
ਲੁਧਿਆਣਾ 20 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਲੋਕ ਇਨਸਾਫ ਪਾਰਟੀ ਨੇ ਖੇਤੀ ਬਿੱਲਾਂ ਖਿਲਾਫ ਸੰਸਦ ਤਕ ਰੋਸ ਰੈਲੀ ਦੀ ਰਣਨੀਤੀ ਬਣਾਈ ਹੈ। ਇਸ ਦੌਰਾਨ ਪਾਰਟੀ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਬੈਂਸ ਨੇ ਸ਼੍ਰੋਮਣੀ ਅਕਾਲੀ ਦਲ ਖਾਸ ਕਰਕੇ ਬਾਦਲ ਪਰਿਵਾਰ ‘ਤੇ ਵਰਦਿਆਂ ਹਰਸਿਮਰਤ ਬਾਦਲ ਦੇ ਅਸਤੀਫੇ ‘ਤੇ ਵੀ ਤਨਜ਼ ਕੱਸਿਆ। ਬੈਂਸ ਨੇ ਹਰਸਿਮਰਤ ਬਾਦਲ ਦੇ ਅਸਤੀਫੇ ਨੂੰ ਸਿਆਸੀ ਡਰਾਮਾ ਦੱਸਿਆ। ਬੈਂਸ ਨੇ ਕਿਹਾ ਕਿ ਜਿਹੜੀ ਪਾਰਟੀ ਅਤੇ ਪਰਿਵਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਮਰਿਆਦਾ ਨਹੀਂ ਬਣਾ ਕੇ ਰੱਖ ਸਕੀ ਉਹ ਕਿਸਾਨਾਂ ਅਤੇ ਪੰਜਾਬ ਵਾਸੀਆਂ ਦਾ ਭਲਾ ਕਿਵੇਂ ਕਰ ਸਕਦੀ ਹੈ?
ਉਨ੍ਹਾਂ ਕਿਹਾ ਕਿ ਬਾਦਲ ਦੇ ਰਾਜ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਗਲੀਆਂ ਵਿਚ ਖਿਲਾਰ ਦਿੱਤੇ ਗਏ ਅਤੇ ਇਸ ਦੇ ਵਿਰੋਧ ਵਿਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦੇ ਹੋਏ ਦੋ ਸਿੱਖ ਨੋਜਵਾਨਾ ਨੂੰ ਪੰਜਾਬ ਪੁਲਿਸ ਵਲੋਂ ਸ਼ਹੀਦ ਕਰ ਦਿੱਤਾ ਗਿਆ। ਪਰ ਬਾਦਲ ਸਰਕਾਰ ਦੋਸ਼ੀਆਂ ਨੂੰ ਫੜਨ ਵਿਚ ਨਾਕਾਮਯਾਬ ਰਹੀ। ਬੈਂਸ ਨੇ ਕਿਹਾ ਕਿ ਬਾਦਲ ਪਰਿਵਾਰ ਇਸ ਕਾਨੂੰਨ ਨੂੰ ਕਿਸਾਨ ਵਿਰੋਧੀ ਮੰਨਦਾ ਹੀ ਨਹੀ ਫਿਰ ਉਹ ਕਿਸਾਨਾਂ ਦੀ ਅਗਵਾਈ ਕਿਵੇਂ ਕਰ ਸਕਦਾ ਹੈ।
ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਅਤੇ ਕਿਸਾਨੀ ਨਾਲ ਜੁੜੇ ਹਰ ਕਿੱਤੇ ਲਈ ਤਬਾਹਕੁੰਨ ਖੇਤੀ ਸੁਧਾਰ ਕਾਨੂੰਨ ਵਿਰੁੱਧ ਲੋਕ ਇਨਸਾਫ ਪਾਰਟੀ ਵੱਲੋਂ ਵਿੱਢੇ ਸੰਘਰਸ਼ ਤਹਿਤ 23 ਸਤੰਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਦਿੱਲੀ ਤੱਕ ਹਜ਼ਾਰਾਂ ਮੋਟਰਸਾਈਕਲਾਂ ‘ਤੇ ਰੋਸ ਮਾਰਚ ਕੱਢਦਿਆਂ ਸੰਸਦ ਘੇਰਨ ਦੀ ਰਣਨੀਤੀ ਉਲੀਕ ਦਿੱਤੀ ਗਈ ਹੈ।
ਇਸ ਸਬੰਧੀ ਪਾਰਟੀ ਅਹੁਦੇਦਾਰਾਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ। ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਦੇ ਹਜ਼ਾਰਾਂ ਵਰਕਰ ਸ਼ਹੀਦਾਂ ਦੀ ਧਰਤੀ ਫਤਿਹਗੜ੍ਹ ਸਾਹਿਬ ਵਿਖੇ ਇਕੱਠੇ ਹੋ ਕੇ ਮੋਟਰਸਾਇਕਲਾਂ ‘ਤੇ ਰੋਸ ਮਾਰਚ ਕਰਦਿਆਂ ਦਿੱਲੀ ਪਹੁੰਚ ਕੇ ਸੰਸਦ ਘੇਰ ਕੇ ਇਸ ਕਾਲੇ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕਰਨਗੇ।
