ਬੁਢਲਾਡਾ 3 ਜਨਵਰੀ (ਸਾਰਾ ਯਹਾਂ/ਬੀਰਬਲ ਧਾਲੀਵਾਲ):ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਅਬਾਦਕਾਰ ਕਿਸਾਨਾਂ ਦੇ ਹੱਕ ਵਿੱਚ ਪਿੰਡ ਕੁਲਰੀਆਂ ਦੇ ਸਾਹਮਣਾ ਡੇਰਾ ਵਿਖੇ ਭਰਵਾਂ ਇਕੱਠ ਕੀਤਾ ਗਿਆ ਅਤੇ ਬਾਅਦ ਵਿੱਚ ਪਿੰਡ ਵਿੱਚ ਰੋਸ ਮੁਜ਼ਾਹਰਾ ਕਰਕੇ ਚੌਂਕੀ ਅੱਗੇ ਜਾ ਕੇ ਆਗੂਆਂ ਵੱਲੋਂ ਸੰਬੋਧਨ ਕੀਤਾ ਗਿਆ । ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾਂ ਨੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਵਾਅਦਾਖਿਲਾਫ਼ੀ ਦਾ ਜ਼ਿਕਰ ਕਰਦਿਆਂ ਭੂੰ ਮਾਫ਼ੀਆ ਅਤੇ ਗੁੰਡਾ ਗੱਠਜੋੜ ਨੂੰ ਨੱਥ ਪਾਉਣ ਦੀ ਗੱਲ ਕਹੀ । ਉਨ੍ਹਾਂ ਪੁਲਿਸ ਪ੍ਰਸ਼ਾਸਨ ਉੱਤੇ ਪੱਖਪਾਤ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਰੀਬ ਦੋ ਮਹੀਨੇ ਪਹਿਲਾਂ ਸਰਪੰਚ ਰਾਜਵੀਰ ਅਤੇ ਗੁੰਡਾ ਗੱਠਜੋੜ ਵੱਲੋਂ ਕਿਸਾਨ ਸੀਤਾ ਸਿੰਘ ਨੂੰ ਜਾਨੋ ਮਾਰਨ ਦੇ ਇਰਾਦੇ ਨਾਲ ਗੱਡੀ ਚੜ੍ਹਾ ਕੇ ਗੰਭੀਰ ਰੂਪ ਵਿੱਚ ਜ਼ਖਮੀ ਕੀਤਾ ਸੀ ਜੋ ਹਾਲੇ ਵੀ ਹਿਸਾਰ ਦੇ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ ਪਰ ਅਫ਼ਸੋਸ ਕਿ ਪ੍ਰਸ਼ਾਸਨ, ਯੋਗ ਕਾਰਵਾਈ ਕਰਨ ਦੀ ਬਜਾਏ ਉਲਟਾ ਪਿੰਡ ਵਿੱਚ ਬੇਖੌਫ਼ ਘੁੰਮ ਰਹੇ ਦੋਸ਼ੀਆਂ ਨੂੰ ਪੁਲਿਸ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਦੇਖ ਰਿਹਾ ਹੈ । ਉਨ੍ਹਾਂ ਮੰਗ ਕੀਤੀ ਕਿ ਲੋਕਾਂ ਦਾ ਸਿੱਦਕ ਪਰਖਣ ਦੀ ਬਜਾਏ, ਦੋਸ਼ੀਆਂ ਉੱਤੇ ਸਖ਼ਤ ਧਾਰਾਵਾਂ ਲਗਾਕੇ ਬਣਦੀ ਕਾਰਵਾਈ ਕੀਤੀ ਜਾਵੇ । ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਬਾਦਕਾਰ ਕਿਸਾਨਾਂ ਨੂੰ ਉਜਾੜਾ ਬੰਦ ਕਰਕੇ ਉਨ੍ਹਾਂ ਨੂੰ ਮਾਲਕੀ ਹੱਕ ਦਿੱਤੇ ਜਾਣ । ਕਿਸਾਨ ਆਗੂਆਂ ਨੇ ਜਾਣਕਾਰੀ ਦਿੰਦਿਆਂ ਅੱਗੇ ਕਿਹਾ ਕਿ ਅਬਾਦਕਾਰ ਕਿਸਾਨਾਂ ਦੇ ਹੱਕ ਵਿੱਚ 6 ਜਨਵਰੀ ਤੋਂ ਡੀਐਸਪੀ ਦਫ਼ਤਰ ਬੁਢਲਾਡਾ ਦੇ ਦਫ਼ਤਰ ਮੂਹਰੇ ਅਣਮਿੱਥੇ ਸਮੇਂ ਲਈ ਪੱਕਾ ਧਰਨਾ ਲਗਾਇਆ ਜਾ ਰਿਹਾ ਹੈ । ਉਨ੍ਹਾਂ ਇਨਸਾਫ਼ ਪਸੰਦ ਲੋਕਾਂ ਨੂੰ ਇਸ ਧਰਨੇ ਵਿੱਚ ਸ਼ਮੂਲੀਅਤ ਕਰਨ ਦੀ ਗੱਲ ਕਹੀ । ਇਸ ਮੌਕੇ ਕੁਲਵੰਤ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਭੈਣੀ ਬਾਘਾ ਸਮੇਤ ਲਖਵੀਰ ਸਿੰਘ ਅਕਲੀਆ, ਬਲਵਿੰਦਰ ਸਿੰਘ ਜੇਠੂਕੇ, ਕੁਲਵੰਤ ਸਿੰਘ ਭਦੌੜ, ਜਗਦੇਵ ਸਿੰਘ ਕੋਟਲੀ, ਬਲਜੀਤ ਸਿੰਘ ਭੈਣੀ, ਸੱਤਪਾਲ ਸਿੰਘ ਵਰ੍ਹੇ, ਤਾਰਾ ਚੰਦ ਬਰੇਟਾ, ਮਹਿੰਦਰ ਸਿੰਘ ਰਾਠੀ, ਪਾਲਾ ਸਿੰਘ, ਜਗਮੇਲ ਸਿੰਘ ਕੁਲਰੀਆਂ ਆਦਿ ਨੇ ਸੰਬੋਧਨ ਕੀਤਾ ।