ਮਾਨਸਾ, 18 ਅਗਸਤ (ਸਾਰਾ ਯਹਾਂ/ਮੁੱਖ ਸੰਪਾਦਕ ):
ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਇੰਟੈਂਸੀਫਾਈਡ ਮਿਸ਼ਨ ਇੰਦਰਧਨੁਸ਼ 5.0 ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸਨਰ ਸ਼੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮਿਸ਼ਨ ਇੰਦਰਧਨੁਸ਼ ਦਾ ਮੁੱਖ ਮੰਤਵ ਕਿਸੇ ਕਾਰਨ ਜਾਂ ਕੋਰੋਨਾ ਮਹਾਂਮਾਰੀ ਦੇ ਸਮੇਂ ਜੋ ਬੱਚੇ ਅਤੇ ਗਰਭਵਤੀ ਮਾਵਾਂ ਟੀਕਾਕਰਨ ਤੋਂ ਵਾਂਝੇ ਰਹਿ ਗਏ ਸਨ, ਉਨ੍ਹਾਂ 0 ਤੋਂ 5 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ ਇਸ ਮਿਸ਼ਨ ਅਧੀਨ ਕਵਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ 100 ਫ਼ੀਸਦੀ ਟੀਕਾਕਰਨ ਯਕੀਨੀ ਬਣਾਇਆ ਜਾਵੇ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਰਸ਼ਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਸ਼ਨ ਇੰਦਰ ਧਨੁਸ਼ ਦਾ ਪਹਿਲਾ ਰਾਊਂਡ 11 ਸਤੰੰਬਰ ਤੋਂ 16 ਸਤੰਬਰ, ਦੂਸਰਾ ਰਾਊਂਡ 9 ਅਕਤੂਬਰ ਤੋਂ 14 ਅਕਤੂਬਰ ਅਤੇ ਤੀਸਰਾ ਰਾਊਂਡ 20 ਨਵੰਬਰ ਤੋਂ 25 ਨਵੰਬਰ 2023 ਤੱਕ ਹੈ। ਮਿਸ਼ਨ ਇੰਦਰ ਧਨੁਸ਼ ਸਿਹਤ ਵਿਭਾਗ ਦਾ ਵਿਸ਼ੇਸ਼ ਉਪਰਾਲਾ ਹੈ, ਜਿਸ ਰਾਹੀਂ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚੇ ਅਤੇ ਗਰਭਵਤੀ ਔਰਤਾਂ ਇਸ ਮਿਸ਼ਨ ਦਾ ਲਾਹਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਤਹਿਤ ਜ਼ਿਲ੍ਹੇ ਅੰਦਰ 46 ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 32 ਕੈੰਪ ਹਾਈ ਰਿਸਕ ਗਰੁੱਪ (ਥਾਵਾਂ) ਵਿੱਚ ਹਨ, ਜਿੰਨ੍ਹਾਂ ਵਿੱਚ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ ਟੀਕਾਕਰਨ ਕਰਨ ਦਾ ਟੀਚਾ ਹੈ। ਇਸ ਮਿਸ਼ਨ ਤਹਿਤ ਉਸਾਰੀ ਅਧੀਨ ਇਮਾਰਤਾਂ, ਭੱਠਿਆਂ, ਪਥੇਰਾ ਅਤੇ ਸ਼ੈੱਲਰਾਂ ਦੀ ਆਬਾਦੀ ਨੂੰ ਕਵਰ ਕੀਤਾ ਜਾਵੇਗਾ।
ਮੀਟਿੰਗ ਵਿੱਚ ਵਿਸ਼ਵ ਸਿਹਤ ਸੰਗਠਨ ਤੋਂ ਸਰਵੇਲੈਂਸ ਮੈਡੀਕਲ ਅਫ਼ਸਰ ਡਾ. ਨਵਦਿਤਾ ਵਾਸੂਦੇਵਾ ਵਿਸ਼ੇਸ਼ ਤੌਰ ’ਤੇ ਹਾਜਰ ਹੋਏ। ਉਨ੍ਹਾਂ ਮਿਸ਼ਨ ਇੰਦਰਧਨੁਸ਼ ਦੀ ਤਕਨੀਕੀ ਮਹੱਤਤਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਸ ਦੇ ਨਾਲ-ਨਾਲ ਕੋਈ ਵੀ ਬੱਚਾ ਐਮ.ਆਰ.-1 ਅਤੇ ਐਮ.ਆਰ.-2 ਤੋਂ ਵਾਂਝਾ ਨਾ ਰਹੇ ਤਾਂ ਜੋ ਦਸੰਬਰ 2023 ਤੱਕ ਖਸਰੇ ਦਾ ਖਤਮ ਕੀਤਾ ਜਾ ਸਕੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਬੱਚਾ ਬੁਖਾਰ ਜਾ ਸਰੀਰ ’ਤੇ ਦਾਣੇ (ਰੈਸ਼) ਨਾਲ ਤੁਹਾਡੇ ਕੋਲ ਆਉਂਦਾ ਹੈ ਤਾਂ ਤੁਰੰਤ ਉਸਨੂੰ ਟੈਸਟ ਲਈ ਭੇਜਿਆ ਜਾਵੇ। ਇਸ ਮੌਕੇ ਆਈ.ਐਮ.ਏ. ਮਾਨਸਾ ਦੇ ਪ੍ਰਧਾਨ ਡਾਕਟਰ ਜਨਕ ਰਾਜ ਨੇ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।
ਇਸ ਮੌਕੇ ਡਾ. ਵੇਦ ਪ੍ਰਕਾਸ ਸੰਧੂ ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ, ਡਾ. ਜਨਕ ਰਾਜ ਪ੍ਰਧਾਨ ਆਈ.ਐਮ. ਏ, ਮਾਨਸਾ, ਡਾ. ਨੇਹਾ, ਡਾ. ਵਰੁਣ ਮਿੱਤਲ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਵਿਜੈ ਕੁਮਾਰ, ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਦਰਸ਼ਨ ਸਿੰਘ, ਅਵਤਾਰ ਸਿੰਘ ਜ਼ਿਲਾ ਪ੍ਰੋਗਰਾਮ ਮੈਨੇਜਰ, ਸ੍ਰੀ ਸੰਤੋਸ਼ ਭਾਰਤੀ, ਜਗਦੇਵ ਮਾਨ, ਰਵਿੰਦਰ ਕੁਮਾਰ, ਮੀਨਾਕਸੀ, ਸਿੱਖਿਆ ਵਿਭਾਗ, ਇਸਤਰੀ ਅਤੇ ਬਾਲ ਵਿਭਾਗ ਦੇ ਨੁਮਾਇੰਦੇ, ਜ਼ਿਲੇ੍ਹ ਦੇ ਸਮੂਹ ਬਲਾਕ ਐਜੁਕੇਟਰ, ਐੱਲ.ਐਚ.ਵੀ.ਤੋਂ ਇਲਾਵਾ ਹੋਰ ਅਧਿਕਾਰੀ/ਕਰਮਚਾਰੀ ਮੌਜੂਦ ਸਨ।