*ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਵਾਸੀਆਂ ਨੇ ਕੀਤਾ ਕਾਲੀ ਦੀਵਾਲੀ ਮਨਾਉਣ ਦਾ ਐਲਾਨ, ਇਨਸਾਫ਼ ਨਾ ਮਿਲਣ ‘ਤੇ ਪਰਿਵਾਰ ਤੇ ਪਿੰਡ ‘ਚ ਰੋਸ ਦੀ ਲਹਿਰ*

0
29

 (ਸਾਰਾ ਯਹਾਂ/ਬਿਊਰੋ ਨਿਊਜ਼ ) : ਇਸ ਵਾਰ ਲੋਕ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸੇ ਵਿੱਚ ਕਾਲੀ ਦੀਵਾਲੀ ਮਨਾਉਣਗੇ। ਮੂਸੇਵਾਲਾ ਕਤਲ ਕਾਂਡ ਵਿੱਚ ਇਨਸਾਫ਼ ਨਾ ਮਿਲਣ ਕਾਰਨ ਪਰਿਵਾਰ ਤੇ ਪਿੰਡ ਵਾਸੀਆਂ ਵਿੱਚ ਰੋਸ ਹੈ। ਪਿੰਡ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਸਿੱਧੂ ਤੇ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਵਾਰ ਦੀਵਾਲੀ ਪਿੰਡ ਮੂਸਾ ਵਿੱਚ ਨਹੀਂ ਮਨਾਈ ਜਾਵੇਗੀ।

ਨਹੀਂ ਲੈ ਕੇ ਆਇਆ ਕੋਈ ਵੀ ਦੁਕਾਨਦਾਰ ਪਟਾਕੇ ਤੇ ਮਠਿਆਈਆਂ 

ਇਹੀ ਕਾਰਨ ਹੈ ਕਿ ਪਿੰਡ ਦਾ ਕੋਈ ਵੀ ਦੁਕਾਨਦਾਰ ਪਟਾਕੇ ਜਾਂ ਮਠਿਆਈ ਨਹੀਂ ਲੈ ਕੇ ਆਇਆ। ਉਨ੍ਹਾਂ ਦੱਸਿਆ ਕਿ ਸਿੱਧੂ ਪੰਜਾਬ ਅਤੇ ਪਿੰਡ ਦਾ ਮਾਣ ਸੀ। ਉਸ ਦੇ ਕਤਲ ਤੋਂ ਬਾਅਦ ਪਿੰਡ ਦੇ ਚੁੱਲ੍ਹੇ ਠੰਡੇ ਪੈ ਗਏ ਹਨ। ਉਨ੍ਹਾਂ ਦੀ ਸਮਾਧ ‘ਤੇ ਰੋਜ਼ਾਨਾ ਸੈਂਕੜੇ ਲੋਕ ਸ਼ਰਧਾਂਜਲੀ ਦੇਣ ਲਈ ਆਉਂਦੇ ਹਨ। ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਐਲਾਨ ਕੀਤਾ ਗਿਆ ਹੈ ਕਿ ਇਸ ਵਾਰ ਦੀਵਾਲੀ ਕਾਲੀ ਮਨਾਈ ਜਾਵੇਗੀ।

ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਕੱਢਿਆ ਜਾਵੇਗਾ ਕੈਂਡਲ ਮਾਰਚ 

ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਕੈਂਡਲ ਮਾਰਚ ਕੱਢਿਆ ਜਾਵੇਗਾ। ਜ਼ਿਕਰਯੋਗ ਹੈ ਕਿ 29 ਮਈ ਨੂੰ ਪਿੰਡ ਜਵਾਹਰਕੇ ‘ਚ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਇਸ਼ਾਰੇ ‘ਤੇ ਸਿੱਧੂ ਮੂਸੇਵਾਲਾ ਨੂੰ ਸ਼ਾਰਪ ਸ਼ੂਟਰਾਂ ਨੇ ਮਾਰ ਦਿੱਤਾ ਸੀ।

“ਸਰਕਾਰ ਤੇ ਪੁਲਿਸ ਤੋਂ ਇਨਸਾਫ਼ ਦੀ ਉਮੀਦ ਨਹੀਂ” 

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਸੀ ਕਿ ਸਾਨੂੰ ਕਿਸੇ ਸਰਕਾਰ ਤੇ ਪੁਲਿਸ ਤੋਂ ਇਨਸਾਫ਼ ਦੀ ਉਮੀਦ ਨਹੀਂ ਹੈ। ਸਰਕਾਰ ਇਸ ਮਾਮਲੇ ਵਿੱਚ ਕਾਰਵਾਈ ਕਰਨ ਦੀ ਬਜਾਏ ਸਿਰਫ਼ ਲੀਪਾਪੋਤੀ ਹੀ ਕਰ ਰਹੀ ਹੈ। ਪੰਜਾਬ ਪੁਲਿਸ ਗੈਂਗਸਟਰਾਂ ਦੇ ਫਰਜ਼ੀ ਰਿਮਾਂਡ ਲੈ ਕੇ ਦਿਖਾਵਾ ਕਰਨ ‘ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਗੈਂਗਸਟਰ ਦਾ ਫਰਾਰ ਹੋਣਾ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਗੈਂਗਸਟਰਾਂ ਨਾਲ ਤਸਵੀਰਾਂ ਖਿਚਵਾਉਣਾ ਸਾਬਤ ਕਰਦਾ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਪੁਲਿਸ ਕਿੰਨੀ ਲਾਪਰਵਾਹ ਹੈ।

NO COMMENTS