ਸਰਦੂਲਗੜ੍ਹ/ਮਾਨਸਾ, 12 ਜੁਲਾਈ: (ਸਾਰਾ ਯਹਾਂ/ਮੁੱਖ ਸੰਪਾਦਕ)
ਸਾਡੇ ਲੋਕਾਂ, ਖਾਸ ਕਰਕੇ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਅਤੇ ਤੰਦਰੁਸਤੀ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਅਸੀਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹਾਂ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਰੋਗੀ ਕਲਿਆਣ ਸੰਮਤੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਐਸ.ਡੀ.ਐਮ. ਨੇ ਸਿਹਤ ਅਧਿਕਾਰੀਆਂ ਨੂੰ ਲੋਕਾਂ ਨੂੰ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਅਤੇ ਵੱਖ-ਵੱਖ ਸਿਹਤ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਲੋਕਾਂ ਨੂੰ ਸਿਹਤ ਸਕੀਮਾਂ ਅਤੇ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਕਿਹਾ।
ਉਨ੍ਹਾਂ ਹਸਪਤਾਲ ਦੇ ਸਟਾਫ਼ ਨੂੰ ਹਸਪਤਾਲ ਕੈਂਪਸ ਵਿੱਚ ਸਾਫ਼-ਸਫ਼ਾਈ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਅਤੇ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਸਵੈ ਸਹਾਇਤਾ ਸਮੂਹਾਂ (ਐਸ.ਐਚ.ਜੀ.) ਦਾ ਸਹਿਯੋਗ ਲੈਣ ਦੇ ਆਦੇਸ਼ ਦਿੱਤੇ।
ਸੀਨੀਅਰ ਮੈਡੀਕਲ ਅਫ਼ਸਰ, ਡਾ. ਰਵਨੀਤ ਕੌਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਐਸ.ਡੀ.ਐਚ. ਸਰਦੂਲਗੜ੍ਹ ਵਿਖੇ ਅਲਟਰਾਸਾਊਂਡ ਮਸ਼ੀਨ ਲਗਾਈ ਗਈ ਹੈ ਅਤੇ ਹਸਪਤਾਲ ਪ੍ਰਾਈਵੇਟ ਭਾਗੀਦਾਰਾਂ ਨਾਲ ਮਿਲ ਕੇ ਗਰਭਵਤੀ ਔਰਤਾਂ ਨੂੰ ਅਲਟਰਾਸਾਊਂਡ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ 76 ਅਲਟਰਾਸਾਊਂਡ ਟੈਸਟ ਕੀਤੇ ਗਏ ਹਨ, ਅਤੇ ਜਨਵਰੀ ਤੋਂ ਹੁਣ ਤੱਕ ਹਸਪਤਾਲ ਵਿੱਚ 32,431 ਮਰੀਜ਼ਾਂ ਦਾ ਇਲਾਜ਼ ਕੀਤਾ ਗਿਆ ਹੈ।
ਮੀਟਿੰਗ ਵਿੱਚ ਐਸ.ਡੀ.ਐਚ. ਅਤੇ ਸੀ.ਐਚ.ਸੀ. ਪੱਧਰਾਂ ’ਤੇ ਮੁਹੱਈਆ ਕਰਵਾਈਆਂ ਜਾਂਦੀਆਂ ਵੱਖ-ਵੱਖ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ ਗਈ, ਜਿਸ ਵਿਚ ਖਾਸ ਤੌਰ ’ਤੇ, ਹਸਪਤਾਲ ਵਿੱਚ 132 ਜਣੇਪੇ, 438 ਮੈਡੀਕਲ ਸੇਵਾਵਾਂ ਅਤੇ 32 ਪੋਸਟਮਾਰਟਮ ਕੀਤੇ ਗਏ ਹਨ। ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਤਹਿਤ 14,171 ਬੱਚਿਆਂ ਦੀ ਵੱਖ-ਵੱਖ ਸਿਹਤ ਸਮੱਸਿਆਵਾਂ ਲਈ ਜਾਂਚ ਕੀਤੀ ਗਈ ਹੈ।
ਮੀਟਿੰਗ ਵਿੱਚ ਰੋਗੀ ਕਲਿਆਣ ਸੰਮਤੀ ਦੇ ਮੈਂਬਰ ਅਤੇ ਸਬੰਧਤ ਅਧਿਕਾਰੀ ਹਾਜ਼ਰ ਸਨ।