ਮਾਨਸਾ 23 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ) ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦਾ ਸੰਸਦ ਵਿਚ ਅਪਮਾਨ ਕਰਨ ਖਿਲਾਫ ਕਾਂਗਰਸ ਪਾਰਟੀ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਜਿਲ੍ਹਾ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਨੇ ਕਿਹਾ ਕਿ 18ਵੀਂ ਲੋਕ ਸਭਾ ਦਾ ਸਰਦ ਰੁੱਤ ਇਜਲਾਸ ਦੌਰਾਨ ਭਾਰਤ ਦੇ ਸੰਵਿਧਾਨ ਦੇ 75 ਸਾਲ ਪੂਰੇ ਹੋਣ ਤੇ ਕਾਂਗਰਸ ਸਮੇਤ ਇੰਡੀਆ ਗਠਜੋੜ ਦੀਆਂ ਪਾਰਟੀਆਂ ਨੇ ਸੰਸਦ ਵਿਚ ਸਰਕਾਰ ਤੋਂ ਸੰਵਿਧਾਨ ਤੇ ਚਰਚਾ ਦੀ ਮੰਗ ਕੀਤੀ। ਚਰਚਾ ਦੌਰਾਨ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਪ੍ਰਤੀ ਉਹਨਾਂ ਦਾ ਅਪਮਾਨ ਕਰਨ ਦੇ ਇਰਾਦੇ ਨਾਲ ਗ਼ਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ। ਦੇਸ਼ ਦੇ ਅਹਿਮ ਅੰਡਾਨੀ, ਮਨੀਪੁਰ, ਸੰਭਲ ਵਰਗੇ ਮਾਮਲਿਆਂ ਤੇ ਬਹਿਸ ਦੀ ਮੰਗ ਨੂੰ ਖਾਰਜ ਕਰ ਦਿੱਤਾ ਗਿਆ। ਇਸ ਤੇ ਕਾਂਗਰਸ ਸਮੇਤ ਸਾਰੀਆਂ ਪਾਰਟੀਆਂ ਨੇ ਲੋਕਤੰਤਰਿਕ ਅਤੇ ਸੰਵਿਧਾਨਿਕ ਕਦਰਾਂ ਕੀਮਤਾਂ ਬਾਰੇ ਜਾਣੂ ਕਰਵਾਇਆ ਪਰ ਭਾਜਪਾ ਤੇ ਉਹਨਾਂ ਦੀਆਂ ਭਾਈਵਾਲ ਪਾਰਟੀਆਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਡਾਕਟਰ ਅੰਬੇਦਕਰ ਦਾ ਅਪਮਾਨ ਕਰਕੇ ਸੰਘ ਅਤੇ ਭਾਜਪਾ ਦੀ ਮਨੂੰਵਾਦੀ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ। ਅਮਿਤ ਸ਼ਾਹ ਦੀ ਇਸ ਕਾਰਵਾਈ ਨੂੰ ਰੋਕਣ ਦੀ ਬਜਾਏ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਜਵਾਬੀ ਦੋਸ਼ਾਂ ਦੀ ਰਾਜਨੀਤੀ ਨੂੰ ਤੇਜ਼ ਕਰ ਦਿੱਤਾ ਹੈ। ਇੰਨਾ ਹੀ ਨਹੀਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਾਂਗਰਸ ਦੇ ਸੰਸਦ ਮੈਂਬਰਾਂ ਨਾਲ ਹੱਥੋਪਾਈ ਕੀਤੀ ਗਈ ਅਤੇ ਪਾਰਟੀ ਪ੍ਰਧਾਨ ਮਲਿਕ ਅਰਜਨ ਖੜਗੇ ਨੂੰ ਹੇਠਾਂ ਸੁੱਟ ਦਿੱਤਾ ਗਿਆ। ਭਾਜਪਾ ਨੇ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਖਿਲਾਫ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਵਿਰੋਧੀ ਧਿਰ ਦੀ ਆਵਾਜ਼ ਬੰਦ ਕਰਨ ਦੀ ਕੋਸ਼ਿਸ਼ ਕੀਤੀ ਗਈ। ਕਾਂਗਰਸ ਪਾਰਟੀ ਵੱਲੋਂ ਦੇਸ਼ ਦੇ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦਾ ਅਪਮਾਨ ਕਰਨ ਬਦਲੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਕੀਤੀ ਗਈ ਹੈ ਅਤੇ ਜਦ ਤੱਕ ਅਮਿਤ ਸ਼ਾਹ ਅਸਤੀਫਾ ਨਹੀਂ ਦਿੰਦੇ ਉਸ ਸਮੇਂ ਤੱਕ ਰੋਸ ਪ੍ਰਦਰਸ਼ਨ ਜਾਰੀ ਰੱਖਾਂਗੇ। ਇਸ ਮੌਕੇ ਅਮਨ ਸਿੰਗਲਾ ਢੈਪਈ ਸਪੋਕਸਮੈਨ, ਸੁਖਦਰਸ਼ਨ ਸਿੰਘ ਖਾਰਾ ਬਲਾਕ ਪ੍ਰਧਾਨ, ਗੁਰਦੀਪ ਸਿੰਘ ਦੀਪਾ ਐਮ ਸੀ, ਅੰਮ੍ਰਿਤਪਾਲ ਸਿੰਘ ਕੂਕਾ, ਐਡਵੋਕੇਟ ਬਲਕਰਨ ਸਿੰਘ ਬੱਲੀ, ਚੰਦਰ ਸ਼ੇਖਰ ਨੰਦੀ , ਪਵਨ ਕੁਮਾਰ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਮਾਨਸਾ, ਸਤੀਸ਼ ਮਹਿਤਾ, ਰਵੀ ਕੁਮਾਰ ਖੱਟਕ ਆਦਿ ਆਗੂ ਹਾਜਰ ਸਨ।