ਬੁਢਲਾਡਾ 17 ਮਈ(ਸਾਰਾ ਯਹਾਂ/ਅਮਨ ਮਹਿਤਾ): ਪਿਛਲੇ ਲਮੇ ਸਮੇ ਤੋ ਸਰਕਾਰ ਬੇਰੁਜ਼ਗਾਰ ਅਧਿਆਪਕਾ ਨੂੰ ਨੋਕਰੀਆ ਦੇਣ ਦੀ ਬਜਾਏ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ। ਜਿਸ ਤਹਿਤ ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਵੱਲੋਂ 19 ਮਈ ਨੂੰ ਮੋਤੀ ਮਹਿਲ ਪਟਿਆਲਾ ਦਾ ਘਿਰਾਓ ਕੀਤਾ ਜਾਵੇਗਾ। ਇਹ ਸ਼ਬਦ ਅਜ ਜ਼ਿਲ੍ਹਾ ਅਤੇ ਬਲਾਕ ਪੱਧਰੀ ਮੀਟਿੰਗਾਂ ਕਰਨ ਦੇ ਸੁਨੇਹੇ ਤਹਿਤ ਬੁਢਲਾਡਾ ਬਲਾਕ ਦੀ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਕੀਤੀ ਗਈ ਮੀਟਿੰਗ ਮੋਕੇ ਮੋਰਚੇ ਦੇ ਆਗੂ ਸਤਨਾਮ ਬਛੋਆਣਾ ਨੇ ਕਹੇ। ਉਹਨਾ ਦੱਸਿਆ ਕਿ ਪੰਜਾਬ ਸਰਕਾਰ ਆਣੀ ਬਹਾਣੀ ਮੀਟਿੰਗ ਕਰਨ ਤੋਂ ਟਾਲਾ ਵੱਟ ਰਹੀ ਹੈ ਜਿਸ ਤੋਂ ਸਪਸ਼ਟ ਹੈ ਕਿ ਪੰਜਾਬ ਸਰਕਾਰ ਘਰ ਘਰ ਨੌਕਰੀ ਦੇ ਵਾਅਦੇ ਤੋਂ ਭੱਜ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਆਉਂਣ ਵਾਲੀ 19 ਮਈ ਨੂੰ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ ਤੇ ਕੈਪਟਨ ਨੂੰ ਘਰ ਘਰ ਨੌਕਰੀ ਦਾ ਵਾਅਦਾ ਯਾਦ ਕਰਾਇਆ ਜਾਵੇਗਾ । ਜ਼ਿਕਰਯੋਗ ਹੈ ਕਿ ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ( ਬੇਰੁਜ਼ਗਾਰ ਆਰਟ ਐਂਡ ਕਰਾਫਟ , ਬੀ ਐਡ ਟੈਟ ਪਾਸ , ਡੀ ਪੀ ਈ 873 , ਪੀ ਟੀ ਆਈ 646, ਮਲਟੀਪਰਪਜ ਹੈਲਥ ਵਰਕਰ ) 31 ਦਸੰਬਰ 2020 ਤੋਂ ਸਿੱਖਿਆ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਸੰਗਰੂਰ ਵਿਖੇ ਪੱਕਾ ਮੋਰਚਾ ਲਗਾਇਆ ਹੋਇਆ ਹੈ ਪਰੰਤੂ ਸਰਕਾਰ ਵੱਲੋਂ ਨੌਕਰੀਆਂ ਨਹੀਂ ਦਿੱਤੀਆਂ ਜਾ ਰਹੀਆਂ ਤੇ ਹਰ ਵਾਰ ਹੱਕ ਮੰਗਦੇ ਬੇਰੁਜ਼ਗਾਰਾਂ ਨੂੰ ਲਾਠੀਆਂ ਹੀ ਮਾਰੀਆਂ ਜਾਂਦੀਆਂ ਹਨ । ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਮੋਰਚੇ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਸੰਘਰਸ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ । ਇਸ ਮੌਕੇ ਪ੍ਰੀਤ ਕੌਰ , ਬਿੰਦਰਪਾਲ ,ਜੋਤੀ ਕੌਰ ,ਕੇਸ਼ਵ , ਕੁਲਵੰਤ ਸਿੰਘ , ਬਲਕਾਰ ਸਿੰਘ ,ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ ।