
ਚੰਡੀਗੜ੍ਹ 28,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ 250 ਸਕੂਲਾਂ ਦੀ ਲਿਸਟ ਜਾਰੀ ਕਰਕੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਚੁਣੌਤੀ ਦਿੱਤੀ ਹੈ। ਮਨੀਸ਼ ਸਿਸੋਦੀਆ ਨੇ ਨੇ ਕਿਹਾ ਹੈ ਕਿ ਹੁਣ ਪੰਜਾਬ ਦੇ 250 ਸਕੂਲਾਂ ਦੀ ਲਿਸਟ ਜਾਰੀ ਕਰੋ। ਇਸ ਤੋਂ ਬਾਅਦ ਪੱਤਰਕਾਰਾਂ ਨੂੰ ਲੈ ਕੇ ਇਨ੍ਹਾਂ ਸਾਰੇ ਸਕੂਲਾਂ ਵਿੱਚ ਜਾਵਾਂਗੇ ਤੇ ਫਿਰ ਮੀਡੀਆ ਸਾਹਮਣੇ ਬਹਿਸ ਕਰਾਂਗੇ ਕਿ ਕੌਣ ਕਿੰਨੇ ਪਾਣੀ ਵਿੱਚ ਹੈ।
ਦਰਅਸਲ ਪੰਜਾਬ ਤੇ ਦਿੱਲੀ ਸਰਕਾਰ ਵਿਚਾਲੇ ਸਿੱਖਿਆ ਪ੍ਰਬੰਧਾਂ ਨੂੰ ਲੈ ਕੇ ਬਹਿਸ ਛਿੜ ਗਈ ਹੈ। ਦਿੱਲੀ ਤੇ ਪੰਜਾਬ ਦੇ ਸਿੱਖਿਆ ਮੰਤਰੀ ਇੱਕ-ਦੂਜੇ ਨੂੰ ਚੁਣੌਤੀ ਦੇ ਰਹੇ ਹਨ। ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸ਼ਿਸ਼ੋਦੀਆ ਨੇ ਅੱਜ ਸਵੇਰੇ ਟਵੀਟ ਕਰਕੇ ਕਿਹਾ ਸੀ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਤੇ ਦਿੱਲੀ ਦੇ ਸਿੱਖਿਆ ਮਾਡਲ ‘ਤੇ ਬਹਿਸ ਹੋਣੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਦਿੱਲੀ ਦੇ 250 ਸਰਕਾਰੀ ਸਕੂਲਾਂ ਵਿੱਚ ਪਿਛਲੇ 5 ਸਾਲਾਂ ਵਿੱਚ ਹੋਏ ਸੁਧਾਰਾਂ ਨੂੰ ਦੇਖਣਾ ਚਾਹੁੰਦੇ ਹਨ। ਫਿਰ ਪੰਜਾਬ ਦੇ 250 ਸਕੂਲਾਂ ਵਿੱਚ ਸੁਧਾਰ ਬਾਰੇ ਸਾਨੂੰ ਵਿਖਾ ਕੇ ਇਸ ਬਾਰੇ ਬਹਿਸ ਕਰਨਗੇ। ਇਸ ਮਗਰੋਂ ਸਿਸੋਦੀਆ ਨੇ ਲਿਸਟ ਜਾਰੀ ਕਰ ਦਿੱਤੀ ਹੈ।
ਦੱਸ ਦਈਏ ਕਿ ਪਿਛਲੇ ਦਿਨੀਂ ਕੇਜਰੀਵਾਲ ਨੇ ਪੰਜਾਬ ਵਿੱਚ ਦਿੱਲੀ ਵਰਗਾ ਸਿੱਖਿਆ ਮਾਡਲ ਲਾਗੂ ਕਰਨ ਦਾ ਐਲਾਨ ਕੀਤਾ ਸੀ। ਇਸ ਮਗਰੋਂ ਪੰਜਾਬ ਸਰਕਾਰ ਨੇ ਅਲੋਚਨਾ ਕਰਦਿਆਂ ਕਿਹਾ ਸੀ ਕਿ ਪੰਜਾਬ ਦੇ ਸਕੂਲ ਪਹਿਲਾਂ ਹੀ ਦਿੱਲੀ ਨਾਲੋਂ ਬਿਹਤਰ ਹਨ। ਇਸ ਕਰਕੇ ਦੋਵਾਂ ਸਰਕਾਰਾਂ ਵਿਚਾਲੇ ਗੱਲ ਖੁੱਲ੍ਹੀ ਬਹਿਸ ਦੀ ਚਣੌਤੀ ਤੱਕ ਪਹੁੰਚ ਗਈ ਹੈ।
