ਮਨਰੇਗਾ ਅਧੀਨ ਕੰਮ ਕਰਨ ਵਾਲਿਆਂ ਲਈ ਸਫ਼ਾਈ ਅਤੇ ਸਵੱਛਤਾ ਬਣਾਈ ਰੱਖਣ ਬਾਰੇ ਅਡਵਾਇਜ਼ਰੀ ਜਾਰੀ : ਸਿਵਲ ਸਰਜਨ ਮਾਨਸਾ

0
19

ਮਾਨਸਾ, 28 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਬਲਬੀਰ ਸਿੰਘ ਸਿੱਧੂ ਨੇ ਕੋਵਿਡ-19 ਦੇ ਮੱਦੇਨਜ਼ਰ ਮਨਰੇਗਾ ਅਧੀਨ ਕੰਮ ਕਰਨ ਵਾਲਿਆਂ ਲਈ ਸਫ਼ਾਈ ਅਤੇ ਸਵੱਛਤਾ ਬਣਾਈ ਰੱਖਣ ਸਬੰਧੀ ਅਡਵਾਇਜ਼ਰੀ ਜਾਰੀ ਕੀਤੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਫੈਲਾਅ ਤੇ ਪ੍ਰਸਾਰ ਨੂੰ ਕਾਬੂ ਕਰਨ ਲਈ ਲੋਕ ਹਿੱਤ ਵਿੱਚ ਸਾਰੇ ਸੂਬੇ ਅੰਦਰ ਕਰਫਿਊ ਲਗਾ ਕੇ ਲੋਕਾਂ ਦੀਆਂ ਗਤੀਵਿਧੀਆਂ ‘ਤੇ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਭਾਵੇਂ ਸਰਕਾਰ ਨੇ ਮਨਰੇਗਾ ਅਧੀਨ ਕੰਮ ਕਰਨ ਵਾਲੇ ਕਾਮਿਆਂ ਦੀਆਂ ਮੁਸ਼ਕਿਲਾਂ ਨੂੰ ਘਟਾਉਣ ਲਈ ਜ਼ਰੂਰੀ ਗਤੀਵਿਧੀਆਂ ਮੁੜ ਸ਼ੁਰੂ ਕਰਨ ਦੀ ਆਗਿਆ ਦਿੱਤੀ ਹੈ ਪਰ ਫਿਰ ਵੀ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ। ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਮਨਰੇਗਾ ਅਧੀਨ ਸੁਪਰਵਾਈਜ਼ਰੀ ਸਰਪੰਚ, ਜੀ.ਆਰ.ਐੱਸ., ਕਾਮਿਆਂ ਦੇ ਨਾਲ-ਨਾਲ ਕੰਮ ਸ਼ੁਰੂ ਕਰਨ ਵਾਲੇ ਖੇਤਰਾਂ ਵਿੱਚ ਨਿਰਦੇਸ਼ਾਂ ਦਾ ਪਾਲਣ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸੁਪਰਵਾਈਜ਼ਰ ਇੱਕ ਵਿਆਪਕ ਕਾਰਜ ਯੋਜਨਾ ਇਸ ਢੰਗ ਨਾਲ ਵਿਕਸਤ ਕਰ ਸਕਦਾ ਹੈ ਕਿ ਉਹ ਕੰਮ ਵਾਲੀ ਥਾਂ ‘ਤੇ ਰਿਪੋਰਟ ਕਰਨ ਦੇ ਸਮੇਂ ‘ਤੇ ਮਨਰੇਗਾ ਕਰਮਚਾਰੀਆਂ ਨੂੰ ਕੰਮ ਦੌਰਾਨ ਆਰਾਮ ਦੇਣ ਦੇ ਸਮੇਂ ਵਿੱਚ ਕੁਝ ਫਾਸਲਾ ਰੱਖੇ, ਜਿਸ ਨਾਲ ਕੰਮ ਵੀ ਸਮੇਂ ਸਿਰ ਮੁਕੰਮਲ ਹੋ ਜਾਵੇ ਤੇ ਕੰਮ ਵਿੱਚ ਕੋਈ ਰੁਕਾਵਟ ਵੀ ਨਾ ਆਵੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕਾਰਜ ਖੇਤਰ ਨੂੰ ਕਾਰਜ ਵਾਲੀ ਥਾਂ ‘ਤੇ ਇਸ ਤਰ੍ਹਾਂ ਨਿਰਧਾਰਤ ਕੀਤਾ ਜਾਵੇਗਾ ਕਿ ਮਨਰੇਗਾ ਕਰਮਚਾਰੀਆਂ ਦਰਮਿਆਨ ਘੱਟੋ-ਘੱਟ 1 ਮੀਟਰ ਦੀ ਸਮਾਜਿਕ ਦੂਰੀ ਦੇ ਨਿਯਮ ਨੂੰ ਕਾਇਮ ਰੱਖਿਆ ਜਾ ਸਕੇ।
ਸਿਵਲ ਸਰਜਨ ਨੇ ਦੱਸਿਆ ਕਿ ਬੁਖਾਰ ਜਾਂ ਹੋਰ ਲੱਛਣ ਜਿਵੇਂ ਖੰਘ, ਸਾਹ ਲੈਣ ਵਿੱਚ ਤਕਲੀਫ਼ ਮਹਿਸੂਸ ਕਰਨ ਵਾਲੇ ਮਨਰੇਗਾ ਕਰਮਚਾਰੀਆਂ ਨੂੰ ਘਰ ਵਿੱਚ ਹੀ ਰਹਿਣ ਅਤੇ ਡਾਕਟਰੀ ਸਲਾਹ ਲੈਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਨਰੇਗਾ ਵਰਕਰਾਂ ਨੂੰ ਸਲਾਹ ਦਿੱਤੀ ਜਾਵੇਗੀ ਕਿ ਉਹ ਕਿਸੇ ਨਾਲ ਹੱਥ ਨਾ ਮਿਲਾਉਣ ਜਾਂ ਕਿਸੇ ਨੂੰ ਗਲੇ ਨਾ ਲਗਾਉਣ। ਉਨ੍ਹਾਂ ਦੱਸਿਆ ਕਿ ਮਨਰੇਗਾ ਸਟਾਫ਼ ਨੂੰ ਬਿਨ੍ਹਾਂ ਕੰਮ ਤੋਂ ਨਾ ਘੁੰਮਣ ਅਤੇ ਉਨ੍ਹਾਂ ਦੇ ਨਿਰਧਾਰਤ ਖੇਤਰ ਜਾਂ ਸਾਈਟ ਤੋਂ ਹੀ ਕੰਮ ਕਰਨ ਦੀ ਸਲਾਹ ਦਿੱਤੀ ਜਾਵੇ।
ਸਿਵਲ ਸਰਜਨ ਮਾਨਸਾ ਡਾ. ਠਕਰਾਲ ਨੇ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਸਰਪੰਚ, ਜੀ.ਆਰ.ਐਸ. ਸਮੇਤ ਸਾਰਿਆਂ ਨੂੰ ਹਰ ਸਮੇਂ ਕੱਪੜੇ ਦੇ ਮਾਸਕ ਪਹਿਨਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਮਾਸਕ ਨੂੰ ਇਸ ਢੰਗ ਨਾਲ ਪਹਿਨਿਆ ਜਾਣਾ ਚਾਹੀਦਾ ਹੈ ਕਿ ਇਹ ਨੱਕ ਦੇ ਨਾਲ ਨਾਲ ਮੂੰਹ ਨੂੰ ਵੀ ਕਵਰ ਕਰੇ ਅਤੇ ਕੱਪੜੇ ਦੇ ਮਾਸਕ ਨੂੰ ਵਰਤੋਂ ਬਾਅਦ ਰੋਜ਼ ਸਾਬਣ ਅਤੇ ਪਾਣੀ ਨਾਲ ਧੋਣਾ ਚਾਹੀਦਾ ਹੈ।
ਹੱਥ ਧੋਣ ਅਤੇ ਰੋਗਾਣੂ-ਮੁਕਤ ਕਰਨ ਸਬੰਧੀ ਦਿਸ਼ਾ-ਨਿਰਦੇਸ਼ਾਂ ਨੂੰ ਵਿਸਥਾਰ ਨਾਲ ਦੱਸਦਿਆਂ ਉਨ੍ਹਾਂ ਕਿਹਾ ਕਿ ਕਾਰਜ ਵਾਲੀ ਥਾਂ ‘ਤੇ ਲੋੜੀਂਦੀ ਮਾਤਰਾ ਵਿਚ ਪਾਣੀ ਅਤੇ ਸਾਬਣ ਦੀ ਉਪਲਬੱਧਤਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਮਨਰੇਗਾ ਵਰਕਰਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਜਦੋਂ ਵੀ ਹੱਥ ਧੋਣ ਦਾ ਮੌਕਾ ਮਿਲੇ, ਉਹ ਘੱਟੋ-ਘੱਟ ਹੱਥਾਂ ਨੂੰ 40 ਸੈਕਿੰਡ ਤੱਕ ਚੰਗੀ ਤਰ੍ਹਾਂ ਧੋਣ, ਨਾਲ ਹੀ ਉਹ ਹਥੇਲੀ, ਹੱਥ ਦਾ ਪਿਛਲਾ ਪਾਸਾ, ਉਂਗਲਾਂ ਅਤੇ ਅੰਗੂਠੇ ਵਿਚਕਾਰ ਵੀ ਚੰਗੀ ਤਰ੍ਹਾਂ ਸਾਬਣ ਤੇ ਪਾਣੀ ਨਾਲ ਹੱਥ ਸਾਫ਼ ਕਰਨ। ਉਨ੍ਹਾਂ ਦੱਸਿਆ ਕਿ ਹਰ ਦੋ ਘੰਟੇ ਬਾਅਦ ਹੱਥ ਧੋਣੇ ਚਾਹੀਦੇ ਹਨ ਅਤੇ ਉਪਰ ਦੱਸੇ ਅਨੁਸਾਰ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਅਤੇ ਕੰਮ ਕਰਨ ਤੋਂ ਬਾਅਦ ਹੱਥ ਲਾਜ਼ਮੀ ਤੌਰ ‘ਤੇ ਸਾਬਣ ਅਤੇ ਪਾਣੀ ਨਾਲ ਧੋਣੇ ਚਾਹੀਦੇ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਜੇ ਕੋਈ ਮਨਰੇਗਾ ਕਰਮਚਾਰੀ ਤੇਜ਼ ਬੁਖਾਰ, ਖੰਘ, ਛਿੱਕ ਜਾਂ ਸਾਹ ਲੈਣ ਵਿੱਚ ਮੁਸ਼ਕਿਲ ਮਹਿਸੂਸ ਕਰੇ, ਤਾਂ ਉਹ ਖੁਦ ਸੁਪਰਵਾਈਜ਼ਰ ਨੂੰ ਇਸ ਦੀ ਜਾਣਕਾਰੀ ਦੇਵੇ ਅਤੇ ਸਮੇਂ ਸਿਰ ਬੀਮਾਰੀ ਦਾ ਪਤਾ ਲਗਾਉਣ ਅਤੇ ਇਲਾਜ ਲਈ ਤੁਰੰਤ ਡਾਕਟਰੀ ਸਲਾਹ ਲਵੇ। ਮਨਰੇਗਾ ਕਰਮਚਾਰੀਆਂ ਨੂੰ ਇੱਕ ਦੂਜੇ ਤੋਂ ਇਨਫੈਕਸ਼ਨ ਨੂੰ ਰੋਕਣ ਲਈ ਉਹਨਾਂ ਨੂੰ ਇਕ ਦੂਜੇ ਨਾਲ ਦੁਪਹਿਰ ਦਾ ਖਾਣਾ ਇੱਕਠਿਆਂ ਨਹੀਂ ਖਾਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਜੇ ਕੋਈ ਕੰਮ ਦੌਰਾਨ ਸੰਪਰਕ ਵਿੱਚ ਆਉਣ ਕਰਕੇ ਕੋਵਿਡ-19 ਤੋਂ ਪੀੜਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਇਸ ਸਬੰਧੀ ਹੈਲਪਲਾਈਨ ਨੰਬਰ 104 ਸਟੇਟ ਕੰਟਰੋਲ ਰੂਮ ਨੰਬਰ 01722920074, 08872090029 ‘ਤੇ ਰਿਪੋਰਟ ਕਰਨੀ ਚਾਹੀਦੀ ਹੈ, ਤਾਂ ਜੋ ਬੀਮਾਰੀ ਦਾ ਸਹੀ ਕਾਰਨ ਪਤਾ ਲੱਗ ਸਕੇ ਤੇ ਪੀੜਤ ਦੀ ਇਲਾਜ ਕੀਤਾ ਜਾ ਸਕੇ।

LEAVE A REPLY

Please enter your comment!
Please enter your name here