
(ਸਾਰਾ ਯਹਾਂ/ਬਿਊਰੋ ਨਿਊਜ਼ ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਆਪਣੀ ਟੀਮ ਦਾ ਵਿਸਥਾਰ ਕਰਦੇ ਹੋਏ ਬਲਬੀਰ ਸਿੰਘ ਸਿੱਧੂ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।
ਭਾਜਪਾ ਦੇ ਸੂਬਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ ਨੇ ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਬਲਬੀਰ ਸਿੰਘ ਸਿੱਧੂ ਨੂੰ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਵ-ਨਿਯੁਕਤ ਸੂਬਾ ਮੀਤ ਪ੍ਰਧਾਨ ਪਾਰਟੀ ਵੱਲੋਂ ਦਿੱਤੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਪ੍ਰਚਾਰ-ਪ੍ਰਸਾਰ ਲਈ ਤਨਦੇਹੀ ਤੇ ਲਗਨ ਨਾਲ ਕੰਮ ਕਰਨਗੇ।

ਦੂਜੇ ਪਾਸੇ ਜਲੰਧਰ ‘ਚ ਹੋਣ ਵਾਲੀਆਂ ਲੋਕ ਸਭਾ ਜ਼ਿਮਨੀ ਚੋਣਾਂ ਲਈ ਭਾਜਪਾ ਨੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਲੋਕ ਸਭਾ ਚੋਣਾਂ ਵਿੱਚ ਇਸ ਸੀਟ ਨੂੰ ਜਿੱਤਣ ਲਈ ਲਗਾਤਾਰ ਮਿਹਨਤ ਕਰ ਰਹੀ ਹੈ। ਜਿੱਤ ਲਈ ਹਰ ਪਹਿਲੂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇੰਨਾ ਹੀ ਨਹੀਂ ਹੁਣ ਇਕ ਕੇਂਦਰੀ ਮੰਤਰੀ ਵੀ ਨਿਯੁਕਤ ਕੀਤਾ ਗਿਆ ਹੈ, ਜੋ ਚੋਣਾਂ ਦੌਰਾਨ ਹਰ ਪਹਿਲੂ ‘ਤੇ ਨਜ਼ਰ ਰੱਖੇਗਾ ਅਤੇ ਪਾਰਟੀ ਨੂੰ ਜਿਤਾਉਣ ਲਈ ਰਣਨੀਤੀ ਬਣਾਉਣ ਦੇ ਨਾਲ-ਨਾਲ ਮੈਦਾਨ ‘ਚ ਵੀ ਉਤਰੇਗਾ।
ਦੱਸ ਦੇਈਏ ਕਿ ਲੋਕ ਸਭਾ ਸੀਟ ਸੀਨੀਅਰ ਕਾਂਗਰਸੀ ਆਗੂ ਅਤੇ ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ। ਇਸ ਦੇ ਮੱਦੇਨਜ਼ਰ ਕਾਂਗਰਸ ਨੂੰ ਹਮਦਰਦੀ ਦੀਆਂ ਵੋਟਾਂ ਦਾ ਸਮਰਥਨ ਮਿਲਦਾ ਨਜ਼ਰ ਆ ਰਿਹਾ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਕਾਂਗਰਸ ਹਮਦਰਦੀ ਦੀਆਂ ਵੋਟਾਂ ਦੇ ਸਹਾਰੇ ਇਹ ਚੋਣ ਜਿੱਤਣ ਦੀ ਰਣਨੀਤੀ ‘ਤੇ ਕੰਮ ਕਰ ਰਹੀ ਹੈ।
