ਬਠਿੰਡਾ 15ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ) :ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵੱਲੋਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ ਦੇ ਵਿਰੋਧ ਵਜੋਂ ਅੱਜ ਬਠਿੰਡਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਵਲੋਂ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ। ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਅੱਜ ਜਦੋਂ ਹੀ ਠੇਕਾ ਮੁਲਾਜ਼ਮਾਂ ਨੂੰ ਪਤਾ ਲੱਗਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਹਿਰ ਦੇ ਨਵੇਂ ਚੁਣੇ ਗਏ ਕੌਂਸਲਰਾਂ ਦਾ ਸਨਮਾਨ ਅਤੇ ਮੇਅਰ ਦੀ ਚੋਣ ਕਰਨ ਡਿਪਟੀ ਕਮਿਸ਼ਨਰ ਦਫ਼ਤਰ ਆ ਰਹੇ ਹਨ, ਤਾਂ ਨਾਲ ਹੀ ਠੇਕਾ ਮੁਲਾਜ਼ਮਾਂ ਨੇ ਦਫ਼ਤਰ ਦੇ ਮੁੱਖ ਗੇਟ ਨੂੰ ਜਾ ਘੇਰਿਆ। ਦੋ ਘੰਟੇ ਗੇਟ ਬੰਦ ਰੱਖਣ ਤੋਂ ਬਾਅਦ ਜਦ ਪ੍ਰਸ਼ਾਸਨ ਨੇ ਮੰਤਰੀਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ ਕੀਤੀ ਤਾਂ ਠੇਕਾ ਮੁਲਾਜ਼ਮਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮਜ਼ਬੂਰਨ ਪ੍ਰਸ਼ਾਸਨ ਨੇ ਮੰਤਰੀਆਂ ਨੂੰ ਐਸਐਸਪੀ ਦਫਤਰ ਦੇ ਮੁੱਖ ਗੇਟ ਰਾਹੀਂ ਬਾਹਰ ਕੱਢਿਆ।
ਇਸ ਉਪਰੰਤ ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਕਿਹਾ ਕਿ ਕੈਪਟਨ ਸਰਕਾਰ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ। ਪਰ ਕੈਪਟਨ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਬਜਾਏ ਸਮੂਹ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਕਰਨ ਦੀ ਨੀਅਤ ਨਾਲ ਆਪਣੇ ਚਾਰ ਸਾਲਾਂ ਦੇ ਕਾਰਜ਼ਕਾਲ ਵਿੱਚ ਠੇਕਾ ਮੁਲਾਜਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ। ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਪੁਨਰਗਠਨ ਦੇ ਨਾਮ ‘ਤੇ ਸੱਠ ਹਜ਼ਾਰ ਦੇ ਕਰੀਬ ਪੋਸਟਾਂ ਖਤਮ ਕਰ ਦਿੱਤੀਆਂ ਹਨ।
ਉਨ੍ਹਾਂ ਕਿਹਾ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਨੂੰ ਅਣਵੇਖਿਆ ਕੀਤਾ ਗਿਆ ਹੈ ਜਿਸ ਕਾਰਨ ਠੇਕਾ ਮੁਲਾਜ਼ਮਾਂ ਦਾ ਕੈਪਟਨ ਸਰਕਾਰ ‘ਤੋਂ ਭਰੋਸਾ ਉੱਠ ਗਿਆ ਹੈ। ਕੈਪਟਨ ਸਰਕਾਰ ਵੱਲੋਂ ਵੀ ਅਕਾਲੀ-ਭਾਜਪਾ ਸਰਕਾਰ ਦੇ ਦਸ ਸਾਲਾਂ ਦੇ ਕਾਰਜ਼ਕਾਲ ਦੀ ਤਰ੍ਹਾਂ ਠੇਕਾ ਮੁਲਾਜਮਾਂ ਪ੍ਰਤੀ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਜਿਸ ਦੇ ਰੋਸ਼ ਵਜੋਂ ਅੱਜ ਜ਼ਿਲਾ ਬਠਿੰਡਾ ਦੇ ਠੇਕਾ ਮੁਲਾਜ਼ਮਾਂ ਵੱਲੋਂ ਸਬ ਕਮੇਟੀ ਮੈਂਬਰਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਗਿਆ ਹੈ।