Punjab News: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਤੋਂ ਬਾਅਦ ਭਗਵੰਤ ਮਾਨ ਸੂਬੇ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਭਗਵੰਤ ਮਾਨ ਸੂਬੇ ਦੇ 17ਵੇਂ ਮੁੱਖ ਮੰਤਰੀ ਬਣਨਗੇ। ਭਗਵੰਤ ਮਾਨ ਨੇ ਕਾਮੇਡੀਅਨ ਤੋਂ ਮੁੱਖ ਮੰਤਰੀ ਬਣਨ ਤੱਕ ਦਾ ਸਫਰ ਤੈਅ ਕੀਤਾ ਹੈ। ਹਾਲਾਂਕਿ ਸੀਐਮ ਬਣਨ ਤੋਂ ਬਾਅਦ ਹੀ ਭਗਵੰਤ ਮਾਨ ਲਈ ਰਾਹ ਆਸਾਨ ਨਹੀਂ ਹੋਣ ਵਾਲਾ ਹੈ। ਕਰਜ਼ੇ ਵਿੱਚ ਡੁੱਬੇ ਪੰਜਾਬ ਨੂੰ ਮੁੜ ਲੀਹ ‘ਤੇ ਲਿਆਉਣ ਲਈ ਭਗਵੰਤ ਮਾਨ ਦੇ ਸਾਹਮਣੇ ਵੱਡੀ ਚੁਣੌਤੀ ਹੋਵੇਗੀ।
ਸਾਹਮਣੇ ਹੋਣਗੀਆਂ ਇਹ ਮੁਸ਼ਕਲਾਂ
- 2017 ਵਿੱਚ ਕਾਂਗਰਸ ਨੇ ਚੋਣਾਂ ਵਿੱਚ ਵੱਡੇ-ਵੱਡੇ ਵਾਅਦੇ ਕਰਕੇ ਸਰਕਾਰ ਬਣਾਈ ਸੀ ਪਰ ਕਾਂਗਰਸ ਪਾਰਟੀ ਉਨ੍ਹਾਂ ਵਾਅਦਿਆਂ ਨੂੰ ਪੂਰਾ ਨਹੀਂ ਕਰ ਸਕੀ। ਇਸ ਦਾ ਇੱਕ ਵੱਡਾ ਕਾਰਨ ਪੰਜਾਬ ‘ਤੇ ਲਗਾਤਾਰ ਵਧਦਾ ਕਰਜ਼ਾ ਸੀ। ਸੂਬੇ ਸਿਰ 2.82 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਅਜਿਹੇ ‘ਚ ਭਗਵੰਤ ਮਾਨ ਲਈ ਆਮ ਆਦਮੀ ਪਾਰਟੀ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਕਾਫੀ ਚੁਣੌਤੀਪੂਰਨ ਸਾਬਤ ਹੋਣ ਵਾਲਾ ਹੈ।
- ਪੰਜਾਬ ਦੇਸ਼ ਨੂੰ ਅਨਾਜ ਮੁਹੱਈਆ ਕਰਵਾਉਣ ਵਾਲੇ ਸੂਬੇ ਵਜੋਂ ਜਾਣਿਆ ਜਾਂਦਾ ਹੈ ਪਰ ਖੇਤੀ ਆਧਾਰਿਤ ਇਸ ਸੂਬੇ ਵਿੱਚ ਖੇਤੀ ਦੀ ਹਾਲਤ ਬਹੁਤੀ ਬਿਹਤਰ ਨਹੀਂ ਹੈ। ਪੰਜਾਬ ਵਿੱਚ ਖੇਤੀ ਵਿਕਾਸ ਦਰ 2% ਤੋਂ ਵੀ ਘੱਟ ਹੈ। ਹਾਲ ਹੀ ਵਿੱਚ ਹੋਏ ਕਿਸਾਨ ਅੰਦੋਲਨ ਤੋਂ ਬਾਅਦ ਸੂਬੇ ਦੀ ਸਿਆਸਤ ਵਿੱਚ ਖੇਤੀ ਦਾ ਮੁੱਦਾ ਕਾਫੀ ਅਹਿਮ ਬਣ ਗਿਆ ਹੈ।
- ਪੰਜਾਬ ‘ਚ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਕੰਮ ਜ਼ੋਰਾਂ ‘ਤੇ ਹੈ। ਚਰਨਜੀਤ ਸਿੰਘ ਚੰਨੀ ‘ਤੇ ਮੁੱਖ ਮੰਤਰੀ ਹੁੰਦਿਆਂ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਦੋਸ਼ ਲੱਗੇ ਸੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਇਸ ਮਾਮਲੇ ‘ਚ ਹਿਰਾਸਤ ‘ਚ ਹਨ। ਆਮ ਆਦਮੀ ਪਾਰਟੀ ਨੇ ਚੋਣਾਂ ਵਿੱਚ ਇਸ ਨੂੰ ਵੱਡਾ ਮੁੱਦਾ ਬਣਾਇਆ ਸੀ ਤੇ ਇਸ ਨੂੰ ਰੋਕਣ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
- ਪਿਛਲੇ ਕਈ ਸਾਲਾਂ ਤੋਂ ਬੇਅਦਬੀ ਦਾ ਮੁੱਦਾ ਪੰਜਾਬ ਦੀ ਸਿਆਸਤ ‘ਤੇ ਭਾਰੂ ਰਿਹਾ ਹੈ। ਸਿੱਖਾਂ ਦੀ ਸਭ ਤੋਂ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬੇਅਦਬੀ ਦੇ ਮੁੱਦੇ ਕਾਰਨ ਪੰਜਾਬ ਦੀ ਸਿਆਸਤ ਵਿੱਚ ਹਾਸ਼ੀਏ ‘ਤੇ ਹੈ। ਬੇਅਦਬੀ ਦੇ ਮੁੱਦੇ ‘ਤੇ ਇਨਸਾਫ਼ ਦਿਵਾਉਣ ਲਈ ਭਗਵੰਤ ਮਾਨ ਦੇ ਮੋਢਿਆਂ ‘ਤੇ ਦਬਾਅ ਰਹੇਗਾ।
- ਨਸ਼ਿਆਂ ਦਾ ਮੁੱਦਾ ਵੀ ਪੰਜਾਬ ਦੀ ਸਿਆਸਤ ਵਿੱਚ ਲਗਾਤਾਰ ਗੰਭੀਰ ਬਣਿਆ ਹੋਇਆ ਹੈ। ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਹੈ ਤੇ ਇਸ ਕਾਰਨ ਲੱਖਾਂ ਨੌਜਵਾਨਾਂ ਦਾ ਭਵਿੱਖ ਖ਼ਰਾਬ ਹੋ ਗਿਆ ਹੈ। ਕਾਂਗਰਸ ਸਾਰੇ ਵਾਅਦਿਆਂ ਦੇ ਬਾਵਜੂਦ ਡਰੱਗ ਮਾਫੀਆ ‘ਤੇ ਲਗਾਮ ਨਹੀਂ ਲਗਾ ਸਕੀ। ਹੁਣ ਭਗਵੰਤ ਮਾਨ ਨੂੰ ਵੀ ਇਸ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ