ਬੁਢਲਾਡਾ 26 ਜੂਨ (ਸਾਰਾ ਯਹਾਂ/ਅਮਨ ਮਹਿਤਾ): ਸੀਨੀਅਰ ਮੈਡੀਕਲ ਅਫ਼ਸਰ ਬੁਢਲਾਡਾ ਡਾ. ਗੁਰਚੇਤਨ ਪ੍ਰਕਾਸ਼ ਦੀ ਅਗਵਾਈ ਹੇਠ ਪਿੰਡ ਪਿਪਲੀਆਂ ਅਤੇ ਟਾਹਲੀਆਂ ਵਿਖੇ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਹੈਲਥ ਸੁਪਰਵਾਈਜ਼ਰ ਅਸ਼ਵਨੀ ਕੁਮਾਰ ਨੇ ਪਿੰਡ ਵਾਸੀਆਂ ਨੂੰ ਮਲੇਰੀਆ ਬੁਖਾਰ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬੁਖਾਰ ਮਾਦਾ ਐਨਾਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜੋ ਕਿ ਸਾਫ਼ ਖੜ੍ਹੇ ਪਾਣੀ ‘ਚ ਪੈਦਾ ਹੁੰਦਾ ਹੈ। ਵਿਅਕਤੀ ਨੂੰ ਤੇਜ਼ ਬੁਖਾਰ ਹੋਣਾ, ਕਾਂਬਾ ਲੱਗਣਾ, ਪਸੀਨਾ ਆਉਣਾ, ਤੇਜ਼ ਸਿਰਦਰਦ, ਥਕਾਵਟ ਮਹਿਸੂਸ ਕਰਨਾ ਤੇ ਉਲਟੀ ਆਉਣਾ ਆਦਿ ਮਲੇਰੀਆ ਤੋਂ ਪੀੜਤ ਹੋਣ ਦੇ ਮੁੱਖ ਲੱਛਣ ਹਨ। ਸਿਹਤ ਕਰਮਚਾਰੀ ਰਾਹੁਲ ਕੁਮਾਰ ਅਤੇ ਨਿਰਭੈ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਉਕਤ ਲੱਛਣ ਦਿਖਾਈ ਦਿੰਦੇ ਹਨ ਤਾਂ ਉਸ ਨੂੰ ਸਬ-ਸੈਂਟਰ ‘ਚ ਪਹੁੰਚ ਕੇ ਖੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਮਲੇਰੀਆ ਦੀ ਜਾਂਚ ‘ਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਡਰਾਈ ਡੇ ਫਰਾਈ ਡੇ ਤਹਿਤ ਹਰੇਕ ਸ਼ੁੱਕਰਵਾਰ ਨੂੰ ਫਰਿੱਜ ਤੇ ਕੂਲਰਾਂ ਦਾ ਪਾਣੀ ਖਾਲੀ ਕਰਕੇ ਸੁਕਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਮਲੇਰੀਆ ਤੋਂ ਬਚਾਅ ਲਈ ਘਰਾਂ ਦੇ ਨਜ਼ਦੀਕ ਗਮਲੇ, ਟਾਇਰ, ਕਬਾੜ, ਟੈਂਕੀ, ਟੁੱਟੇ ਭੱਜੇ ਸਮਾਨ ਵਿੱਚ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ ਤੇ ਕੱਚੇ ਟੋਭਿਆਂ ਵਿੱਚ ਖੜ੍ਹੇ ਪਾਣੀ ਤੇ ਕਾਲਾ ਸੜਿਆ ਤੇਲ ਪਾਇਆ ਜਾਵੇ ਤਾਂ ਇਸ ਵਿੱਚ ਲਾਰਵਾ ਨਾਲ ਦੀ ਨਾਲ ਖਤਮ ਹੋ ਜਾਂਦਾ ਹੈ। ਸਰੀਰ ਨੂੰ ਢੱਕਣ ਲਈ ਪੂਰੀ ਬਾਹਵਾਂ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ, ਰਾਤ ਨੂੰ ਸੌਣ ਸਮੇਂ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਆਸ਼ਾ ਵਰਕਰ ਅਤੇ ਪਿੰਡ ਵਾਸੀ ਹਾਜਰ ਸਨ।