
ਖਟਕੜ ਕਲਾਂ 18 ,ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼ ) : ਲੋਕ ਸਭਾ ਹਲਕਾ ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਮਾਨ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਬਾਰੇ ਕੀਤੀ ਟਿੱਪਣੀ ਤੋਂ ਬਾਅਦ ਪੰਜਾਬ ਵਿੱਚ ਮਾਹੌਲ ਗਰਮਾ ਗਿਆ ਹੈ। ਸਿਮਰਨਜੀਤ ਸਿੰਘ ਮਾਨ ਨੇ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਹੈ। ਇਸ ਟਿੱਪਣੀ ਕਾਰਨ ਸਿਆਸੀ ਪਾਰਟੀਆਂ ਅਤੇ ਨੌਜਵਾਨ ਜਥੇਬੰਦੀਆਂ ਨੇ ਮਾਨ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦੇ ਨੌਜਵਾਨਾਂ ਨੇ ਸੋਮਵਾਰ ਨੂੰ ਚੰਡੀਗੜ੍ਹ-ਜਲੰਧਰ ਨੈਸ਼ਨਲ ਹਾਈਵੇਅ ’ਤੇ ਜਾਮ ਲਾ ਦਿੱਤਾ। ਪਿੰਡ ਦੇ ਲੋਕਾਂ ਨੇ ਐਲਾਨ ਕੀਤਾ ਕਿ ਜੇਕਰ ਕੋਈ ਥੱਪੜ ਮਾਰ ਕੇ ਸਿਮਰਨਜੀਤ ਸਿੰਘ ਮਾਨ ਦੀ ਪੱਗ ਲਿਆਏਗਾ ਤਾਂ ਉਸ ਨੂੰ ਪੰਜ ਲੱਖ ਇੱਕ ਹਜ਼ਾਰ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ।
ਪਿੰਡ ਖਟਕੜ ਕਲਾਂ ਦੇ ਪਿੰਡ ਵਾਸੀਆਂ ਨੇ ਹਾਈਵੇ ਜਾਮ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਨੇ ਭਗਤ ਸਿੰਘ ਦੇ ਪਿੰਡ ‘ਚ ਸਹੁੰ ਚੁੱਕ ਕੇ ਪਿੰਡ ਦਾ ਨਾਂ ਬੁਲੰਦੀਆਂ ‘ਤੇ ਪਹੁੰਚਾਇਆ ਹੈ, ਉਥੇ ਹੀ ਸਿਮਰਨਜੀਤ ਸਿੰਘ ਮਾਨ ਨੇ ਇਸ ਨਾਂਅ ਨੂੰ ਬੱਟਾ ਲਗਾ ਦਿੱਤਾ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਭਗਤ ਸਿੰਘ ਦੀ ਕੁਰਬਾਨੀ ਨੂੰ ਯਾਦ ਕਰ ਕੇ ਸਿਮਰਨਜੀਤ ਸਿੰਘ ਮਾਨ ਨੂੰ ਇਹ ਅਹਿਸਾਸ ਕਰਵਾਉਣ ਕਿ ਉਨ੍ਹਾਂ ਨੇ ਕਿਸ ਬਾਰੇ ਅਪਸ਼ਬਦ ਬੋਲੇ ਹਨ।
ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਜਲੰਧਰ ਵਿੱਚ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਕੇ ਮਾਨ ਖ਼ਿਲਾਫ਼ ਕੇਸ ਦਰਜ ਕਰਨ ਲਈ ਮੰਗ ਪੱਤਰ ਸੌਂਪਿਆ। ਭਾਜਪਾ ਆਗੂਆਂ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਪਿਛਲੇ ਸਮੇਂ ਵਿੱਚ ਵੀ ਵਿਵਾਦ ਪੈਦਾ ਕਰਦੇ ਰਹੇ ਹਨ। ਹੁਣ ਇਕ ਵਾਰ ਫਿਰ ਉਸ ਨੇ ਜਾਣਬੁੱਝ ਕੇ ਲੋਕਾਂ ਦੇ ਦਿਲਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਨੂੰ ਸ਼ਹੀਦ-ਏ-ਆਜ਼ਮ ਬਾਰੇ ਇੰਟਰਵਿਊ ਦੌਰਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਕੀਤੀ ਗਈ ਟਿੱਪਣੀ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਜਿਸ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਦੀ ਪ੍ਰਵਾਹ ਨਹੀਂ ਕੀਤੀ, ਉਸ ਬਾਰੇ ਅਪਮਾਨਜਨਕ ਟਿੱਪਣੀਆਂ ਕਰਨਾ ਉਨ੍ਹਾਂ ਨੂੰ ਜਾਇਜ਼ ਨਹੀਂ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਖਾਲਿਸਤਾਨੀ ਸਮਰਥਕ ਸਿਮਰਨਜੀਤ ਸਿੰਘ ਮਾਨ ਅਜਿਹੀਆਂ ਅਦਭੁੱਤ ਟਿੱਪਣੀਆਂ ਕਰਕੇ ਪੰਜਾਬ ਅਤੇ ਦੇਸ਼ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਗਰਮ ਖ਼ਿਆਲੀ ਤਾਂ ਪਹਿਲਾਂ ਹੀ ਚਾਹੁੰਦੇ ਹਨ ਕਿ ਦੇਸ਼ ਅਤੇ ਸੂਬੇ ਦਾ ਮਾਹੌਲ ਖ਼ਰਾਬ ਹੋਵੇ।
