*ਭਗਵੰਤ ਮਾਨ ਨੇ ਕੈਪਟਨ ਤੋਂ ਮੰਗਿਆ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਦੇ ਪੈਸਿਆਂ ਦਾ ਹਿਸਾਬ-ਕਿਤਾਬ*

0
29

ਚੰਡੀਗੜ੍ਹ 16ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਸਾਲ ਕੋਰੋਨਾ ਕਾਲ ‘ਚ ਬਣਾਏ ਗਏ ਮੁੱਖ ਮੰਤਰੀ ਕੋਵਿਡ ਰਾਹਤ ਫੰਡ ‘ਤੇ ਆਮ ਆਦਮੀ ਪਾਰਟੀ ਨੇ ਸਵਾਲ ਚੁੱਕੇ ਹਨ। ਆਪ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਨੂੰ ਪੁੱਛਿਆ ਹੈ ਕਿ ਮੁੱਖ ਮੰਤਰੀ ਰਾਹਤ ਫੰਡ ਵਿੱਚ ਕਿੰਨਾ ਪੈਸਾ ਆਇਆ ਤੇ ਉਸ ਵਿੱਚੋਂ ਖ਼ਰਚ ਕਿੱਥੇ ਕਿੱਥੇ ਕੀਤਾ ਗਿਆ ਹੈ? ਅੱਜ ਤੱਕ ਇਸ ਫੰਡ ਦੀ ਜਾਣਕਾਰੀ ਕਿਉਂ ਜਨਤਕ ਨਹੀਂ ਕੀਤੀ ਗਈ? ਉਨ੍ਹਾਂ ਕਿਹਾ ਕਿ ਲੋਕਾਂ ਦੇ ਦਾਨ ਦਿੱਤੇ ਪੈਸੇ ਨੂੰ ਗੁਪਤ ਨਹੀਂ ਰੱਖਿਆ ਜਾ ਸਕਦਾ, ਇਸ ਲਈ ਕੈਪਟਨ ਇਸ ਫੰਡ ਦੇ ਪੈਸਿਆਂ ਦਾ ਹਿਸਾਬ ਲੋਕਾਂ ਨੂੰ ਦੇਣ।

ਸੂਬਾ ਪ੍ਰਧਾਨ ਨੇ ਸਵਾਲ ਕੀਤਾ ਕਿ ਕੋਰੋਨਾ ਨੂੰ ਭਾਰਤ ਵਿੱਚ ਆਇਆ ਇੱਕ ਸਾਲ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ। ਕੋਰੋਨਾ ਦਾ ਪਹਿਲਾ ਦੌਰ ਵੀ ਬੀਤ ਚੁੱਕਿਆ ਹੈ, ਪਰ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਹੁੱਣ ਤੱਕ ਲੋੜੀਂਦੀ ਸੰਖਿਆ ਵਿੱਚ ਵੈਂਟੀਲੇਟਰ ਨਹੀਂ ਹਨ। ਹਸਪਤਾਲਾਂ ਵਿੱਚ ਹੁਣ ਤੱਕ ਬੈਡਾਂ ਦੀ ਗਿਣਤੀ ਵੀ ਨਹੀਂ ਵਧਾਈ ਗਈ ਤਾਂ ਜੋ ਮਹਾਂਮਾਰੀ ਦੇ ਦੂਜੇ ਦੌਰ ਦਾ ਸਹੀ ਤਰੀਕੇ ਨਾਲ ਮੁਕਾਬਲਾ ਕੀਤਾ ਜਾ ਸਕੇ। ਜਦ ਸਰਕਾਰ ਨੇ ਕੁਝ ਕੀਤਾ ਹੀ ਨਹੀਂ ਤਾਂ ਸਵਾਲ ਬਣਦਾ ਆਖ਼ਰ ਮੁੱਖ ਮੰਤਰੀ ਰਾਹਤ ਫੰਡ ਦੇ ਨਾਂ ‘ਤੇ ਇੱਕਠੇ ਕੀਤੇ ਕਰੋੜਾਂ ਰੁਪਏ ਦਾ ਸਰਕਾਰ ਨੇ ਕੀ ਕੀਤਾ ਹੈ? ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਝੂਠਾ ਪ੍ਰਚਾਰ ਕਰਨ ਤੋਂ ਬਿਨਾਂ ਇਸ ਸਾਲ ਵਿੱਚ ਕੁਝ ਨਹੀਂ ਕੀਤਾ।

ਭਗਵੰਤ ਮਾਨ ਨੇ ਕਿਹਾ ਕਿ ਰਾਜ ਵਿੱਚ ਲਗਾਤਾਰ ਕੋਵਿਡ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵਧਣ ਕਾਰਨ ਮ੍ਰਿਤਕਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ। ਕੈਪਟਨ ਸਿਹਤ ਸੇਵਾਵਾਂ ਨੂੰ ਚੰਗਾ ਕਰਨ ਦੀ ਥਾਂ ਮਹਾਂਮਾਰੀ ਦੇ ਨਾਂ ‘ਤੇ ਆਪਣਾ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕੋਰੋਨਾ ਮਹਾਂਮਾਰੀ ਦੇ ਮ੍ਰਿਤਕਾਂ ਦੀ ਗਿਣਤੀ ਵਿੱਚ ਵੀ ਹੇਰਾ ਫ਼ੇਰੀ ਕਰ ਰਹੀ ਹੈ। ਰੋਜ ਸੈਂਕੜੇ ਲੋਕ ਇਲਾਜ ਨਾ ਹੋਣ ਕਾਰਨ ਮਰ ਰਹੇ ਹਨ, ਪਰ ਸਰਕਾਰ ਦੇ ਰਿਕਾਰਡ ਵਿੱਚ ਉਨਾਂ ਸਾਰੇ ਲੋਕਾਂ ਦੇ ਨਾਂ ਸ਼ਾਮਲ ਨਹੀਂ ਕੀਤੇ ਜਾ ਰਹੇ। ਸਰਕਾਰ ਜਿਹੜੇ ਅੰਕੜੇ ਦੱਸ ਰਹੀ ਹੈ, ਅਸਲ ਵਿੱਚ ਉਸ ਤੋਂ ਕਈ ਗੁਣਾ ਜ਼ਿਆਦਾ ਲੋਕ ਇਸ ਮਹਾਂਮਾਰੀ ਨਾਲ ਮਰ ਰਹੇ ਹਨ।

ਉਨ੍ਹਾਂ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਕੈਪਟਨ ਸਰਕਾਰ ਨੇ ਆਮ ਆਦਮੀ ਦੀ ਜਾਨ ਬਚਾਉਣ ਲਈ ਉਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਥਾਂ 5000 ਡੈੱਡ ਬਾਡੀ ਕਵਰ ਦੀ ਸਪਲਾਈ ਲਈ ਟੈਂਡਰ ਜਾਰੀ ਕੀਤੇ ਹਨ। ਸਰਕਾਰ ਵੱਲੋਂ ਟੈਂਡਰ ਰਾਰੀ ਕਰਕੇ ਕਿਹਾ ਗਿਆ ਹੈ ਕਿ ਜਿੰਨੀ ਜਲਦੀ ਹੋ ਸਕੇ ਡੈਡ ਬਾਡੀ ਕਵਰਾਂ ਦੀ ਸਪਲਾਈ ਦਿੱਤੀ ਜਾਵੇ। ਇਸ ਤੋਂ ਪਤਾ ਲੱਗਦਾ ਹੈ ਕਿ ਰਾਜ ਸਰਕਾਰ ਕੇਵਲ ਸਿਹਤ ਸੇਵਾਵਾਂ ਦੇ ਨਾਂ ‘ਤੇ ਪੰਜਾਬ ਦੇ ਲੋਕਾਂ ਨਾਲ ਖਿਲਵਾੜ ਕਰ ਰਹੀ ਹੈ। ਉਨਾਂ ਕਿਹਾ ਕਿ ਕੋਰੋਨਾ ਨਾਲ ਲੋਕਾਂ ਨੂੰ ਚੰਗੀ ਗੁਣਵਤਾ ਵਾਲੇ ਇਲਾਜ ਨਾਲ ਹੀ ਬਚਾਇਆ ਜਾ ਸਕਦਾ ਹੈ ਪਰ ਕੈਪਟਨ ਸਰਕਾਰ ਕੋਰੋਨਾ ਪੀੜਤਾਂ ਦੇ ਇਲਾਜ ਲਈ ਪ੍ਰਾਪਤ ਸਿਹਤ ਸੇਵਾਵਾਂ ਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਵਿੱਚ ਹੁਣ ਤੱਕ ਅਸਫ਼ਲ ਰਹੀ ਹੈ।

LEAVE A REPLY

Please enter your comment!
Please enter your name here