
ਚੰਡੀਗੜ੍ਹ 21,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਪੰਜਾਬ ਦੇ ਵੋਟਰਾਂ ਨੂੰ ਸੂਬੇ ਭਰ ਵਿੱਚ ਅਮਨ ਸ਼ਾਂਤੀ ਨਾਲ ਵੋਟਾਂ ਭੁਗਤਾਉਣ ਲਈ ਧੰਨਵਾਦ ਕੀਤਾ। ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਇਸ ਵਾਰ ਬਦਲਾਅ ਲਈ ਅਤੇ ਸੂਬੇ ਵਿੱਚ ਇਮਾਨਦਾਰ ਸਰਕਾਰ ਲਿਆਉਣ ਲਈ ਵੱਡੀ ਗਿਣਤੀ ਵਿੱਚ ਮਤਦਾਨ ਕੀਤਾ ਹੈ।
ਸੋਮਵਾਰ ਨੂੰ ਪਾਰਟੀ ਮੁੱਖ ਦਫਤਰ ਤੋਂ ਜਾਰੀ ਇਕ ਬਿਆਨ ਵਿੱਚ ਭਗਵੰਤ ਮਾਨ ਨੇ ਕਿਹਾ, “ਪੰਜਾਬ ਦੇ ਲੋਕ ਵਧਾਈ ਦੇ ਪਾਤਰ ਹਨ, ਜਿਨ੍ਹਾਂ ਨੇ ਆਪਣੇ ਲੋਕਤੰਤਰਿਕ ਫ਼ਰਜ਼ ਨੂੰ ਇਮਾਨਦਾਰੀ ਨਾਲ ਨਿਭਾਇਆ ਹੈ। ਪੰਜਾਬ ਭਰ ਵਿੱਚ ਅਮਨ-ਅਮਾਨ ਨਾਲ ਨੇਪਰੇ ਚੜੀਆਂ ਚੋਣਾਂ ਇਸ ਗੱਲ ਦੀ ਗਵਾਹੀ ਭਰਦੀਆਂ ਹਨ ਕਿ ਪੰਜਾਬੀਆਂ ਨੇ ਆਪਣੇ ਹੱਕ ਦਾ ਇਸਤੇਮਾਲ ਇੱਕ ਚੰਗੇ ਬਦਲਾਅ ਲਈ ਕੀਤਾ ਹੈ।” ਉਹਨਾਂ ਆਮ ਆਦਮੀ ਪਾਰਟੀ ਦੇ ਸਾਰੇ ਵਲੰਟੀਅਰਜ਼ ਅਤੇ ਵਰਕਰਾਂ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਤਨ-ਮਨ ਨਾਲ ਸੇਵਾ ਨਿਭਾਉਣ ਵਾਲੇ ਹਰ ਵਲੰਟੀਅਰ ਦੀ ਪਾਰਟੀ ਰਿਣੀ ਹੈ।
