
ਚੰਡੀਗੜ੍ਹ, 8 ਦਸੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਮੋਹਾਲੀ ਵਿੱਚ 15ਵੇਂ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਚਾਹਵਾਨ ਵਿਦਿਆਰਥੀ https://recruitment-portal.in ਪੋਰਟਲ ’ਤੇ ਜਾ ਕੇ 22 ਦਸੰਬਰ, 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।
ਅੱਜ ਇਹ ਜਾਣਕਾਰੀ ਸਾਂਝੀ ਕਰਦਿਆਂ ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੇ ਐਚ.ਚੌਹਾਨ, ਵੀ.ਐਸ.ਐਮ., ਨੇ ਦੱਸਿਆ ਕਿ ਇਸ ਕੋਰਸ ਲਈ ਦਾਖ਼ਲਾ ਪ੍ਰੀਖਿਆ 12 ਜਨਵਰੀ, 2025 ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਐਨ.ਡੀ.ਏ. ਵਿੱਚ ਜਾਣ ਦੇ ਚਾਹਵਾਨ 10ਵੀਂ ਜਮਾਤ ਦੇ ਵਿਦਿਆਰਥੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਨਵੇਂ ਕੋਰਸ ਲਈ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਇਸ ਸਮੇਂ 11ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਵੀ ਅਪਲਾਈ ਕਰ ਸਕਦੇ ਹਨ, ਪਰ ਉਨ੍ਹਾਂ ਨੂੰ ਉਮਰ ਸਬੰਧੀ ਮਾਪਦੰਡਾਂ ਨੂੰ ਪੂਰਾ ਕਰਨ ਉਪਰੰਤ ਹੀ 11ਵੀਂ ਜਮਾਤ ਵਿੱਚ ਦਾਖ਼ਲਾ ਦਿੱਤਾ ਜਾਵੇਗਾ। ਯੋਗਤਾ ਦੇ ਮਾਪਦੰਡ ਸੰਸਥਾ ਦੀ ਵੈੱਬਸਾਈਟ https://www.afpipunjab.org ਉਤੇ ਉਪਲਬਧ ਹਨ।
ਇਸ ਸੰਸਥਾ ਦੀਆਂ ਪ੍ਰਾਪਤੀਆਂ ਬਾਰੇ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦੇ ਹੁਣ ਤੱਕ ਕੁੱਲ 238 ਕੈਡਿਟ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ ਅਤੇ 160 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ ਹਨ। ਉਹਨਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਨਤੀਜੇ ਪੂਰੇ ਦੇਸ਼ ਵਿੱਚੋਂ ਸਭ ਤੋਂ ਸ਼ਾਨਦਾਰ ਰਹੇ ਹਨ ਅਤੇ ਸੰਸਥਾ ਦੇ ਕੈਡਿਟਾਂ ਨੇ ਦੇਸ਼ ਭਰ ਵਿੱਚ ਪੰਜਾਬ ਦਾ ਨਾਂ ਉੱਚਾ ਕੀਤਾ ਹੈ। ਉਨ੍ਹਾਂ ਨੇ ਰੱਖਿਆ ਅਧਿਕਾਰੀ ਬਣਨ ਦੇ ਇੱਛੁਕ ਵਿਦਿਆਰਥੀਆਂ ਨੂੰ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਨਵੇਂ ਕੋਰਸ ਲਈ ਅਪਲਾਈ ਕਰਨ ਵਾਸਤੇ ਪ੍ਰੇਰਿਆ।
