ਬਰਨਾਲਾ 20,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਸਰਕਾਰ ਵੱਲੋਂ 25 ਹਜ਼ਾਰ ਸਰਕਾਰੀ ਨੌਕਰੀਆਂ ਕੱਢਣ ਦੇ ਮਾਮਲੇ ‘ਤੇ ਬੀਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਵੱਡੀ ਗੱਲ ਕਹੀ ਹੈ। ਢਿੱਲਵਾਂ ਨੇ ਕਿਹਾ ਕਿ ਸਭ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਸਿਹਤ ਤੇ ਸਿੱਖਿਆ ਵਿਭਾਗ ਵਿੱਚ ਪਹਿਲਾਂ ਤੋਂ ਲਟਕਦੀਆਂ ਆਸਾਮੀਆਂ ਨੂੰ ਭਰਨ ਦੀ ਲੋੜ ਹੈ।
ਉਨ੍ਹਾਂ ਕਿਹਾ ਹੈ ਕਿ ਸਰਕਾਰ ਵੱਲੋਂ ਨਵੀਆਂ ਕੱਢੀਆਂ ਜਾ ਰਹੀਆਂ ਅਸਾਮੀਆਂ ਵਿੱਚ ਬਹੁਤੀਆਂ ਪੰਜਾਬ ਪੁਲਿਸ ਨਾਲ ਸਬੰਧਤ ਹਨ। ਜੇਕਰ ਸਿਹਤ ਤੇ ਸਿੱਖਿਆ ਦੀਆਂ ਆਸਾਮੀਆਂ ਭਰ ਦਿੱਤੀਆਂ ਜਾਣ ਤਾਂ ਪੁਲਿਸ ਦੀ ਬਹੁਤੀ ਆਸਾਮੀ ਭਰਨ ਦੀ ਲੋੜ ਹੀ ਨਹੀਂ ਪਵੇਗੀ, ਕਿਉਂਕਿ ਪੁਲਿਸ ਦੀ ਜ਼ਿਆਦਾ ਲੋੜ ਹੱਕ ਮੰਗਦੇ ਲੋਕਾਂ ਨੂੰ ਰੋਕਣ ਲਈ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਬੇਰੁਜ਼ਗਾਰਾਂ ਦੇ ਧਰਨਿਆਂ ਵਿੱਚ ਸੀਐਮ ਭਗਵੰਤ ਮਾਨ ਤੇ ਉਨ੍ਹਾਂ ਦੇ ਵਿਧਾਇਕ ਪਹੁੰਚ ਕੇ ਮੰਗ ਪੱਤਰ ਲੈਂਦੇ ਰਹੇ ਸਨ। ਇਸ ਕਰਕੇ ਉਨ੍ਹਾਂ ਨੂੰ ਬੇਰੁਜ਼ਗਾਰ ਅਧਿਆਪਕਾਂ ਦੀਆਂ ਸਮੱਸਿਆਂਵਾਂ ਦਾ ਭਲੀਭਾਂਤ ਪਤਾ ਹੈ। ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਸਰਕਾਰ ਅੱਜ ਦੇ ਐਲਾਨ ਨੂੰ ਅਮਲੀ ਜਾਮਾ ਪਹਿਨਾ ਕੇ ਨੌਕਰੀਆਂ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ, ਓਨਾ ਸਮਾਂ ਇਸ ਨੂੰ ਸਿਰਫ ਐਲਾਨ ਹੀ ਸਮਝਿਆ ਜਾਵੇਗਾ।
ਦੱਸ ਦੇਈਏ ਕਿ ਭਗਵੰਤ ਸਰਕਾਰ ਦੇ ਮੰਤਰੀ ਮੰਡਲ (Punjab Cabinet) ਨੇ ਇਕ ਇਤਿਹਾਸਕ ਫੈਸਲਾ ਲੈਂਦਿਆਂ ਆਪਣੀ ਪਹਿਲੀ ਮੀਟਿੰਗ ਵਿਚ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ‘ਚ ਨੌਜਵਾਨਾਂ ਨੂੰ 25000 ਸਰਕਾਰੀ ਨੌਕਰੀਆਂ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ 25000 ਸਰਕਾਰੀ ਨੌਕਰੀਆਂ ਵਿੱਚੋਂ 10,000 ਅਸਾਮੀਆਂ ਪੰਜਾਬ ਪੁਲਿਸ ‘ਚ ਭਰੀਆਂ ਜਾਣਗੀਆਂ ਜਦਕਿ 15000 ਨੌਕਰੀਆਂ ਬਾਕੀ ਵਿਭਾਗਾਂ ਵਿਚ ਦਿੱਤੀਆਂ ਜਾਣਗੀਆਂ। ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਨੌਕਰੀਆਂ ਦਾ ਇਸ਼ਤਿਹਾਰ ਦੇਣ ਅਤੇ ਨੋਟੀਫਿਕੇਸ਼ਨ ਦੀ ਪ੍ਰਕਿਰਿਆ ਇਕ ਮਹੀਨੇ ਦੇ ਅੰਦਰ ਪੂਰੀ ਹੋਵੇਗੀ।