29,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਵਿੱਚ ਅਗਲੇ ਸਾਲ 2022 ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਕਾਰਨ ਸਿਆਸੀ ਪਾਰਟੀਆਂ ਆਪਣਾ ਕਮਰ ਕੱਸਦੀਆਂ ਨਜ਼ਰ ਆ ਰਹੀਆਂ ਹਨ। ਇਸ ਦੇ ਨਾਲ ਹੀ ਪੰਜਾਬ ਦੇ ਆਗੂਆਂ ਵੱਲੋਂ ਇੱਕ ਪਾਰਟੀ ਛੱਡ ਕੇ ਦੂਜੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਫਿਲਹਾਲ ਇਸ ਸਭ ਦੇ ਵਿਚਕਾਰ ਅਕਾਲੀ ਦਲ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਮਨਜਿੰਦਰ ਸਿੰਘ ਸਿਰਸਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਦਰਅਸਲ, ਗ੍ਰਹਿ ਮੰਤਰਾਲੇ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਸੁਰੱਖਿਆ ਨੂੰ ‘ਵਾਈ’ ਸ਼੍ਰੇਣੀ ਤੋਂ ‘ਜ਼ੈੱਡ’ ਸ਼੍ਰੇਣੀ ਵਿੱਚ ਅਪਗ੍ਰੇਡ ਕਰ ਦਿੱਤਾ ਹੈ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਮਨਜਿੰਦਰ ਸਿੰਘ ਸਿਰਸਾ ਅਕਾਲੀ ਦਲ ਦੇ ਜਾਣੇ-ਪਛਾਣੇ ਆਗੂ ਰਹੇ ਹਨ। ਇਸ ਦੇ ਨਾਲ ਹੀ ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਫਿਲਹਾਲ ਸਿਰਸਾ ਦੀ ਸੁਰੱਖਿਆ ਲਈ ਸੀਆਰਪੀਐਫ ਦੇ ਜਵਾਨ ਤਾਇਨਾਤ ਕੀਤੇ ਗਏ ਹਨ।
ਸਿਰਸਾ ਤੋਂ ਇਲਾਵਾ ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਪੰਜਾਬ ਦੇ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਵੀ ਕੇਂਦਰ ਸਰਕਾਰ ਵੱਲੋਂ ਜ਼ੈੱਡ ਸ਼੍ਰੇਣੀ ਦੀ ਵੀਆਈਪੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਰਾਣਾ ਗੁਰਮੀਤ ਸਿੰਘ ਸੋਢੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ। ਰਾਣਾ ਗੁਰਮੀਤ ਸਿੰਘ ਸੋਢੀ ਨੇ ਹਾਲ ਹੀ ਵਿੱਚ ਕਾਂਗਰਸ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ। ਟਵਿਟਰ ‘ਤੇ ਆਪਣੇ ਅਸਤੀਫੇ ਦਾ ਐਲਾਨ ਕਰਦੇ ਹੋਏ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ ਗਏ ਆਪਣੇ ਅਸਤੀਫੇ ਦੀ ਤਸਵੀਰ ਸਾਂਝੀ ਕੀਤੀ।
ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੀ ਸਿਫਾਰਿਸ਼ ‘ਤੇ ਸੋਢੀ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਪੰਜਾਬ ਅਤੇ ਦਿੱਲੀ ਦੇ ਦੌਰੇ ਦੌਰਾਨ ਸੀਆਰਪੀਐਫ ਦੇ ਕਮਾਂਡੋਜ਼ ਨੂੰ ਉਨ੍ਹਾਂ ਨਾਲ ਦੇਖਿਆ ਜਾ ਸਕਦਾ ਹੈ। ਦੱਸ ਦੇਈਏ ਕਿ ਦੇਸ਼ ਵਿੱਚ ਕੁੱਲ 76 ਲੋਕਾਂ ਨੂੰ ਸੀਆਰਪੀਐਫ ਵੀਆਈਪੀ ਸੁਰੱਖਿਆ ਦੇ ਤਹਿਤ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਜਿਸ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਉਨ੍ਹਾਂ ਦੇ ਬੇਟੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਅਤੇ ਹੋਰ ਨੇਤਾ ਸ਼ਾਮਲ ਹਨ।