ਮਾਨਸਾ, 19 ਮਾਰਚ(ਸਾਰਾ ਯਹਾ, ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਦੀ ਪ੍ਰਧਾਨਗੀ ਹੇਠ ਮਰਦਮਸ਼ੁਮਾਰੀ 2021 ਸਬੰਧੀ ਅੱਜ ਚਾਰਜ ਅਫ਼ਸਰਾਂ ਅਤੇ ਡੀਲਿੰਗ ਸਹਾਇਕਾਂ ਨੂੰ ਇਸ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਅਤੇ 100 ਫ਼ੀਸਦੀ ਸਹੀ ਅੰਕੜੇ ਇਕੱਠੇ ਕਰਨ ਸਬੰਧੀ ਸਥਾਨਕ ਬੱਚਤ ਭਵਨ ਵਿਖੇ ਸਿਖਲਾਈ ਦਿੱਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮਰਦਮਸ਼ੁਮਾਰੀ ਦੇਸ਼ ਦਾ ਇੱਕ ਬਹੁਤ ਹੀ ਅਹਿਮ ਕਾਰਜ ਹੈ। ਉਨ੍ਹਾਂ ਕਿਹਾ ਕਿ ਮਰਦਮਸ਼ੁਮਾਰੀ 1872 ਵਿੱਚ ਪਹਿਲੀ ਵਾਰ ਸ਼ੁਰੂ ਕੀਤੀ ਗਈ ਸੀ ਅਤੇ ਹੁਣ ਆਜਾਦ ਭਾਰਤ ਦੀ 8ਵੀਂ ਜਨਗਣਨਾ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਮਿਸ਼ਰਤ ਢੰਗ ਨਾਲ ਮੋਬਾਇਲ ਐਪ ਅਤੇ ਪੇਪਰ ਅਨੁਸੂਚਿਆਂ ਨੂੰ ਭਰਨ ਦੇ ਵਿਕਲਪ ਨੂੰ ਮੁੱਖ ਰੱਖ ਕੇ ਮਰਦਮਸ਼ੁਮਾਰੀ ਦੇ ਅੰਕੜੇ ਇਕੱਠੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਅੰਕੜੇ ਇੱਕਤਰ ਕਰਨ ਦੀ ਸਮੁੱਚੀ ਪ੍ਰਕ੍ਰਿਆ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਮਰਦਮਸ਼ੁਮਾਰੀ ਦੌਰਾਨ ਗਿਣਤੀਕਾਰਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਅੱਜ ਦੇ ਸਿਖਲਾਈ ਪ੍ਰੋਗਰਾਮ ਮੌਕੇ ਜੁਆਇੰਟ ਡਾਇਰੈਕਟਰ ਸ਼੍ਰੀ ਮ੍ਰਿਤੁਯੰਜਯ ਕੁਮਾਰ ਨੇ ਦੱਸਿਆ ਕਿ ਇਹ ਮਰਦਮਸ਼ੁਮਾਰੀ ਪਿਛਲੀਆਂ ਮਰਦਮਸ਼ੁਮਾਰੀਆਂ ਤੋਂ ਵੱਖ ਹੈ ਕਿਉਂਕਿ ਇਹ ਭਾਰਤ ਦੀ ਪਹਿਲੀ ਡਿਜ਼ੀਟਲ ਮਰਦਮਸ਼ੁਮਾਰੀ ਹੋਣ ਜਾ ਰਹੀ ਹੈ। ਇਸ ਮਰਦਮਸ਼ੁਮਾਰੀ ਵਿੱਚ ਗਿਣਤੀਕਾਰਾਂ ਨੂੰ ਆਪਣੇ ਮੋਬਾਇਲ ਦੀ ਵਰਤੋਂ ਕਰਦੇ ਹੋਏ ਪਰਿਵਾਰਾਂ ਦੇ ਅੰਕੜਿਆਂ ਨੂੰ ਡਿਜ਼ੀਟਲੀ ਇਕੱਠਾ ਕਰਨ ਲਈ ਪ੍ਰੇਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਰਦਮਸ਼ੁਮਾਰੀ ਦੇ ਕੰਮ ਨੂੰ ਸਫ਼ਲਤਾ ਪੂਰਵਕ ਮੁਕੰਮਲ ਕਰਨ ਲਈ ਜ਼ਿਲ੍ਹੇ ਅੰਦਰ 1569 ਗਿਣਤੀਕਾਰ ਅਤੇ 262 ਸੁਪਰਵਾਈਜ਼ਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮਰਦਮਸ਼ੁਮਾਰੀ ਦਾ ਪਹਿਲਾ ਪੜਾਅ 15 ਮਈ ਤੋਂ 29 ਜੂਨ 2020 ਅਤੇ ਦੂਜਾ ਪੜਾਅ 9 ਫਰਵਰੀ ਤੋਂ 28 ਫਰਵਰੀ 2021 ਤੱਕ ਕੀਤਾ ਜਾਵੇਗਾ। ਸਿਖਲਾਈ ਪ੍ਰੋਗਰਾਮ ਦੌਰਾਨ ਕੋਆਰਡੀਨੇਟਰ ਮਰਦਮਸ਼ੁਮਾਰੀ ਸ਼੍ਰੀ ਵਰਿੰਦਰ ਕੁਮਾਰ ਵੱਲੋਂ ਮੌਜੂਦਾ ਨੂੰ ਮਰਦਮਸ਼ੁਮਾਰੀ ਦੇ ਕੰਮ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਸਬੰਧੀ ਅਹਿਮ ਨੁਕਤਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ, ਤਹਿਸੀਲਦਾਰ ਮਾਨਸਾ ਸ਼੍ਰੀ ਅਮਰਜੀਤ ਸਿੰਘ, ਉਪ ਅਰਥ ਤੇ ਅੰਕੜਾ ਸਲਾਹਕਾਰ ਸ਼੍ਰੀ ਬਹਾਦਰ ਸਿੰਘ, ਅੰਕੜਾ ਸਹਾਇਕ ਸ਼੍ਰੀ ਵਰਿੰਦਰ ਕੁਮਾਰ, ਮਰਦਮਸ਼ੁਮਾਰੀ ਵਿਭਾਗ ਵੱਲੋਂ ਸ਼੍ਰੀ ਗੁਲਸ਼ਨ ਕੁਮਾਰ ਅਤੇ ਜੂਨੀਅਰ ਸਲਾਹਕਾਰ ਸ਼੍ਰੀ ਪਾਰੂਲ ਤੋਂ ਇਲਾਵਾ ਹੋਰ ਵੀ ਅਧਿਕਾਰੀ, ਗਿਣਤੀਕਾਰ ਅਤੇ ਸੁਪਰਵਾਈਜ਼ਰ ਮੌਜੂਦ ਸਨ।