
ਬਠਿੰਡਾ , 1ਮਈ (ਸਾਰਾ ਯਹਾਂ/ਬੀਰਬਲ ਧਾਲੀਵਾਲ) :ਭਾਵੇਂ ਕੋਰੋਨਾ ਮਹਾਂਮਾਰੀ ਦਾ ਕਹਿਰ ਪੂਰੇ ਦੇਸ਼ ਵਿੱਚ ਹੈ ਪਰ ਪੰਜਾਬ ਵਿੱਚ ਵਧਦੇ ਕੋਰੋਨਾ ਦੇ ਕੇਸਾਂ ਅਤੇ ਸਭ ਤੋਂ ਵੱਧ ਮੌਤ ਦਰ ਨੇ ਨਾ ਕੇਵਲ ਚਿੰਤਾ ਵਧਾ ਦਿੱਤੀ ਹੈ ਪਰ ਸਰਕਾਰ ਦੇ ਪ੍ਰਬੰਧਾਂ ਦੀ ਪੋਲ ਵੀ ਖੋਲ੍ਹ ਕੇ ਰੱਖ ਦਿੱਤੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਪ੍ਰੋ ਬਲਜਿੰਦਰ ਕੌਰ (ਐਮ.ਐਲ.ਏ), ਪ੍ਰੋਫ਼ੈਸਰ ਰੁਪਿੰਦਰ ਰੂਬੀ (ਐਮ.ਐਲ.ਏ) ਅਤੇ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਨੀਲ ਗਰਗ ਨੇ ਕਿਹਾ ਕਿ ਪੰਜਾਬ ‘ਚ ਕੋਰੋਨਾ ਦੀ ਮੌਤ ਦਰ ਖ਼ਰਾਬ ਸਿਹਤ ਸੇਵਾਵਾਂ ਦੇ ਢਾਂਚੇ ਦਾ ਨਤੀਜਾ ਹੈ।
ਆਪ ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਸਿਹਤ ਸੇਵਾਵਾਂ ਦੀ ਮਾੜੀ ਹਾਲਤ ਲਈ ਪਿਛਲੀ ਅਕਾਲੀ ਭਾਜਪਾ ਸਰਕਾਰ ਅਤੇ ਮੌਜੂਦਾ ਕੈਪਟਨ ਸਰਕਾਰ ਜ਼ਿੰਮੇਵਾਰ ਹਨ।
ਪੰਜਾਬ ਵਿੱਚ ਅੱਜ ਤੱਕ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਪਾਰਟੀਆਂ ਦੀਆਂ ਹੀ ਸਰਕਾਰਾਂ ਰਹੀਆਂ ਹਨ। ਸੂਬੇ ਦੇ ਲੋਕ ਇੱਕ ਪਾਰਟੀ ਦੀ ਸਰਕਾਰ ਤੋਂ ਦੁੱਖੀ ਹੋ ਕੇ ਦੂਜੀ ਪਾਰਟੀ ਨੂੰ ਪੰਜਾਬ ਦੀ ਸੱਤਾ ਸੌਂਪਦੇ ਰਹੇ ਹਨ, ਪਰ ਕੈਪਟਨ ਅਤੇ ਬਾਦਲ ਨੇ ਨਿੱਜੀ ਹਸਪਤਾਲਾਂ ਨੂੰ ਵਧਾਉਣ ਦੇ ਚੱਕਰ ਵਿੱਚ ਸਰਕਾਰੀ ਹਸਪਤਾਲਾਂ ਦਾ ਬੁਰਾ ਹਾਲ ਕਰ ਦਿੱਤਾ। ਜੇ ਪਿਛਲੇ ਚਾਰ ਸਾਲਾਂ ਦੀ ਗੱਲ ਕਰੀਏ ਤਾਂ ਕੈਪਟਨ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਠੀਕ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ ਗਿਆ।
ਸੂਬੇ ਦੇ ਸਰਕਾਰੀ ਹਸਪਤਾਲਾਂ ਦੀ ਸਥਿਤੀ ਬੇਹੱਦ ਖਰਾਬ ਹੈ। ਕੈਪਟਨ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਇੱਕ ਵੀ ਨਵਾਂ ਸਰਕਾਰੀ ਹਸਪਤਾਲ ਨਹੀਂ ਬਣਾਇਆ। ਜਿਹੜੇ ਸਰਕਾਰੀ ਹਸਪਤਾਲ ਹਨ, ਉਨ੍ਹਾਂ ਵਿੱਚ ਵੀ ਸਾਧਨਾਂ ਅਤੇ ਮੈਡੀਕਲ ਸਟਾਫ ਦੀ ਘਾਟ ਹੈ। ਅੱਜ ਹਸਪਤਾਲਾਂ ਵਿੱਚ ਨਾ ਡਾਕਟਰ ਹਨ, ਨਾ ਚੰਗੀਆਂ ਲੈਬੋਰੇਟਰੀਆਂ ਹਨ, ਨਾ ਦਵਾਈਆਂ, ਨਾ ਆਕਸੀਜਨ ਅਤੇ ਨਾ ਹੀ ਵੈਂਟੀਲੇਟਰ। ਪੂਰੇ ਬਠਿੰਡਾ ਜ਼ਿਲ੍ਹੇ ਦੇ ਵਿੱਚ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਕਰੋਨਾ ਦੇ ਗੰਭੀਰ ਮਰੀਜ਼ਾਂ ਵਾਸਤੇ ਇਕ ਵੀ ਲੈਵਲ-3 ਦਾ ਬੈੱਡ ਨਹੀਂ ਹੈ।

ਐਮ ਐਲ ਏ ਰੁਪਿੰਦਰ ਰੂਬੀ ਨੇ ਮੰਗ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਕੋਰੋਨਾ ਨਾਲ ਲੜਨ ਲਈ, ਆਕਸੀਜਨ, ਵਰਤੀਆਂ ਜਾਣ ਵਾਲੀਆਂ ਦਵਾਈਆਂ, ਆਦਿ ਦਾ ਫੌਰੀ ਤੌਰ ਤੇ ਪ੍ਰਬੰਧ ਕਰੇ ਤਾਂ ਕਿ ਲੋਕਾਂ ਵਿੱਚ ਕਿਸੇ ਕਿਸਮ ਦਾ ਡਰ ਜਾਂ ਸਹਿਮ ਪੈਦਾ ਨਾ ਹੋਵੇ ਬਲਕ ਲੋਕ ਹੌਸਲੇ ਦੇ ਨਾਲ ਕੋਰੋਨਾ ਦਾ ਮੁਕਾਬਲਾ ਕਰ ਸਕਣ।
ਪਿਛਲੀ ਬਾਦਲ ਸਰਕਾਰ ਦੀ ਅਲੋਚਨਾ ਕਰਦਿਆਂ ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਬਾਦਲਾਂ ਨੇ ਪੰਜਾਬ ਵਿੱਚ ਸਰਕਾਰੀ ਹਸਪਤਾਲਾਂ ਦੀ ਕੀਮਤੀ ਜਮੀਨ ‘ਤੇ ਨਿੱਜੀ ਹਸਪਤਾਲ ਬਣਾਏ ਤੇ ਹੁਣ ਮੌਜੂਦਾ ਕੈਪਟਨ ਸਰੱਕਰ ਵੀ ਓਸੇ ਰਾਹ ਤੇ ਚੱਲ ਰਹੀ ਹੈ। ਇਨ੍ਹਾਂ ਸਰਕਾਰਾਂ ਨੇ ਸਰਕਾਰੀ ਹਸਪਤਾਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਦਾ ਖਮਿਆਜਾ ਅੱਜ ਪੰਜਾਬ ਦੇ ਲੋਕਾਂ ਨੂੰ ਭੁਗਤਨਾ ਪੈ ਰਿਹਾ ਹੈ। ਉਨ੍ਹਾਂ ਸਵਾਲ ਕਰਦਿਆਂ ਕਿਹਾ ਕਿ ਕੈਪਟਨ ਅਤੇ ਬਾਦਲ ਸੂਬੇ ਦੇ ਲੋਕਾਂ ਨੂੰ ਜਵਾਬ ਦੇਣ ਕਿ ਉਨ੍ਹਾਂ ਜਿਹੜੇ ਲੋਕਾਂ ਨੂੰ ਨਿੱਜੀ ਹਸਪਤਾਲ ਖੋਲ੍ਹਣ ਲਈ ਮੁਫਤ ‘ਚ ਜਮੀਨ ਦਿੱਤੀ ਹੈ, ਉਹ ਅੱਜ ਕਿੰਨੇ ਗਰੀਬ ਲੋਕਾਂ ਦਾ ਇਲਾਜ ਕਰ ਰਹੇ ਹਨ? ਨੀਲ ਗਰਗ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿਹਤ ਸੇਵਾਵਾਂ ਨੂੰ ਚੰਗਾ ਬਣਾਉਣ ਲਈ ਤੁਰੰਤ ਵੱਡੀ ਸੰਖਿਆਂ ਵਿੱਚ ਡਾਕਟਰਾਂ ਅਤੇ ਮੈਡੀਕਲ ਸਟਾਫ ਦੀ ਭਰਤੀ ਕੀਤੀ ਜਾਵੇ ਅਤੇ ਸਿਹਤ ਵਿਭਾਗ ਨੂੰ ਕੋੋਰੋਨਾ ਨਾਲ ਨਜਿੱਠਣ ਲਈ ਵਿਸ਼ੇਸ਼ ਬਜਟ ਜਾਰੀ ਕੀਤਾ ਜਾਵੇ।
