
Punjab Election 25,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼) :ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਨਵੀਂ ਮੁਸੀਬਤ ‘ਚ ਫਸਦੀ ਨਜ਼ਰ ਆ ਰਹੀ ਹੈ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ (Bhagwant Mann) ਨੇ ਐਤਵਾਰ ਨੂੰ ਸੰਗਰੂਰ ‘ਚ ਰੋਡ ਸ਼ੋਅ ਕੀਤਾ। ਹੁਣ ਚੋਣ ਕਮਿਸ਼ਨ ਦੀ ਤਰਫੋਂ ਭਗਵੰਤ ਮਾਨ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਆਮ ਆਦਮੀ ਪਾਰਟੀ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ।
ਕਮਿਸ਼ਨ ਨੇ ਕੋਵਿਡ -19 ਦੇ ਫੈਲਣ ਨੂੰ ਰੋਕਣ ਲਈ ਪੰਜ ਰਾਜਾਂ ‘ਚ ਵਿਧਾਨ ਸਭਾ ਚੋਣਾਂ ਦੌਰਾਨ ਰੈਲੀਆਂ ਤੇ ਹੋਰ ਚੋਣ ਗਤੀਵਿਧੀਆਂ ‘ਤੇ ਕੁਝ ਪਾਬੰਦੀਆਂ ਲਗਾਈਆਂ ਹਨ। ਮਾਨ ਨੇ ਐਤਵਾਰ ਨੂੰ ਆਪਣੀ ਪਾਰਟੀ ਦੇ ਸਮਰਥਕਾਂ ਨਾਲ ਸੰਗਰੂਰ ਜ਼ਿਲ੍ਹੇ ਦੇ ਧੂਰੀ ਵਿਖੇ ਕਥਿਤ ਤੌਰ ‘ਤੇ ਰੋਡ ਸ਼ੋਅ ਕੀਤਾ।
ਧੂਰੀ ਦੇ ਰਿਟਰਨਿੰਗ ਅਫ਼ਸਰ ਇਸਮਤ ਵਿਜੇ ਸਿੰਘ ਨੇ ਸੋਮਵਾਰ ਨੂੰ ਦੱਸਿਆ ਕਿ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੂੰ ਇਹ ਦੱਸਣ ਲਈ ਕਿਹਾ ਗਿਆ ਹੈ ਕਿ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੀ ਪਾਰਟੀ ਖਿਲਾਫ ਕੋਈ ਕਾਰਵਾਈ ਕਿਉਂ ਨਾ ਕੀਤੀ ਜਾਵੇ।
ਭਗਵੰਤ ਮਾਨ ਧੂਰੀ ਤੋਂ ਚੋਣ ਲੜ ਰਹੇ
ਆਮ ਆਦਮੀ ਪਾਰਟੀ ਨੇ ਪਿਛਲੇ ਹਫ਼ਤੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਗਵੰਤ ਮਾਨ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨ ਦਿੱਤਾ ਸੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਕਿ ਭਗਵੰਤ ਮਾਨ ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ।
ਇਹ ਪਹਿਲੀ ਵਾਰ ਨਹੀਂ ਜਦੋਂ ਆਮ ਆਦਮੀ ਪਾਰਟੀ ਨੂੰ ਚੋਣ ਕਮਿਸ਼ਨ ਤੋਂ ਅਜਿਹਾ ਨੋਟਿਸ ਮਿਲਿਆ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਚੋਣ ਕਮਿਸ਼ਨ ਦੇ ਇਨਕਾਰ ਦੇ ਬਾਵਜੂਦ ਮੋਹਾਲੀ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ।
