
ਚੰਡੀਗੜ੍ਹ 28,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਕੱਲ੍ਹ ਇਕ ਦਿਨਾ ਦੌਰਾ ਤੇ ਚੰਡੀਗਡ੍ਹ ਆ ਰਹੇ ਹਨ। ਇੱਥੇ ਉਹ ਪੰਜਾਬ ਸਬੰਧੀ ਵੱਡੇ ਐਲਾਨ ਕਰਨ ਲਈ ਮੀਡੀਆ ਨਾਲ ਗੱਲਬਾਤ ਕਰਨਗੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦਿੱਲੀ ਦੇ ਲੋਕਾਂ ਨੂੰ ਮਿਲ ਰਹੀਆਂ ਬੇਅੰਤ ਸੁਵਿਧਾਵਾਂ ਦੀ ਤਰਜ਼ ਤੇ ਪੰਜਾਬ ਦੇ ਲੋਕਾਂ ਲਈ ਵੀ ਸੁਵਿਧਾਵਾਂ ਦਾ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਸਮੇਂ ਵਿੱਚ ਅਤੇ ਅੰਤ ਮਹਿੰਗੀ ਬਿਜਲੀ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਅਰਵਿੰਦ ਕੇਜਰੀਵਾਲ ਮੁਫਤ ਬਿਜਲੀ ਦੇਣ ਦਾ ਵਾਅਦਾ ਵੀ ਕਰ ਸਕਦੇ ਹਨ।
ਮਾਨ ਨੇ ਦੱਸਿਆ ਕਿ ਮੌਜੂਦਾ ਸਮੇਂ ਵਿਚ ਮਹਿੰਗਾਈ ਦੀ ਮਾਰ ਨਾਲ ਹਰ ਵਰਗ ਪੀੜਤ ਹੈ ਪਰ ਮਹਿਲਾ ਵਰਗ ਇਸ ਤੋਂ ਸਭ ਤੋਂ ਜ਼ਿਆਦਾ ਪੀੜਤ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਵੱਧ ਸਹੂਲਤਾਂ ਦੇ ਕੇ ਉਨ੍ਹਾਂ ਦੀ ਬੱਚਤ ਦੇ ਇੰਤਜ਼ਾਮ ਲਈ ਅਰਵਿੰਦ ਕੇਜਰੀਵਾਲ ਆਪਣਾ ਪਲਾਨ ਜਾਰੀ ਕਰਨਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਵਿਚ ਫੇਲ੍ਹ ਸਾਬਤ ਹੋਈ ਹੈ।ਜਿਸ ਕਾਰਨ ਹਰ ਵਰਗ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਝੋਨੇ ਦੀ ਲੁਆਈ ਦਾ ਕੰਮ ਜੋਰਾਂ ਤੇ ਹੈ ਪਰ ਕਿਸਾਨਾਂ ਨੂੰ ਬਿਜਲੀ ਨਾ ਮਿਲਣ ਕਾਰਨ ਉਹ ਆਪਣੇ ਝੋਨੇ ਦੀ ਫਸਲ ਸਹੀ ਢੰਗ ਨਾਲ ਨਹੀਂ ਬੀਜ ਪਾ ਰਹੇ ਹਨ। ਪੰਜਾਬ ਵਿੱਚ ਬਿਜਲੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਵੀ ਅਰਵਿੰਦ ਕੇਜਰੀਵਾਲ ਆਪਣਾ ਫਾਰਮੂਲਾ ਪੇਸ਼ ਕਰਨਗੇ।
ਪੰਜਾਬ ਸਰਕਾਰ ਵਲੋਂ ਪੰਜਾਬ ਭਵਨ ਵਿੱਚ ਅਰਵਿੰਦ ਕੇਜਰੀਵਾਲ ਦੀ ਪ੍ਰੈਸ ਕਾਨਫ਼ਰੰਸ ਸਬੰਧੀ ਇਜਾਜਤ ਨਾ ਦਿੱਤੇ ਜਾਣ ਤੇ ਬੋਲਦਿਆਂ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਸਾਹਮਣੇ ਕੈਪਟਨ ਸਰਕਾਰ ਦੇ ਝੂਠਾਂ ਦਾ ਖੁਲਾਸਾ ਕਰਨ ਆ ਰਹੇ ਹਨ ਜਿਸ ਕਾਰਨ ਸਰਕਾਰ ਡਰੀ ਹੋਈ ਹੈ। ਉਨ੍ਹਾਂ ਕਿਹਾ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ ਇਸ ਲਈ ਕੈਪਟਨ ਸਰਕਾਰ ਜੋ ਮਰਜ਼ੀ ਜ਼ੋਰ ਲਗਾ ਦੇਵੇ ਆਮ ਆਦਮੀ ਪਾਰਟੀ ਪ੍ਰੈੱਸ ਕਾਨਫ਼ਰੰਸ ਕਰਕੇ ਲੋਕਾਂ ਤੱਕ ਆਪਣੀ ਗੱਲ ਪਹੁੰਚਾ ਕੇ ਰਹੇਗੀ
