*ਮਾਣਯੋਗ ਸੁਪਰੀਮ ਕੋਰਟ ਵਿੱਚ 29 ਜੁਲਾਈ ਤੋਂ 03 ਅਗਸਤ ਤੱਕ ਲੱਗੇਗੀ ਸਪੈਸ਼ਲ ਲੋਕ ਅਦਾਲਤ*

0
20

ਮਾਨਸਾ, 27 ਮਈ: (ਸਾਰਾ ਯਹਾਂ/ਮੁੱਖ ਸੰਪਾਦਕ)
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ, ਮੋਹਾਲੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਾਣਯੋਗ ਸੁਪਰੀਮ ਕੋਰਟ ਵਿਖੇ 29 ਜੁਲਾਈ ਤੋਂ 03 ਅਗਸਤ, 2024 ਤੱਕ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਅਮਿਤ ਕੁਮਾਰ ਗਰਗ ਨੇ ਦੱਸਿਆ ਕਿ ਜੇਕਰ ਕਿਸੇ ਦਾ ਵੀ ਕੇਸ ਸੁਪਰੀਮ ਕੋਰਟ ਵਿੱਚ ਲੰਬਿਤ ਹੈ ਅਤੇ ਦੂਜੀ ਧਿਰ ਨਾਲ ਸਮਝੌਤੇ ਉਪਰੰਤ ਸੁਪਰੀਮ ਕੋਰਟ ਵਿੱਚ ਲੱਗਣ ਵਾਲੀ ਸਪੈਸ਼ਲ ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਨਾ ਚਾਹੁੰਦੇ ਹਨ ਤਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਦੇ ਦਫ਼ਤਰ ਵਿੱਚ 28 ਜੁਲਾਈ, 2024 ਤੋਂ ਪਹਿਲਾਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰਕੇ ਆਪਣੇ ਕੇਸ ਦਾ ਨਿਪਟਾਰਾ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸਪੈਸ਼ਲ ਲੋਕ ਅਦਾਲਤ ਵਿਚ ਲੇਬਰ, ਚੈੱਕ ਨਾਲ ਸਬੰਧਤ ਮਾਮਲੇ (138 ਐਨ.ਆਈ.ਐਕਟ) ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜੇ ਦੇ ਮਾਮਲੇ, ਪਰਿਵਾਰਕ ਕਾਨੂੰਨ ਦੇ ਮਾਮਲੇ, ਸਰਵਿਸਜ਼ ਸਬੰਧੀ ਮਾਮਲੇ, ਰੈਂਟ ਸਬੰਧੀ ਮਾਮਲੇ, ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸਬੰਧਤ ਮੁੱਦੇ, ਮੋਰਟਗੇਜ਼ ਨਾਲ ਸਬੰਧਤ ਮਾਮਲੇ, ਖਪਤਕਾਰ ਸੁਰੱਖਿਆ ਦੇ ਮਾਮਲੇ, ਤਬਾਦਲਾ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਕਰਿਮੀਨਲ ਕੰਪਾਉਂਡੇਬਲ ਮਾਮਲੇ, ਜ਼ਮੀਨੀ ਵਿਵਾਦ ਨਾਲ ਸਬੰਧਤ ਮਾਮਲੇ ਅਤੇ ਹੋਰ ਸਿਵਲ ਮਾਮਲੇ ਆਦਿ ਕਿਸਮਾਂ ਦੇ ਕੇਸ ਲਗਾਏ ਜਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਇਸ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਹੈ ਤਾਂ ਜੋ ਦੋਹਾਂ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ ਨਾਲ ਉਨ੍ਹਾਂ ਦੀ ਆਪਸੀ ਦੁਸ਼ਮਣੀ  ਘਟਾਈ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਈ ਕਾਨੂੰਨੀ ਸਹਾਇਤਾ ਦੀ ਜ਼ਰੂਰਤ ਹੈ ਤਾਂ ਉਹ ਮੁਫ਼ਤ ਕਾਨੂੰਨੀ ਸਹਾਇਤਾ ਨੰਬਰ 15100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

NO COMMENTS