿੱਚ ਆਏ ਸਨ, ਉਨ੍ਹਾਂ ਸਬੰਧੀ ਜਾਣਕਾਰੀ ਇਕੱਤਰ ਕਰਨ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਦਾ ਸਹਿਯੋਗ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਪੋਜ਼ਿਟੀਵ ਵਿਅਕਤੀਆਂ ਦੇ ਸੰਪਰਕ ਵਿੱਚ ਆਇਆ ਹੈ ਤਾਂ ਉਹ ਖੁਦ ਅੱਗੇ ਆ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਹਿੱਤ ਲਿਆਵੇ, ਤਾਂ ਜੋ ਉਨ੍ਹਾਂ ਦੇ ਸੈਂਪਲ ਲਏ ਜਾ ਸਕਣ।
ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਦੀ ਸਿਹਤ ਸਬੰਧੀ ਵੀ ਪੁੱਛਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਵੀ ਵਿਅਕਤੀ ਇਨ੍ਹਾਂ 11 ਪਾਜ਼ਿਟੀਵ ਵਿਅਕਤੀਆਂ ਦੇ ਸੰਪਰਕ ਵਿੱਚ ਆਏ ਸਨ, ਉਹ ਖੁਦ ਅੱਗੇ ਆ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ, ਤਾਂ ਜੋ ਉਨ੍ਹਾਂ ਦੀ ਜਾਂਚ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਬਹੁਤ ਹੀ ਚੰਗੀ ਗੱਲ ਹੈ ਅਤੇ ਜੇਕਰ ਪੋਜ਼ਿਟੀਵ ਆ ਵੀ ਜਾਂਦੀ ਹੈ ਤਾਂ ਤੁਰੰਤ ਉਨ੍ਹਾਂ ਦਾ ਇਲਾਜ ਕੀਤਾ ਜਾ ਸਕੇ।

NO COMMENTS