*ਭਾਖੜਾ ਬੋਰਡ ‘ਚ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ‘ਤੇ ਕੇਂਦਰ ਖਿਲਾਫ ਡਟੇ ਕਿਸਾਨ, ਨਿੱਜੀਕਰਨ ਵੱਲ ਇਸ਼ਾਰਾ?*

0
60

ਚੰਡੀਗੜ੍ਹ 1,ਮਾਰਚ(ਸਾਰਾ ਯਹਾਂ/ਬਿਊਰੋ ਨਿਊਜ਼) : ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਕਰਨ ‘ਤੇ ਕੇਂਦਰ ਖਿਲਾਫ ਕਿਸਾਨ ਜਥੇਬੰਦੀਆਂ ਵੀ ਡਟਣ ਲੱਗੀਆਂ ਹਨ। ਇਸ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੋਦੀ ਸਰਕਾਰ ਦੀ ਸਖ਼ਤ ਨਿੰਦਾ ਕੀਤੀ ਗਈ ਹੈ। ਕਿਸਾਨ ਜਥੇਬੰਦੀ ਨੇ ਇਸ ਨੂੰ ਨਿੱਜੀਕਰਨ ਵੱਲ ਇੱਕ ਹੋਰ ਕਦਮ ਕਰਾਰ ਦਿੱਤਾ ਹੈ।

ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇਸ ਸਬੰਧੀ ਸਾਂਝਾ ਬਿਆਨ ਇੱਥੋਂ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਬਿਜਲੀ ਪੈਦਾਵਾਰ ਦੇ ਇਸ ਪ੍ਰਦੂਸ਼ਣ ਰਹਿਤ ਪ੍ਰਾਜੈਕਟ ਵਿੱਚ ਪੰਜਾਬ ਨੂੰ 60% ਨੁਮਾਇੰਦਗੀ ਦੇਣ ਦੇ ਦੋ ਠੋਸ ਆਧਾਰ ਸਨ। ਇੱਕ ਤਾਂ ਇਹ ਪ੍ਰਾਜੈਕਟ ਪੰਜਾਬ ਵਿੱਚ ਸਥਿਤ ਹੋਣਾ ਤੇ ਦੂਜਾ ਭਾਰੀ ਮੀਂਹ ਮੌਕੇ ਵਾਧੂ ਪਾਣੀ ਛੱਡਣ ਨਾਲ ਆਉਣ ਵਾਲੇ ਭਾਰੀ ਹੜ੍ਹਾਂ ਦੀ ਤਬਾਹੀ ਦੀ ਮਾਰ ਇਕੱਲੇ ਪੰਜਾਬ ਨੂੰ ਹੀ ਝੱਲਣੀ ਪੈਣੀ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਨਵੇਂ ਤਾਨਾਸ਼ਾਹੀ ਹੁਕਮਾਂ ਰਾਹੀਂ ਇਸ ਤੋਂ ਵੀ ਵੱਧ ਬੇਇਨਸਾਫ਼ੀ ਇਹ ਕੀਤੀ ਗਈ ਹੈ ਕਿ ਇਸ ਪ੍ਰਾਜੈਕਟ ਦੇ ਹਿੱਸੇਦਾਰ ਸੂਬਿਆਂ ਤੋਂ ਬਾਹਰਲੇ ਸੂਬਿਆਂ ਦੇ ਨੁਮਾਇੰਦੇ ਵੀ ਪ੍ਰਬੰਧਕ/ਚੇਅਰਮੈਨ ਲਾਏ ਜਾ ਸਕਣਗੇ। ਮਤਲਬ ਸਾਫ ਹੈ ਕਿ ਇਸ ਪ੍ਰਾਜੈਕਟ ਨੂੰ ਨਿਕੰਮਾ ਦਿਖਾ ਕੇ ਇਸ ਦਾ ਨਿੱਜੀਕਰਨ ਕਰਨਾ ਹੈ। ਕਿਸੇ ਨਿੱਜੀ ਕੰਪਨੀ ਨੂੰ ਲੋਕਾਂ ਕੋਲੋਂ ਮਨਮਰਜ਼ੀ ਦੇ ਬਿਜਲੀ ਰੇਟ ਵਸੂਲਣ ਦੀ ਖੁੱਲ੍ਹ ਦੇਣੀ ਹੈ।

ਜਥੇਬੰਦੀ ਦੀ ਜ਼ੋਰਦਾਰ ਮੰਗ ਹੈ ਕਿ ਬੀਬੀਐਮਬੀ ਦੀ ਬਣਤਰ ਦੀ ਪਹਿਲੀ ਸਥਿਤੀ ਬਹਾਲ ਕੀਤੀ ਜਾਵੇ ਤੇ ਇਸ ਦਾ ਕੰਟਰੋਲ ਪੰਜਾਬ ਅਤੇ ਹੋਰ ਹਿੱਸੇਦਾਰ ਸੂਬਿਆਂ ਦੇ ਹੱਥਾਂ ਵਿੱਚ ਹੀ ਰਹਿਣ ਦੀ ਗਰੰਟੀ ਕੀਤੀ ਜਾਵੇ। ਬਿਆਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਪੰਜਾਬ ਰਾਜ ਪਾਵਰਕੌਮ ਵੱਲੋਂ ਚਿੱਪ ਵਾਲੇ ਸਮਾਰਟ ਮੀਟਰ ਲਾਉਣ ਅਤੇ ਖੇਤੀ ਮੋਟਰਾਂ ਉੱਤੇ ਨਿਜੀ ਟ੍ਰਾਂਸਫਾਰਮਰ ਲਾਉਣ ਦੇ ਫ਼ੈਸਲੇ ਵੀ ਬਿਜਲੀ ਦੇ ਨਿੱਜੀਕਰਨ ਵੱਲ ਵਧ ਰਹੇ ਵੱਡੇ ਕਦਮ ਹਨ।

ਅਸਲ ਵਿੱਚ ਨਿੱਜੀਕਰਨ ਦੀ ਨੀਤੀ ਸੰਸਾਰ ਵਪਾਰ ਸੰਸਥਾ ਦੀਆਂ ਅਖੌਤੀ ਨਵੀਂਆਂ ਆਰਥਿਕ ਨੀਤੀਆਂ ਵਿੱਚ ਸਭ ਤੋਂ ਪ੍ਰਮੁੱਖ ਸਾਮਰਾਜ ਪੱਖੀ ਨੀਤੀਆਂ ਵਿੱਚੋਂ ਇੱਕ ਹੈ। ਕਿਸਾਨ ਆਗੂਆਂ ਵੱਲੋਂ ਇਨ੍ਹਾਂ ਸਾਮਰਾਜ ਪੱਖੀ ਨੀਤੀਆਂ ਤੋਂ ਪੀੜਤ ਸਮੂਹ ਕਿਰਤੀ ਲੋਕਾਂ ਨੂੰ ਆਪਸੀ ਮਤਭੇਦਾਂ ਨੂੰ ਸਰ ਕਰਦਿਆਂ ਇੱਕਜੁਟ ਸਾਂਝੀ ਸੰਘਰਸ਼ ਲਹਿਰ ਉਸਾਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਮਕਸਦ ਦੀ ਪੂਰਤੀ ਲਈ ਜਥੇਬੰਦੀ ਵੱਲੋਂ ਜ਼ੋਰਦਾਰ ਯਤਨ ਜੁਟਾਏ ਜਾਣਗੇ।

NO COMMENTS