*ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਮੈਗਾ ਈਵੈਂਟ ਨੂੰ ਸਫ਼ਲ ਬਣਾਉਣ ਲਈ ਸਮੇਂ ਸਿਰ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼*

0
23

ਚੰਡੀਗੜ੍ਹ/ਐਸ.ਏ.ਐਸ.ਨਗਰ, 12 ਜਨਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ) : ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਪਹਿਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਫ਼ਲ ਬਣਾਉਣ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਸਾਲ ਫਰਵਰੀ ਵਿਚ ਹੋਣ ਵਾਲੇ ਇਸ ਮੈਗਾ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਪੰਜਾਬ ਦੇ ਮਾਡਲ ਸ਼ਹਿਰ ਮੋਹਾਲੀ ਦੇ ਸੁੰਦਰੀਕਰਨ ਅਤੇ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ‘ਤੇ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ।
ਪੁੱਡਾ ਭਵਨ, ਐਸ.ਏ.ਐਸ.ਨਗਰ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਅਧਿਕਾਰੀਆਂ ਨੂੰ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਤੋਂ ਨਿਵੇਸ਼ਕ ਸੰਮੇਲਨ ਵਾਲੀ ਥਾਂ ਤੱਕ ਜਾਣ ਵਾਲੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਸੂਬੇ ਦੇ ਸੰਪੂਰਨ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਅਹਿਮ ਸਿੱਧ ਹੋਵੇਗਾ ਅਤੇ ਇਸ ਮੈਗਾ ਈਵੈਂਟ ਨੂੰ ਸਫ਼ਲ ਬਣਾਉਣ ਲਈ ਵਿਸਥਾਰਤ ਪ੍ਰਬੰਧ ਕੀਤੇ ਜਾਣ।
ਉਨ੍ਹਾਂ ਨੇ ਅਧਿਕਾਰੀਆਂ ਨੂੰ 30 ਤੋਂ 31 ਜਨਵਰੀ ਤੱਕ ਹੋਣ ਵਾਲੇ ਜੀ-20 ਸੰਮੇਲਨ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਲਈ ਵੀ ਕਿਹਾ।
ਸ਼ਹਿਰ ਦੀਆਂ ਸੜਕਾਂ ਅਤੇ ਚੌਕਾਂ ਦੇ ਸੁੰਦਰੀਕਰਨ ਲਈ ਲੋੜੀਂਦੇ ਕਦਮ ਚੁੱਕਣ ਲਈ ਆਖਦਿਆਂ ਸ੍ਰੀ ਅਮਨ ਅਰੋੜਾ ਨੇ ਗਮਾਡਾ ਦੇ ਇੰਜੀਨੀਅਰਿੰਗ ਵਿੰਗ ਦੇ ਸਬੰਧਤ ਅਧਿਕਾਰੀਆਂ ਨੂੰ ਸੜਕਾਂ ਦੇ ਦੋਵੇਂ ਪਾਸੇ ਬਿਜਲੀ ਦੇ ਖੰਭਿਆਂ, ਚੌਕਾਂ ਨਾਲ ਸਬੰਧਤ ਪੇਂਟ ਦਾ ਕੰਮ ਨੇਪਰੇ ਚਾੜ੍ਹਨ ਅਤੇ ਫੁੱਲ-ਬੂਟੇ ਲਗਾਉਣ ਦੀ ਹਦਾਇਤ ਕੀਤੀ।
ਮੋਹਾਲੀ ਸ਼ਹਿਰ ਵਿੱਚ ਵਾਹਨਾਂ ਦੀ ਸੁਚਾਰੂ ਆਵਾਜਾਈ ਲਈ ਸ੍ਰੀ ਅਮਨ ਅਰੋੜਾ ਨੇ ਭੀੜ-ਭੜੱਕੇ ਵਾਲੀਆਂ ਸੜਕਾਂ, ਜਿੱਥੇ ਟ੍ਰੈਫਿਕ ਜਾਮ ਦੀ ਸਮੱਸਿਆ ਬਣੀ ਰਹਿੰਦੀ ਹੈ, ਤੋਂ ਟ੍ਰੈਫਿਕ ਘਟਾਉਣ ਲਈ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ।
ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਤਿੰਨ ਸੜਕਾਂ ਕੁੰਬਰਾ ਚੌਕ (ਸੈਕਟਰ-61/70 ਅਤੇ ਸੈਕਟਰ 62/69 ਦਾ ਡਿਵਾਈਡਿੰਗ ਰੋਡ ਚੌਕ) ਤੋਂ ਬਾਵਾ ਵਾਈਟ ਹਾਊਸ; ਪਿੰਡ ਮੋਹਾਲੀ ਤੋਂ ਵਾਈਪੀਐਸ ਚੌਕ; ਅਤੇ ਸੈਕਟਰ 62/63/50-51 ਚੌਕ ਤੋਂ ਸੈਕਟਰ 65/48 (ਗੋਲਫ ਰੇਂਜ) ਨੂੰ ਚੌੜਾ ਕਰਨ ਦਾ ਪ੍ਰੋਜੈਕਟ ਪ੍ਰਕਿਰਿਆ ਅਧੀਨ ਹੈ ਅਤੇ ਇਸ ‘ਤੇ ਜਲਦ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।
ਮੀਟਿੰਗ ਵਿੱਚ ਗਮਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਅਮਨਦੀਪ ਬਾਂਸਲ, ਮੁੱਖ ਇੰਜਨੀਅਰ ਸ੍ਰੀ ਬਲਵਿੰਦਰ ਸਿੰਘ ਅਤੇ ਗਮਾਡਾ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
————

NO COMMENTS