ਬੁਢਲਾਡਾ10,ਦਸੰਬਰ (ਸਾਰਾ ਯਹਾ /ਅਮਨ ਮਹਿਤਾ): ਪਿਛਲੇ ਲੰਬੇ ਸਮੇਂ ਤੋਂ ਤਿੰਨ ਖੇਤੀ ਆਰਡੀਨੈਂਸਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ। ਜਿੱਥੇ ਕਿਸਾਨਾਂ ਵੱਲੋਂ ਲਗਪਗ ਪਿਛਲੇ ਪੰਦਰਾਂ ਦਿਨਾਂ ਤੋਂ ਦਿੱਲੀ ਦੇ ਬਾਡਰਾ ਤੇ ਧਰਨਾ ਦੇ ਕੇ ਘਿਰਾਓ ਕੀਤਾ ਹੋਇਆ ਹੈ ਉਥੇ ਸਥਾਨਕ ਪੱਧਰ ਤੇ ਵੀ ਜਥੇਬੰਦੀਆਂ ਅਤੇ ਕਿਸਾਨਾਂ ਵੱਲੋਂ ਧਰਨੇ ਪ੍ਰਦਰਸ਼ਨ ਜਾਰੀ ਹਨ। ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਭਾਜਪਾ ਆਗੂਆਂ ਦੇ ਘਰਾਂ ਅਤੇ ਦਫਤਰਾਂ ਦੇ ਘਿਰਾਓ ਤਹਿਤ ਅੱਜ ਵੀ ਭਾਜਪਾ ਆਗੂ ਸੁਖਦਰਸ਼ਨ ਸ਼ਰਮਾ ਅਤੇ ਰਾਕੇਸ਼ ਜੈਨ ਦੇ ਘਰਾਂ ਦਾ ਘਿਰਾਓ ਜਾਰੀ ਰਿਹਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਵੀ ਭਾਜਪਾ ਆਗੂ ਨੂੰ ਭਾਜਪਾ ਦਾ ਸਾਥ ਛੱਡ ਕੇ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ ਕਿਉਂਕਿ ਉਹ ਵੀ ਕਿਸਾਨਾਂ ਦੁਆਰਾ ਹੀ ਪੈਦਾ ਕੀਤਾ ਅੰਨ ਖਾਂਦੇ ਹਨ। ਉਨ੍ਹਾਂ ਇਸ ਮੌਕੇ ਕੇਂਦਰ ਸਰਕਾਰ ਅਤੇ ਭਾਜਪਾ ਆਗੂਆ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਕਿਸਾਨ ਹਾਜ਼ਰ ਸਨ।