*ਮਰੀਜ਼ਾਂ ਨੂੰ ਜ਼ਰੂਰੀ ਦਵਾਈਆਂ ਮੁਫ਼ਤ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ-ਸਿਵਲ ਸਰਜਨ*

0
61

ਮਾਨਸਾ 05 ਨਵੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮੰਤਵ ਨਾਲ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਵੀਡੀਓ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਰੇ ਮਰੀਜ਼ਾਂ ਨੂੰ ਜ਼ਰੂਰੀ ਦਵਾਈਆਂ ਮੁਫ਼ਤ ਮੁੱਹਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ।
          ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਸਮੇਤ ਡੀ.ਐਮ.ਸੀ. ਅਤੇ ਚੀਫ ਫਾਰਮੇਸੀ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਵਿਖੇ ਲੋੜ ਅਨੁਸਾਰ ਦਵਾਈਆਂ ਉਪਲਬਧ ਕਰਾਈਆਂ ਜਾਣ ਅਤੇ ਜੇਕਰ ਕਿਸੇ ਵੀ ਹਸਪਤਾਲ ਜਾਂ ਸਿਹਤ ਸੰਸਥਾ ਵਿਖੇ ਕਿਸੇ ਤਰ੍ਹਾਂ ਦੀ ਦਵਾਈ ਖਤਮ ਹੁੰਦੀ ਹੈ ਤਾਂ ਤੁਰੰਤ ਜ਼ਿਲ੍ਹੇ ਦੇ ਸਟੋਰ ਕੀਪਰ ਅਤੇ ਸੰਬੰਧਿਤ ਵੇਅਰ ਹਾਊਸ ਨਾਲ ਤਾਲਮੇਲ ਕਰਕੇ ਦਵਾਈਆਂ ਤੇ ਟੈਸਟ ਲਈ ਜਰੂਰੀ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਸਿਹਤ ਸੰਸਥਾਵਾਂ ਵਿਖੇ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ।
ਉਨ੍ਹਾਂ ਸਮੂਹ ਡਾਕਟਰਾਂ ਨੂੰ ਹਦਾਇਤ ਕੀਤੀ  ਕਿ ਇਸ ਜ਼ਿਲ੍ਹੇ ਦੀਆਂ ਸੰਸਥਾਵਾਂ ਵਿਖੇ ਆਉਣ ਵਾਲੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਹਸਪਤਾਲਾਂ ਦੇ ਅੰਦਰੋਂ ਹੀ ਮੁਹੱਈਆ ਕਰਵਾਈਆਂ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਦਵਾਈ ਬਾਹਰੋਂ ਨਾ ਲਿਖੀ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਸਾਫ-ਸਫਾਈ,  ਪੀਣ ਵਾਲੇ ਪਾਣੀ ਦੇ ਪ੍ਰਬੰਧ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਇਸ ਦੇ ਨਾਲ ਹੀ ਕਿਸੇ ਵੀ ਸਿਹਤ ਸੰਸਥਾ ਵਿੱਚ ਅਲਟਰਾਸਾਊਂਡ, ਈ.ਸੀ.ਜੀ. ਮਸ਼ੀਨ ਆਕਸੀਜਨ  ਪਲਾਂਟ, ਵਾਟਰ ਕੂਲਰ ਅਤੇ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਕਿਸੇ ਗੀਜਰ ਜਾਂ ਹੀਟਰ ਦੀ ਜਰੂਰਤ ਹੈ, ਉਹ ਮੁਹੱਈਆ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਸਤੂ ਵਿੱਚ ਕੋਈ ਤਕਨੀਕੀ ਖਰਾਬੀ ਹੈ ਤਾਂ ਉਸਨੂੰ ਤੁਰੰਤ ਆਪਣੇ ਪੱਧਰ ’ਤੇ ਠੀਕ ਕਰਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਵਸਤੂ ਲੋਕਲ ਪੱਧਰ ’ਤੇ ਠੀਕ ਨਹੀਂ ਹੁੰਦੀ ਤਾਂ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ। 

NO COMMENTS