ਮਾਨਸਾ, 02 ਅਕਤੂਬਰ (ਸਾਰਾ ਯਹਾਂ): ਮਹਾਤਮਾ ਗਾਂਧੀ ਜੀ ਦੇ 152ਵੇਂ ਜਨਮ ਦਿਹਾੜੇ ਨੂੰ ਸਮਰਪਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਕਰਕੇ ਪਾਣੀ ਦੀ ਸੰਭਾਲ ਅਤੇ ਸਵੱਛਤਾ ਦਿਹਾੜਾ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨਿਅਰ ਸ਼੍ਰੀ ਕੇਵਲ ਗਰਗ ਅਤੇ ਸ਼੍ਰੀ ਰਵਿੰਦਰ ਬਾਂਸਲ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਦੇ 22 ਪਿੰਡਾਂ ਵਿੱਚ ਸਮਾਗਮ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਗ੍ਰਾਮ ਸਭਾਵਾਂ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜਲ ਜੀਵਨ ਮਿਸ਼ਨ ਹਰ ਘਰ ਨਲ ਅਤੇ ਹਰ ਘਰ ਜਲ, ਗ੍ਰਾਮ ਪੰਚਾਇਤ ਅਤੇ ਜਲ, ਸੈਨੀਟੇਸ਼ਨ ਕਮੇਟੀ ਬਣਤਰ ਅਤੇ ਇਸਦੇ ਰੋਲ ਬਾਰੇ ਲੋਕਾਂ ਨੂੰ ਦੱਸਿਆ ਗਿਆ। ਇਸ ਦੌਰਾਨ ਪਿੰਡਾਂ ਦੀਆਂ ਔਰਤਾਂ ਨੂੰ ਪਾਣੀ ਦੀ ਟੈਸਟਿੰਗ ਟ੍ਰੇਨਿੰਗ ਦਿੱਤੀ ਗਈ, ਤਾਂ ਕਿ ਉਹ ਆਪਣੇ ਪੱਧਰ ’ਤੇ ਵੀ ਪਾਣੀ ਦੀ ਜਾਂਚ ਕਰ ਸਕਣ। ਪਿੰਡ ਦੇ ਲੋਕਾਂ ਨੂੰ ਪਾਣੀ ਦੀ ਸਾਂਭ-ਸੰਭਾਲ ਅਤੇ ਸਾਫ਼ ਸਫਾਈ ਸਬੰਧੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਮਹਿਕਮੇ ਵੱਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪਾਣੀ ਦੀ ਸਾਂਭ-ਸੰਭਾਲ ਅਤੇ ਸਵੱਛਤਾ ਨੂੰ ਅਧਾਰ ਬਣਾ ਕੇ ਲੋਕਾਂ ਨੂੰ ਇਸ ਪ੍ਰਤੀ ਸੰਜੀਦਗੀ ਪੈਦਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨੇ ਇਨ੍ਹਾਂ ਗ੍ਰਾਮ ਸਭਾਵਾਂ ਵਿੱਚ ਹਿੱਸਾ ਲਿਆ।