ਚੰਡੀਗੜ੍ਹ, 20 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ) ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਜਾਵੇ।
ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖੇ ਪੱਤਰ ਵਿੱਚ ਸ. ਰੰਧਾਵਾ ਨੇ ਲਿਖਿਆ, “ਮੈਂ ਤੁਹਾਡੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ ਕਿ ਪੰਜਾਬ ਵਿੱਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਇੱਕ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖਾਂ ਵੱਲੋਂ ਇੱਕ ਜੀਵਤ ਗੁਰੂ ਮੰਨਿਆ ਜਾਂਦਾ ਹੈ, ਨਾ ਕਿ ਕੋਈ ਵਸਤੂ।ਸਿੱਖ ਮਰਿਆਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕੀਤਾ ਜਾਂਦਾ ਹੈ। ਇਸ ਸੰਦਰਭ ਵਿੱਚ ਇਹ ਮਹਿਸੂਸ ਕੀਤਾ ਗਿਆ ਕਿ ਭਾਰਤੀ ਦੰਡਾਵਲੀ-1860 ਦੀ ਧਾਰਾ 295 ਅਤੇ 295-ਏ ਦੀਆਂ ਮੌਜੂਦਾ ਧਾਰਾਵਾਂ ਜਿਸ ਵਿੱਚ ਤਿੰਨ ਸਾਲ ਤੱਕ ਦੀ ਸਜ਼ਾ ਦੀ ਵਿਵਸਥਾ ਹੈ, ਇਸ ਸਥਿਤੀ ਨਾਲ ਨਜਿੱਠਣ ਲਈ ਕਾਫੀ ਨਹੀਂ ਹਨ।”
ਸ. ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਪੱਤਰ ਵਿੱਚ ਅੱਗੇ ਲਿਖਿਆ ਹੈ ਕਿ ਪੰਜਾਬ ਵਿਧਾਨ ਸਭਾ ਨੇ “ਇੰਡੀਅਨ ਪੀਨਲ ਕੋਡ (ਪੰਜਾਬ ਸੋਧ) ਬਿੱਲ, 2018 ਅਤੇ ਦਿ ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ (ਪੰਜਾਬ ਸੋਧ) ਬਿੱਲ 2018” ਪਾਸ ਕੀਤਾ, ਜਿਸ ਵਿੱਚ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀਮਦ ਭਾਗਵਤ ਗੀਤਾ, ਪਵਿੱਤਰ ਕੁਰਾਨ ਅਤੇ ਪਵਿੱਤਰ ਬਾਈਬਲ ਦੀ ਬੇਅਦਬੀ, ਕਿਸੇ ਨੂੰ ਸੱਟ ਜਾਂ ਨੁਕਸਾਨ ਪਹੁੰਚਾਉਣ ਵਾਲੇ ਲਈ ਉਮਰ ਕੈਦ ਤੱਕ ਦੀ ਵਿਵਸਥਾ ਕੀਤੀ ਗਈ ਹੈ। ਇਨ੍ਹਾਂ ਬਿੱਲਾਂ ਨੂੰ ਪੰਜਾਬ ਦੇ ਰਾਜਪਾਲ ਵੱਲੋਂ 12 ਅਗਸਤ 2018 ਨੂੰ ਮਨਜ਼ੂਰੀ ਦਿੱਤੀ ਗਈ ਸੀ। ਹਾਲਾਂਕਿ ਇਹ ਬਿੱਲ ਮਨਜ਼ੂਰੀ ਲਈ ਭਾਰਤ ਦੇ ਰਾਸ਼ਟਰਪਤੀ ਕੋਲ ਅਕਤੂਬਰ, 2018 ਤੋਂ ਲੰਬਿਤ ਹਨ।
ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਇੱਥੇ ਭਾਈਚਾਰਕ ਸਾਂਝ ਬਣਾਈ ਰੱਖਣੀ ਬੇਹੱਦ ਜ਼ਰੂਰੀ ਹੈ, ਇਸ ਲਈ ਬੇਅਦਬੀਆਂ ਵਾਲੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਕੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਲਾਜ਼ਮੀ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਕਤ ਬਿੱਲਾਂ ਲਈ ਰਾਸ਼ਟਰਪਤੀ ਦੀ ਸਹਿਮਤੀ ਜਲਦ ਤੋਂ ਜਲਦ ਪ੍ਰਾਪਤ ਕੀਤੀ ਜਾਵੇ ਅਤੇ ਸੂਬਾ ਸਰਕਾਰ ਨੂੰ ਸੌਂਪ ਦਿੱਤੀ ਜਾਵੇ।————–