
ਮਾਨਸਾ, 25 ਅਕਤੂਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਪੰਜਾਬ ਸਰਕਾਰ, ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਸੈਂਟ ਜ਼ੇਵੀਅਰ ਪਬਲਿਕ ਸਕੂਲ ਮਾਨਸਾ ਵਿਖੇ ਤਿੰਨ ਰੋਜ਼ਾ ਪ੍ਰਦਰਸ਼ਨੀ ਦਾ ਆਯੋਜਨ ਕੀਤਾ, ਜਿਸ ਵਿਚ ਵਿਭਾਗ ਦੀਆਂ ਕਲਾਸਿਕ ਤੇ ਵੱਡ-ਮੁੱਲੀਆਂ ਕਿਤਾਬਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫਸਰ ਸ਼੍ਰੀਮਤੀ ਤੇਜਿੰਦਰ ਕੌਰ ਨੇ ਰਾਜ ਭਾਸ਼ਾ ਐਕਟ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿਚ ਦਫ਼ਤਰੀ ਕੰਮ-ਕਾਜ ਅਤੇ ਸਾਰੇ ਬੋਰਡ ਪੰਜਾਬੀ ਭਾਸ਼ਾ ਭਾਵ ਗੁਰਮੁਖੀ ਲਿਪੀ ਵਿਚ ਹੋਣੇ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਕਾਰਜ ਨੂੰ ਪਹਿਲ ਦੇ ਅਧਾਰ ’ਤੇ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ।
ਉਨ੍ਹਾਂ ਦੱਸਿਆ ਕਿ ਵਿਕਰੀ ਕੇਂਦਰ ਦੇ ਇੰਚਾਰਜ ਸ਼੍ਰੀ ਰਵਿੰਦਰ ਸਿੰਘ ਨੇ ਇਸ ਮੌਕੇ ਵਿਭਾਗ ਦੀਆਂ ਕਿਤਾਬਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਕਿਤਾਬਾਂ ਵਿਅਕਤੀ ਨੂੰ ਚੰਗਾ ਮਨੁੱਖ ਬਣਨ ਦੀ ਪ੍ਰੇਰਣਾ ਦਿੰਦਿਆਂ ਹਨ। ਉਨ੍ਹਾਂ ਦੱਸਿਆ ਕਿ ਇਸ ਪੁਸਤਕ ਪ੍ਰਦਰਸ਼ਨ ਵਿੱਚ ਸ਼੍ਰੀ ਸਰੂਪ ਸਿੰਘ, ਸ਼੍ਰੀ ਜਗਰਾਜ ਸਿੰਘ ਅਤੇ ਓਮ ਪ੍ਰਕਾਸ਼ ਦਾ ਵਿਸ਼ੇਸ਼ ਸਹਿਯੋਗ ਰਿਹਾ।
