*ਬੇਅਦਬੀ ਕਾਂਡ ‘ਚ ਡੇਰਾ ਮੁਖੀ ਰਾਮ ਰਹੀਮ ਦੀ ਹੋਏਗੀ ਗ੍ਰਿਫਤਾਰੀ, ਐਸਆਈਟੀ ਜਲਦ ਅਦਾਲਤ ‘ਚ ਪੇਸ਼ ਕਰੇਗੀ ਚਲਾਨ*

0
45

04 ,ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ ਸਰਕਾਰ ਵੱਲੋਂ ਬਰਗਾੜੀ ਕਾਂਡ ਦੀ ਰਿਪੋਰਟ ਸਿੱਖ ਜਥੇਬੰਦੀਆਂ ਨੂੰ ਸੌਂਪ ਦਿੱਤੀ ਗਈ ਹੈ। ਇਸ ਰਿਪੋਰਟ ‘ਚ ਗੁਰਮੀਤ ਰਾਮ ਰਹੀਮ ਦੋਸ਼ੀ ਕਰਾਰ ਦਿੱਤਾ ਗਿਆ ਹੈ। ਹੁਣ ਜਲਦ ਪੰਜਾਬ ਪੁਲਿਸ ਦੀ SIT ਮੁੱਖ ਸਾਜਿਸ਼ਕਰਤਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਤੇ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰੇਗੀ। ਇਸ ਸਬੰਧੀ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ। 

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਰਗਾੜੀ ਕਾਂਡ ਨੂੰ ਲੈ ਕੇ 467 ਪੰਨਿਆਂ ਦੀ ਅੰਤਿਮ ਰਿਪੋਰਟ ਸਿੱਖ ਆਗੂਆਂ ਨੂੰ ਸੌਂਪੀ ਗਈ ਜਿਸ ‘ਚ ਹਰ ਘਟਨਾ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ ਤੇ ਡੇਰਾਮੁਖੀ ਬੇਅਦਬੀ ਦੇ ਤਿੰਨ ਮਾਮਲਿਆਂ ਦਾ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਹੈ। ਉਸ ਦੇ ਚੇਲੇ ਹਰਸ਼ ਪੁਰੀ, ਪ੍ਰਦੀਪ ਕਲੇਰ, ਸੰਦੀਪ ਬਰੇਟਾ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। 

ਯਾਦ ਰਹੇ ਮਈ 2007 ਵਿੱਚ ਜਦੋਂ ਡੇਰਾਮੁਖੀ ਨੇ ਗੁਰੂ ਗੋਬਿੰਦ ਸਿੰਘ ਜੀ ਵਰਗਾ ਪਹਿਰਾਵਾ ਪਾ ਕੇ ਡੇਰਾ ਪ੍ਰੇਮੀਆਂ ਨੂੰ ਜਾਮ-ਏ-ਇਨਸਾਨ ਦੇਣ ਤੇ ਅੰਮ੍ਰਿਤ ਛਕਾਉਣ ਦੀ ਨਕਲ ਕਰਕੇ ਪੂਰੇ ਪੰਜਾਬ ਵਿੱਚ ਹੀ ਨਹੀਂ ਬਲਕਿ, ਭਾਰਤ ਤੇ ਦੁਨੀਆ ਭਰ ਵਿੱਚ ਵੱਸਦੇ ਸਿੱਖਾਂ ਨੇ ਜ਼ੋਰਦਾਰ ਵਿਰੋਧ ਜਤਾਇਆ। ਇਸ ਦੌਰਾਨ ਕਈ ਖੂਨੀ ਝੜਪਾਂ ਹੋਈਆਂ ਤੇ ਜਨਤਕ ਜਾਇਦਾਦ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ।

ਅੰਤਿਮ ਰਿਪੋਰਟ ਅਨੁਸਾਰ ਡੇਰੇ ਦੀ 25 ਮੈਂਬਰੀ ਕਮੇਟੀ ਦੇ ਮੈਂਬਰਾਂ ਨੇ ਪ੍ਰਧਾਨ ਗੋਪਾਲ ਕ੍ਰਿਸ਼ਨ ਨੂੰ ਸ਼ਿਕਾਇਤ ਕੀਤੀ, ਜਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਨ੍ਹਾਂ ਨੂੰ 45 ਮੈਂਬਰੀ ਕਮੇਟੀ ਮੈਂਬਰ ਮਹਿੰਦਰਪਾਲ ਬਿੱਟੂ ਨੂੰ ਮਿਲਣ ਦੀ ਸਲਾਹ ਦਿੱਤੀ। ਜਦੋਂ ਮਹਿੰਦਰਪਾਲ ਨੇ ਇਹ ਮਾਮਲਾ ਨੈਸ਼ਨਲ ਕਮੇਟੀ ਦੇ ਮੈਂਬਰਾਂ ਹਰਸ਼ ਪੁਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਦੇ ਧਿਆਨ ਵਿੱਚ ਲਿਆਂਦਾ ਤਾਂ ਉਨ੍ਹਾਂ ਨੇ ਫ਼ੋਨ ‘ਤੇ ਇੱਕ ਯੋਜਨਾ ਬਣਾਈ। ਤਿੰਨਾਂ ਨੇ ਸਿਰਸਾ ਡੇਰੇ ਦੇ ਅਧਿਕਾਰੀਆਂ ਨੂੰ ਵੀ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ। 

ਡੇਰੇ ਨੇ ਸਿੱਖਾਂ ਨੂੰ ਉਕਤ ਘਟਨਾ ਦਾ ਬਦਲਾ ਗੁਰੂ ਗ੍ਰੰਥ ਸਾਹਿਬ ਨੂੰ ਮਿੱਟੀ ਵਿੱਚ ਮਿਲਾ ਕੇ ਲੈਣ ਦੀ ਵੀ ਸਲਾਹ ਦਿੱਤੀ ਹੈ। ਇਸ ਤੋਂ ਬਾਅਦ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਸ ਸਬੰਧੀ ਥਾਣਾ ਬਾਜਾਖਾਨਾ ਵਿੱਚ 2 ਜੂਨ 2015 ਨੂੰ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧੀ ਬਰਗਾੜੀ ਤੇ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਵੀ ਭੜਕਾਊ ਪੋਸਟਰ ਲਗਾਏ ਗਏ ਸਨ, ਜਿਨ੍ਹਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਤੇ ਸਲਾਬਤਪੁਰਾ ਡੇਰੇ ਵਿੱਚ ਪਾਵਨ ਸਰੂਪ ਪ੍ਰਾਪਤ ਕਰਨ ਵਾਲੇ ਵਿਅਕਤੀ ਨੂੰ 10 ਲੱਖ ਰੁਪਏ ਦੇਣ ਦੀ ਚੁਣੌਤੀ ਦਿੱਤੀ ਗਈ ਸੀ।

ਇਸ ਸਬੰਧੀ 25 ਸਤੰਬਰ 2015 ਨੂੰ ਕੇਸ ਵੀ ਦਰਜ ਕੀਤਾ ਗਿਆ ਸੀ। ਬਾਅਦ ਵਿਚ ਉਸੇ ਪਵਿੱਤਰ ਸਰੂਪ ਦੇ ਅੰਗ ਟੁਕੜੇ-ਟੁਕੜੇ ਕਰ ਕੇ ਬਰਗਾੜੀ ਦੀਆਂ ਗਲੀਆਂ ਵਿਚ ਖਿਲਾਰ ਦਿੱਤੇ ਗਏ। ਇਸ ਸਬੰਧੀ ਗੋਰਾ ਸਿੰਘ ਗ੍ਰੰਥੀ ਦੇ ਬਿਆਨ ਦਰਜ ਕਰਕੇ ਕੇਸ ਵੀ ਦਰਜ ਕੀਤਾ ਗਿਆ ਸੀ, ਜਿਸ ਦੇ ਆਧਾਰ ’ਤੇ ਫਰੀਦਕੋਟ ਦੇ ਐਸਐਸਪੀ ਨੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਚੰਡੀਗੜ੍ਹ ਨੂੰ ਪੱਤਰ ਲਿਖਿਆ ਸੀ। ਇਸ ਮਾਮਲੇ ‘ਚ ਹਰਸ਼ ਪੁਰੀ, ਪ੍ਰਦੀਪ ਕਲੇਰ, ਸੰਦੀਪ ਬਰੇਟਾ ਤੇ ਡੇਰਾਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੱਖ ਦੋਸ਼ੀ ਕਰਾਰ ਦਿੱਤਾ ਗਿਆ ਸੀ ਪਰ ਇਸ ਮਾਮਲੇ ‘ਚ ਅਜੇ ਤੱਕ ਉਨ੍ਹਾਂ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਅਦਾਲਤ ਵਿੱਚ ਵੱਖਰਾ ਚਲਾਨ ਪੇਸ਼ ਕੀਤਾ ਜਾਵੇਗਾ

NO COMMENTS